
ਅੰਮ੍ਰਿਤਸਰ/ਏ.ਟੀ.ਨਿਊਜ਼: ਦਮਮਦੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਨੇ ਕਿਹਾ ਕਿ ਸਮੁੱਚੇ ਸਿੱਖ ਪੰਥ ਵਿੱਚ ਏਕਤਾ ਹੋਣੀ ਚਾਹੀਦੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਨਾਮ ਸਿੰਘ ਨੇ ਜਿੱਥੇ ਸਮੁੱਚੇ ਜਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉੱਥੇ ਉਨ੍ਹਾਂ ਕਿਹਾ ਕਿ ਸਿੱਖੀ ’ਤੇ ਵੱਡੇ ਹਮਲੇ ਹੋ ਰਹੇ ਹਨ ਜਿਸ ਲਈ ਸਮੁੱਚੇ ਸਿੱਖ ਪੰਥ ਨੂੰ ਇਕੱਠਾ ਹੋਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਵੇਂ ਅਕਾਲੀ ਦਲ ਦੇ ਪ੍ਰਧਾਨ ਬਨਣ ’ਤੇ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੀਹਾਂ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਖੜਾ ਕੀਤਾ ਸੀ, ਕਿਤੇ ਨਾ ਕਿਤੇ ਅਕਾਲੀ ਦਲ ਦੇ ਕੁਝ ਆਗੂ ਉਸ ਸਿਧਾਂਤ ਤੋਂ ਪਿੱਛੇ ਹਟੇ ਹਨ, ਜਿਸ ਨਾਲ ਸਾਡਾ ਵੱਡਾ ਨੁਕਸਾਨ ਹੋ ਰਿਹਾ ਹੈ। ਇਨ੍ਹਾਂ ਨੂੰ ਗੁਰਮਤਿ ਦੇ ਦਾਇਰੇ ਵਿੱਚ ਰਹਿ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਰੰਪਰਾ, ਮਾਨ ਮਰਿਆਦਾ ਅਨੁਸਾਰ ਸਿੱਖੀ ਸਿਧਾਂਤਾਂ ਅਨੁਸਾਰ ਕੌਮ ਦੀ ਚੜ੍ਹਦੀ ਕਲਾ ਲਈ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਪਸੀ ਮਤਭੇਦ ਖ਼ਤਮ ਕਰਨੇ ਚਾਹੀਦੇ ਹਨ, ਤਾਂ ਜੋ ਸ਼੍ਰੋਮਣੀ ਅਕਾਲੀ ਦਲ ਸੰਸਥਾ ਨੂੰ ਢਾਹ ਨਾ ਲੱਗੇ। ਉਨ੍ਹਾਂ ਅਮਰੀਕਾ ਵਿੱਚ ਹੋਏ ਐਕਸੀਡੈਂਟ ਤੋਂ ਬਾਅਦ ਟਰੱਕ ਡਰਾਇਵਰ ਨੂੰ ਹੋਈ ਬਹੁਤ ਵੱਡੀ ਸਜ਼ਾ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੱਸਿਆ। ਉਨ੍ਹਾਂ ਕਿਹਾ ਕਿ ਅਮੀਰਕਾ ਹਮੇਸ਼ਾ ਮਨੁੱਖੀ ਅਧਿਕਾਰਾਂ ਦੀ ਗੱਲ ਕਰਦਾ ਆ ਰਿਹਾ ਹੈ, ਇਸ ਮਾਮਲੇ ਵਿੱਚ ਵੀ ਮਾਨਵਤਾ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਸਿੱਖ ਟਰੱਕ ਡਰਾਇਵਰ ਦੇ ਮਾਮਲੇ ਵਿੱਚ ਇਨਸਾਫ਼ ਕਰਨਾ ਚਾਹੀਦਾ ਹੈ।