ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਮੀਟਿੰਗ

ਜੈਤੋ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਿਛਲੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿੱਚ ਗੱਲਬਾਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਿਤ ਕੀਤੀ ਕਮੇਟੀ ਨੇ ਪਿਛਲੇ ਦਿਨੀਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਇਸ ਵਫਦ ਵਿੱਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ ਅਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਸ਼ਾਮਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਫੈਸਲੇ ਤੋਂ ਬਾਅਦ ਪ੍ਰਬੰਧਕਾਂ ਵਿੱਚ ਕੁਝ ਮਤਭੇਦ ਪਾਏ ਗਏ ਸਨ, ਜਿਸ ਦਾ ਸਿੱਖ ਸੰਗਤ ’ਤੇ ਗਹਿਰਾ ਪ੍ਰਭਾਵ ਪੈ ਰਿਹਾ ਸੀ। ਇਸ ਮਸਲੇ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਵੱਲੋਂ ਇੱਕ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਮੀਟਿੰਗ ਕੀਤੀ ਹੈ। ਸਿੱਖ ਸੰਸਥਾ ਦਾ ਮਕਸਦ ਇਸ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਹੈ ਅਤੇ ਉਹ ਇਸ ਮੀਟਿੰਗ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜੋ ਆਦੇਸ਼ ਜਾਰੀ ਕੀਤੇ ਗਏ ਸਨ, ਇੱਥੋਂ ਦੀ ਪ੍ਰਬੰਧਕ ਕਮੇਟੀ ਨੇ ਵੀ ਉਸ ਨਾਲ ਸਹਿਮਤੀ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਅਸੀਂ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਸ਼੍ਰੋਮਣੀ ਕਮੇਟੀ ਦਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਆਸ ਹੈ ਕਿ ਇਹ ਮਾਮਲਾ ਜਲਦ ਹੱਲ ਹੋ ਜਾਵੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ, ਕੋਆਰਡੀਨੇਟਰ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਤੋਂ ਇਲਾਵਾ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ, ਮੀਤ ਪ੍ਰਧਾਨ ਸ. ਮਹਿੰਦਰ ਪਾਲ ਸਿੰਘ, ਜਨਰਲ ਸਕੱਤਰ ਸ. ਇੰਦਰਜੀਤ ਸਿੰਘ, ਸਕੱਤਰ ਸ. ਹਰਬੰਸ ਸਿੰਘ ਖਨੂੰਜਾ, ਸ. ਹਰਪਾਲ ਸਿੰਘ, ਮੈਂਬਰ ਸ. ਗੁਰਮੀਤ ਸਿੰਘ, ਸ. ਗੁਰਵਿੰਦਰ ਸਿੰਘ ਅਤੇ ਸ. ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

Loading