
ਚੰਡੀਗੜ੍ਹ, 11 ਅਕਤੂਬਰ:
ਪੰਜਾਬ ਰਾਜ ਬੀਜ ਪ੍ਰਮਾਣਨ ਸੰਸਥਾ ਵੱਲੋਂ ਮੱਕੀ ਦੇ ਫਾਊਂਡੇਸ਼ਨ ਬੀਜ ਦੀ ਬਿਜਾਈ ਖੇਤਾਂ ਦੀ ਬਜਾਏ ਕਾਗ਼ਜ਼ਾਂ ’ਚ ਦਿਖਾਉਣ ਦਾ ਗੋਰਖਧੰਦਾ ਬੇਪਰਦ ਹੋਇਆ ਹੈ। ਫ਼ਸਲੀ ਵਿਭਿੰਨਤਾ ਦੇ ਰਾਹ ਪੈਣ ਵਾਲੇ ਕਿਸਾਨਾਂ ਨਾਲ ਇਹ ਵੱਡੀ ਠੱਗੀ ਦਾ ਮਾਮਲਾ ਹੈ। ਪੰਜਾਬ ਰਾਜ ਬੀਜ ਪ੍ਰਮਾਣਨ ਸੰਸਥਾ ਦੇ ਖੇਤਰੀ ਦਫ਼ਤਰ ਜਲੰਧਰ ਨੇ ਮੱਕੀ ਦੇ ਫਾਊਂਡੇਸ਼ਨ ਬੀਜ ਦੀ ਖੇਤਾਂ ਵਿਚ ਫ਼ਰਜ਼ੀ ਬਿਜਾਂਦ ਦਿਖਾ ਦਿੱਤੀ, ਜਿਸ ਦਾ ਪਤਾ ਉੱਚ ਪੱਧਰੀ ਪੜਤਾਲ ਦੌਰਾਨ ਲੱਗਿਆ ਹੈ। ਖੇਤੀ ਮੰਤਰੀ ਦੇ ਧਿਆਨ ਵਿਚ ਜਦੋਂ ਮਾਮਲਾ ਸ਼ਿਕਾਇਤਾਂ ਜ਼ਰੀਏ ਆਇਆ ਤਾਂ ਉਨ੍ਹਾਂ ਇਸ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਸਨ। ਪੰਜਾਬ ਰਾਜ ਪ੍ਰਮਾਣਨ ਸੰਸਥਾ ਨੇ ਪੜਤਾਲ ਲਈ ਵਿਸ਼ੇਸ਼ ਦਸਤੇ ਦਾ ਗਠਨ ਕੀਤਾ ਸੀ ਅਤੇ ਪੜਤਾਲ ਮਗਰੋਂ ਇਸ ਦੀ ਰਿਪੋਰਟ 8 ਅਕਤੂਬਰ ਨੂੰ ਖੇਤੀ ਮੰਤਰੀ ਨੂੰ ਸੌਂਪੀ ਸੀ। ਇਸ ਫ਼ਰਜ਼ੀ ਗੋਲਮਾਲ ਵਿਚ ਬੀਜ ਪ੍ਰਮਾਣਨ ਸਹਾਇਕ ਅਤੇ ਖੇਤਰੀ ਦਫ਼ਤਰ ਜਲੰਧਰ ਦੀ ਬੀਜ ਡੀਲਰਾਂ ਅਤੇ ਟਰੇਡਰਾਂ ਨਾਲ ਮਿਲੀਭੁਗਤ ਮਿਲੀ ਹੈ।