ਚੰਡੀਗੜ੍ਹ :
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਲਈ ਪਾਰਟੀ ਦੀ ਹਮਾਇਤ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਹਮਾਇਤ ਕਰਦੀ ਹੈ ਅਤੇ ਉਹ ਕਿਸਾਨੀ ਮੰਗਾਂ ਨੂੰ ਕੇਂਦਰ ਸਰਕਾਰ ਅੱਗੇ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਉਨ੍ਹਾਂ ਦੀ ਲੜਾਈ ਕੇਂਦਰ ਸਰਕਾਰ ਨਾਲ ਜਾਰੀ ਰਹਿਣੀ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਵਰਗੀਆਂ ਪੰਜਾਬ ਦੀਆਂ ਸਰਹੱਦਾਂ ਨੂੰ ਰੋਕਣ ਨਾਲ ਸੂਬੇ ਦੀ ਆਰਥਿਕਤਾ ਅਤੇ ਵਪਾਰ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ, ‘‘ਪੰਜਾਬ ਇਸ ਸਮੇਂ ਨਸ਼ਿਆਂ ਵਿਰੁੱਧ ਇੱਕ ਨਾਜ਼ੁਕ ਲੜਾਈ ਲੜ ਰਿਹਾ ਹੈ। ਇਸ ਲੜਾਈ ਨੂੰ ਜਿੱਤਣ ਲਈ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਜ਼ਰੂਰੀ ਹੈ। ਜੇ ਉਦਯੋਗ ਠੱਪ ਹੋ ਜਾਂਦੇ ਹਨ ਅਤੇ ਵਪਾਰ ’ਚ ਵਿਘਨ ਪੈਂਦਾ ਹੈ ਤਾਂ ਅਸੀਂ ਆਪਣੇ ਨੌਜਵਾਨਾਂ ਲਈ ਨੌਕਰੀਆਂ ਕਿਵੇਂ ਪੈਦਾ ਕਰਾਂਗੇ।’’ ਪੰਜਾਬ ਦੇ ਇੱਕ ਹੋਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਹਾਈਵੇਅ ਬੰਦ ਹੋਣ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇੱਕ ਸਾਲ ਤੋਂ ਵੱਧ ਸਮੇਂ ਤੋਂ ਪੰਜਾਬ ਦੀਆਂ ਸਰਹੱਦਾਂ ਅਤੇ ਰਾਸ਼ਟਰੀ ਰਾਜਮਾਰਗ ਬੰਦ ਹੋਣ ਕਾਰਨ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਈਵੇਅ ਬੰਦ ਹੋਣ ਨਾਲ ਵਪਾਰ ਵਿੱਚ ਖੜੋਤ ਆਈ ਅਤੇ ਨਿਵੇਸ਼ ਨੂੰ ਝਟਕਾ ਲੱਗਿਆ ਹੈ ਜਿਸ ਕਾਰਨ ਸੂਬਾ ਰਾਸ਼ਟਰੀ ਸੰਪਰਕ ਤੋਂ ਅਲੱਗ-ਥਲੱਗ ਹੋ ਗਿਆ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਕੱਠਿਆਂ ਰਲ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਾਈਵੇਅ ਬੰਦ ਕਰਨਾ ਹੱਲ ਨਹੀਂ ਹੈ ਅਤੇ ਕੇਂਦਰ ਸਰਕਾਰ ਨਾਲ ਮੰਗਾਂ ਨੂੰ ਹੱਲ ਕਰਨ ਲਈ ਇੱਕਜੁੱਟ ਹੋਣਾ ਚਾਹੀਦਾ ਹੈ।
![]()
