ਸ਼ਹੀਦੀ ਸਮਾਗਮ ਦੌਰਾਨ ਜਥੇਦਾਰ ਗੜਗੱਜ ਦਾ ਵਿਰੋਧ ਦਮਦਮੀ ਟਕਸਾਲ ਤੇ ਦਲ ਖ਼ਾਲਸਾ ਵੱਲੋਂ ਕਿਉਂ?

In ਪੰਜਾਬ
June 04, 2025
ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ, 6 ਜੂਨ ਨੂੰ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਲੈ ਕੇ ਦਮਦਮੀ ਟਕਸਾਲ, ਦਲ ਖ਼ਾਲਸਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ ਤੇ ਧਮਕੀ ਦਿਤੀ ਜਾ ਰਹੀ ਹੈ ਕਿ ਜਥੇਦਾਰ ਨੂੰ ਸੰਦੇਸ਼ ਨਹੀਂ ਦੇਣ ਦਿੱਤਾ ਜਾਵੇਗਾ। ਇਹ ਵਿਵਾਦ ਸ਼ਹੀਦੀ ਸਮਾਗਮ ਦੀ ਪਵਿੱਤਰਤਾ ਅਤੇ ਸਿੱਖ ਪੰਥ ਦੀ ਏਕਤਾ ’ਤੇ ਡੂੰਘੇ ਸਵਾਲ ਖੜ੍ਹੇ ਕਰ ਰਿਹਾ ਹੈ। ਇਥੇ ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਸਦੀਆਂ ਤੋਂ ਸੰਗਤ ਦੀ ਸਾਂਝੇ ਸਲਾਹ-ਮਸ਼ਵਰੇ ਦੀ ਪਰੰਪਰਾ ’ਤੇ ਆਧਾਰਿਤ ਰਹੀ ਹੈ ਪਰ ਪਿਛਲੇ ਕੁਝ ਦਹਾਕਿਆਂ ਵਿੱਚ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਸਿਆਸਤ ਦੀ ਕਥਿਤ ਰਾਜਨੀਤਕ ਦਖਲਅੰਦਾਜ਼ੀ ਨੇ ਇਸ ਪ੍ਰਕਿਰਿਆ ਨੂੰ ਵਿਵਾਦਾਂ ਦੇ ਘੇਰੇ ਵਿੱਚ ਲਿਆ ਕੇ ਖੜਾ ਕਰ ਦਿੱਤਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਨੂੰ ਦਮਦਮੀ ਟਕਸਾਲ, ਦਲ ਖ਼ਾਲਸਾ, ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਪੰਥਕ ਧਿਰਾਂ ਨੇ ਪ੍ਰਵਾਨ ਨਹੀਂ ਕੀਤਾ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਹੁਣ ਸਪੱਸ਼ਟ ਸ਼ਬਦਾਂ ਵਿੱਚ ਐਲਾਨ ਕੀਤਾ ਹੈ ਕਿ ਉਹ ਜਥੇਦਾਰ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਦੇਸ਼ ਜਾਰੀ ਕਰਨ ਦੀ ਇਜਾਜ਼ਤ ਨਹੀਂ ਦੇਣਗੇ। ਟਕਸਾਲ ਦਾ ਮੰਨਣਾ ਹੈ ਕਿ ਜਥੇਦਾਰ ਦੀ ਨਿਯੁਕਤੀ ਸਮੁੱਚੇ ਪੰਥ ਦੀ ਸਹਿਮਤੀ ਨਾਲ ਹੋਣੀ ਚਾਹੀਦੀ ਹੈ। ਇਸ ਵਿਰੋਧ ਵਿੱਚ ਦਮਦਮੀ ਟਕਸਾਲ ਦੇ ਨਾਲ-ਨਾਲ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਵੀ ਸ਼ਾਮਲ ਹੋ ਕੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ 6 ਜੂਨ ਨੂੰ ਜਥੇਦਾਰ ਗੜਗੱਜ ਤੋਂ ਸਨਮਾਨ ਸਵੀਕਾਰ ਨਹੀਂ ਕਰਨਗੇ, ਕਿਉਂਕਿ ਉਨ੍ਹਾਂ ਨੂੰ ਪੰਥ ਵੱਲੋਂ ਪ੍ਰਵਾਨਿਤ ਜਥੇਦਾਰ ਨਹੀਂ ਮੰਨਿਆ ਜਾਂਦਾ। ਧਾਮੀ ਵੱਲੋਂ ਬਾਬਾ ਧੁੰਮਾ ਨੂੰ ਮਨਾਉਣ ਕੋਸ਼ਿਸ਼ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਸੰਕਟ ਨੂੰ ਹੱਲ ਕਰਨ ਦੀ ਕੋਸ਼ਿਸ਼ ਵਜੋਂ ਦਮਦਮੀ ਟਕਸਾਲ ਦੇ ਹੈਡਕੁਆਰਟਰ ਮਹਿਤਾ ਚੌਕ ਵਿਖੇ ਬਾਬਾ ਹਰਨਾਮ ਸਿੰਘ ਖ਼ਾਲਸਾ ਨਾਲ ਬੰਦ ਕਮਰੇ ਵਿੱਚ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਆਦਿ ਸ਼ਾਮਲ ਸਨ। ਇਹ ਮੁਲਾਕਾਤ ਡੇਢ ਘੰਟੇ ਤੱਕ ਚੱਲੀ, ਪਰ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਪੱਸ਼ਟ ਕੀਤਾ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਗੜਗੱਜ ਨੂੰ ਸੰਦੇਸ਼ ਜਾਰੀ ਕਰਨ ਜਾਂ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਜ਼ਿੰਮੇਵਾਰੀ ਸੌਂਪੀ, ਤਾਂ 6 ਜੂਨ ਨੂੰ ਸਖ਼ਤ ਵਿਰੋਧ ਕੀਤਾ ਜਾਵੇਗਾ। ਧਾਮੀ ਨੇ ਮੁਲਾਕਾਤ ਉਪਰੰਤ ਮੀਡੀਆ ਨੂੰ ਕਿਹਾ ਕਿ ਉਹ ਆਸ ਕਰਦੇ ਹਨ ਕਿ ਇੱਕ-ਦੋ ਦਿਨਾਂ ਵਿੱਚ ਵਿਵਾਦ ਦਾ ਸੁਖਾਵਾਂ ਹੱਲ ਨਿਕਲ ਆਵੇਗਾ। ਪਰ ਟਕਸਾਲ ਦੇ ਸਖ਼ਤ ਸਟੈਂਡ ਨੂੰ ਵੇਖਦਿਆਂ, ਇਹ ਸੰਕਟ ਅਸਾਨੀ ਨਾਲ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ। ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਸੁਝਾਅ ਦਿੱਤਾ ਕਿ ਸ਼੍ਰੋਮਣੀ ਕਮੇਟੀ ਨੂੰ ਇਸ ਵਾਰ ਸ਼ਹੀਦੀ ਸਮਾਗਮ ਦੀ ਜ਼ਿੰਮੇਵਾਰੀ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਸੌਂਪਣੀ ਚਾਹੀਦੀ ਹੈ। ਇਹ ਸੁਝਾਅ ਇੱਕ ਸਮਝੌਤੇ ਦੀ ਪੇਸ਼ਕਸ਼ ਹੈ, ਪਰ ਸਵਾਲ ਇਹ ਹੈ ਕਿ ਕੀ ਗਿਆਨੀ ਰਘਬੀਰ ਸਿੰਘ ਪੰਥਕ ਭਾਵਨਾਵਾਂ ਅਨੁਸਾਰ ਅਕਾਲ ਤਖ਼ਤ ਸਾਹਿਬ ਦੀ ਜ਼ਿੰਮੇਵਾਰੀ ਨਿਭਾਉਣ ਦੀ ਸਮਰੱਥਾ ਰੱਖਦੇ ਹਨ? ਪੰਥਕ ਹਲਕਿਆਂ ਦਾ ਮੰਨਣਾ ਹੈ ਕਿ ਗਿਆਨੀ ਰਘਬੀਰ ਸਿੰਘ ਨੇ ਪਹਿਲਾਂ ਵੀ ਪੰਥਕ ਹੁਕਮਨਾਮਿਆਂ ਨੂੰ ਪੂਰੀ ਤਰ੍ਹਾਂ ਨਿਭਾਉਣ ਵਿੱਚ ਅਸਮਰੱਥਤਾ ਦਿਖਾਈ ਹੈ। ਸਿਮਰਨਜੀਤ ਸਿੰਘ ਮਾਨ ਅਤੇ ਧੁੰਮੇ ਦੇ ਟਕਰਾਅ ਦੀ ਸੰਭਾਵਨਾ ਇਸ ਵਿਵਾਦ ਨੂੰ ਹੋਰ ਗੁੰਝਲਦਾਰ ਬਣਾਉਂਦੇ ਹੋਏ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਬਾਬਾ ਹਰਨਾਮ ਸਿੰਘ ਧੁੰਮੇ ਦੀਆਂ “ਹਰਕਤਾਂ” ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਜੇਕਰ ਧੁੰਮੇ ਨੇ ਜਥੇਦਾਰ ਗੜਗੱਜ ਦਾ ਵਿਰੋਧ ਕੀਤਾ, ਤਾਂ ਉਹ ਰੋਕਣ ਲਈ ਸਾਹਮਣੇ ਆਉਣਗੇ। ਇਸ ਦੇ ਜਵਾਬ ਵਿੱਚ, ਦਮਦਮੀ ਟਕਸਾਲ ਨੇ ਮਾਨ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਟਕਸਾਲ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹਨ, ਤਾਂ ਟਕਸਾਲ ਉਸ ਦਾ ਸਖ਼ਤ ਜਵਾਬ ਦੇਵੇਗੀ। ਇਸ ਤਰ੍ਹਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰ ਧਰਤੀ ’ਤੇ ਮਾਨ ਅਤੇ ਧੁੰਮੇ ਦੇ ਵਿਚਕਾਰ ਸੰਭਾਵੀ ਟਕਰਾਅ ਦੀ ਸੰਭਾਵਨਾ ਨੇ ਸਿੱਖ ਸੰਗਤ ਵਿੱਚ ਚਿੰਤਾ ਵਧਾ ਦਿੱਤੀ ਹੈ। ਬਾਦਲ ਅਕਾਲੀ ਨੇਤਾ ਪਰਮਬੰਸ ਸਿੰਘ ਰੋਮਾਣਾ ਨੇ ਵੀ ਇਸ ਮੁੱਦੇ ’ਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਨੂੰ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਬਾਬਾ ਹਰਨਾਮ ਸਿੰਘ ’ਤੇ ਦੋਸ਼ ਲਗਾਇਆ ਕਿ ਉਹ ਕੇਂਦਰੀ ਏਜੰਸੀਆਂ ਦੇ ਇਸ਼ਾਰੇ ’ਤੇ ਸ਼ਹੀਦੀ ਸਮਾਗਮ ਵਿੱਚ ਖਲਲ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੋਸ਼ ਨੇ ਵਿਵਾਦ ਨੂੰ ਹੋਰ ਗੰਭੀਰ ਕਰ ਦਿੱਤਾ ਹੈ। ਸੰਗਤਾਂ ਦਾ ਮੰਨਣਾ ਹੈ ਕਿ ਹਰ ਸਾਲ 6 ਜੂਨ ਨੂੰ ਮਨਾਇਆ ਜਾਣ ਵਾਲਾ ਸ਼ਹੀਦੀ ਸਮਾਗਮ ਸਿਰਫ਼ ਇੱਕ ਰਸਮ ਨਹੀਂ, ਸਗੋਂ ਸਿੱਖ ਸ਼ਹੀਦੀ ਦੀ ਰਵਾਇਤ ਦਾ ਪ੍ਰਤੀਕ ਹੈ ਪਰ ਇਸ ਵਾਰ, ਜਥੇਦਾਰ ਗੜਗੱਜ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਨੇ ਸ਼ਹੀਦੀ ਸਮਾਗਮ ਦੀ ਪਵਿੱਤਰਤਾ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜੇਕਰ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ, ਤਾਂ ਇਹ ਸਿੱਖ ਪੰਥ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਡੂੰਘੀ ਸੱਟ ਮਾਰ ਸਕਦੀ ਹੈ। ਸਰਬਤ ਖਾਲਸਾ: ਸੰਕਟ ਦਾ ਸੁਖਾਵਾਂ ਹੱਲ ਇਸ ਵਿਵਾਦ ਦਾ ਹੱਲ ਸਿਰਫ਼ ਅਸਥਾਈ ਸਮਝੌਤਿਆਂ ਵਿੱਚ ਨਹੀਂ, ਸਗੋਂ ਸਿੱਖ ਪੰਥ ਦੀ ਸਰਬਉੱਚ ਪਰੰਪਰਾ ‘ਸਰਬਤ ਖ਼ਾਲਸਾ’ ਦੇ ਸਿਧਾਂਤ ਵਿੱਚ ਹੈ। ਸਰਬਤ ਖਾਲਸਾ ਸੰਗਤ ਦੀ ਸਾਂਝੀ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਹੈ, ਜਿਸ ਰਾਹੀਂ ਪੰਥਕ ਮਸਲਿਆਂ ਦਾ ਸਾਰਥਕ ਹੱਲ ਕੱਢਿਆ ਜਾਂਦਾ ਹੈ। ਸ਼ਹੀਦੀ ਸਮਾਗਮ ਤੋਂ ਬਾਅਦ, ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਨੁਮਾਇੰਦਾ ਪੰਥਕ ਇਕੱਠ ਕਰਕੇ ਸਰਬਤ ਖਾਲਸਾ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ। ਇਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਕੀ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾ-ਮੁਕਤੀ ਅਤੇ ਮਰਿਆਦਾ ਸਬੰਧੀ ਇੱਕ ਸਪੱਸ਼ਟ ਢਾਂਚਾ ਘੜਿਆ ਜਾਣਾ ਚਾਹੀਦਾ ਹੈ। ਇਸ ਢਾਂਚੇ ਵਿੱਚ ਸਿੱਖ ਸੰਗਤ, ਪੰਥਕ ਜਥੇਬੰਦੀਆਂ, ਵਿਦਵਾਨ, ਇਤਿਹਾਸਕਾਰ, ਸਾਬਕਾ ਜੱਜ, ਵਕੀਲ, ਅਤੇ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਹੋਣੀ ਚਾਹੀਦੀ। ਸਰਬਤ ਖ਼ਾਲਸਾ ਦੀ ਪਰੰਪਰਾ ਨੂੰ ਮੁੜ ਜਗਾਉਣ ਨਾਲ ਨਾ ਸਿਰਫ਼ ਇਸ ਵਿਵਾਦ ਦਾ ਹੱਲ ਨਿਕਲੇਗਾ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਅਤੇ ਸਿੱਖ ਪੰਥ ਦੀ ਏਕਤਾ ਨੂੰ ਵੀ ਮਜ਼ਬੂਤੀ ਮਿਲੇਗੀ।

Loading