ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਅਹਿਮ ਮਤੇ ਪਾਸ

In ਪੰਜਾਬ
July 29, 2025

ਅੰਮ੍ਰਿਤਸਰ/ਏ.ਟੀ.ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਮਤਾ ਪਾਸ ਕਰ ਕੇ ਭਾਰਤ ਸਰਕਾਰ ਤੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਿਤ ਕਰਨ ਨੂੰ ਪ੍ਰਵਾਨਗੀ ਦੇ ਨਾਲ-ਨਾਲ ਕਈ ਹੋਰ ਅਹਿਮ ਫ਼ੈਸਲੇ ਕੀਤੇ ਹਨ। ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ’ਚ ਮਨਾਏ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਕੁਝ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੀ ਤਬਦੀਲੀ ਦਾ ਨੋਟੀਫਿਕੇਸ਼ਨ ਕੀਤਾ ਸੀ, ਜਿਸ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਇੱਕ ਇਤਿਹਾਸਕ ਮੌਕਾ ਹੈ, ਜਿਸ ’ਤੇ ਭਾਰਤ ਸਰਕਾਰ ਨੂੰ ਆਪਣੇ ਵੱਲੋਂ ਕੀਤਾ ਹੋਇਆ ਫੈਸਲਾ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਮਰੀਜ਼ਾਂ ਅਤੇ ਲੋੜਵੰਦਾਂ ਲਈ ਲੰਗਰ ਸੇਵਾ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਸੇਵਾ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਤੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਭੇਜੀ ਜਾਵੇਗੀ। ਇਕੱਤਰਤਾ ’ਚ ਰਘੂਜੀਤ ਸਿੰਘ ਵਿਰਕ, ਬਲਦੇਵ ਸਿੰਘ ਕਲਿਆਣ, ਸ਼ੇਰ ਸਿੰਘ ਮੰਡਵਾਲਾ, ਕੁਲਵੰਤ ਸਿੰਘ ਮੰਨਣ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ ਆਦਿ ਮੌਜੂਦ ਸਨ। ਬਾਕਸ: ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਿਤ ਕਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਯੂਨੀਵਰਸਿਟੀ ਵੱਲੋਂ ਕਾਰਵਾਈ ਮੁਕੰਮਲ ਕਰਨ ਉਪਰੰਤ ਇਸ ਨੂੰ ਕਾਰਜਸ਼ੀਲ ਕਰ ਦਿੱਤਾ ਜਾਵੇਗਾ। ਇਸ ਵਿੱਚ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਯਾਤਰਾਵਾਂ ਅਤੇ ਸ਼ਹਾਦਤ ਬਾਰੇ ਮੌਲਿਕ ਅਤੇ ਖੋਜ ਕਾਰਜ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਪਾਵਨ ਗੁਰਬਾਣੀ ਬਾਰੇ ਦਾਰਸ਼ਨਿਕ ਅਧਿਐਨ ਦਾ ਕੰਮ ਕੀਤਾ ਜਾਵੇਗਾ।
ਰਾਜਸਥਾਨ ’ਚ ਬੀਤੇ ਦਿਨੀਂ ਗੁਰਸਿੱਖ ਲੜਕੀ ਨੂੰ ਪੇਪਰ ਦੇਣ ਤੋਂ ਰੋਕਣ ਦੇ ਮਾਮਲੇ ਬਾਰੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵੀ ਇਸ ਦੇਸ਼ ਦੇ ਬਾਸ਼ਿੰਦੇ ਹਨ, ਜਦ ਦੇਸ਼ ਦਾ ਸੰਵਿਧਾਨ ਸਿੱਖਾਂ ਨੂੰ ਪੰਜ ਕਕਾਰ ਰੱਖਣ ਦੀ ਖੁੱਲ੍ਹ ਦਿੰਦਾ ਹੈ ਤੇ ਕੁਝ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਹਰਕਤਾਂ ਸਿੱਖ ਮਨਾਂ ਨੂੰ ਸੱਟ ਮਾਰਦੀਆਂ ਹਨ। ਪਹਿਲਾਂ ਵੀ ਅਜਿਹਾ ਮਾਮਲਾ ਆਇਆ ਸੀ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਮਾਮਲੇ ਵਿੱਚ ਵੀ ਸੰਸਥਾ ਵੱਲੋਂ ਢੁੱਕਵੇਂ ਕਦਮ ਚੁੱਕੇ ਜਾਣਗੇ।
ਐਡਵੋਕੇਟ ਧਾਮੀ ਨੇ ਭਾਰਤ ਅਤੇ ਪਾਕਿਸਤਾਨ ਵਿੱਚ ਪਿਛਲੇ ਸਮੇਂ ਬਣੇ ਤਲਖੀ ਭਰੇ ਹਾਲਾਤ ਕਾਰਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ’ਤੇ ਲਗਾਈ ਗਈ ਰੋਕ ਨੂੰ ਤੁਰੰਤ ਹਟਾਉਾਂਣਦੀ ਮੰਗ ਕਰਦਿਆਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਨੂੰ ਵੀ ਇਜਾਜ਼ਤ ਦਿੱਤੇ ਜਾਣ ਦੀ ਦੋਵਾਂ ਸਰਕਾਰਾਂ ਤੋਂ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਨਾਂਦੇੜ ਦੇ ਪ੍ਰਬੰਧਕਾਂ ਵੱਲੋਂ ਪੁੱਜੀ ਮੰਗ ਅਨੁਸਾਰ ਤਖ਼ਤ ਸਾਹਿਬ ਅਤੇ ਦੱਖਣ ਪ੍ਰਦੇਸ਼ ਦੀਆਂ ਸੰਗਤਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਪਾਵਨ ਸਰੂਪ ਸ਼੍ਰੋਮਣੀ ਕਮੇਟੀ ਵੱਲੋਂ ਮਰਿਆਦਾ ਅਨੁਸਾਰ ਭੇਜਣ ਦਾ ਵੀ ਫੈਸਲਾ ਕੀਤਾ ਗਿਆ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਬੀਤੇ ਦਿਨੀਂ ਸ੍ਰੀਨਗਰ ਵਿਖੇ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਹੋਈ ਮਰਿਆਦਾ ਦੀ ਉਲੰਘਣਾ ’ਤੇ ਨਿੰਦਾ ਮਤਾ ਵੀ ਪਾਸ ਕੀਤਾ ਗਿਆ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਯੋਗ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਹੈ।

Loading