ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਏ ਸਰਕਾਰ : ਗਿਆਨੀ ਹਰਪ੍ਰੀਤ ਸਿੰਘ

In ਮੁੱਖ ਖ਼ਬਰਾਂ
March 30, 2026

ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਪਿਛਲੇ ਦਿਨੀਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਵਿੱਚ 2015 ਦੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਹੁਣ ਤੱਕ ਬੇਅਦਬੀ ਘਟਨਾਵਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਜ਼ਾ ਦੇਣ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਮਾਮਲਿਆਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਕੋਈ ਠੋਸ ਯਤਨ ਨਹੀਂ ਕੀਤੇ ਗਏ ਹਨ। ਉਨ੍ਹਾਂ ਨੇ ਕਾਂਗਰਸ ਲੀਡਰਸ਼ਿਪ ’ਤੇ ਵੀ ਨਿਸ਼ਾਨਾ ਸੇਧਿਆ ਤੇ ਕਿਹਾ ਕਿ ਉਨ੍ਹਾਂ ਨੇ ਵੀ ਬੇਅਦਬੀ ਮਾਮਲੇ ’ਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਪੰਜਾਬ ਵਿੱਚੋਂ ਨਸ਼ੇ ਖਤਮ ਕਰਨ ਦੇ ਵਾਅਦੇ ਕੀਤੇ ਸਨ ਜੋ ਕਿ ਪੂਰੇ ਨਹੀਂ ਹੋਏ। ਸ਼੍ਰੋਮਣੀ ਅਕਾਲੀ ਦਲ (ਬਾਦਲ) ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਨੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਰਪ੍ਰਸਤੀ ਦਿੱਤੀ ਹੈ। ਵਿਰੋਧ ਪ੍ਰਦਰਸ਼ਨ ਵਿੱਚ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਈ ਸਾਲਾਂ ਤੋਂ ਨਹੀਂ ਹੋਈਆਂ। ਇਸ ਕਾਰਨ ਪ੍ਰਬੰਧਕੀ ਖਾਮੀਆਂ ਹਨ। ਉਨ੍ਹਾਂ ਕੁਝ ਆਗੂਆਂ ’ਤੇ ਗੁਰਦੁਆਰਿਆਂ ਦੀਆਂ ਜ਼ਮੀਨਾਂ ਵੇਚਣ ਦਾ ਦੋਸ਼ ਲਗਾਇਆ ਅਤੇ ਤੁਰੰਤ ਸਰਕਾਰੀ ਦਖਲ ਦੀ ਮੰਗ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਅੰਬ ਸਾਹਿਬ ਨਾਲ ਸਬੰਧਿਤ ਜ਼ਮੀਨ ਦੀ ਕਥਿਤ ਵਿਕਰੀ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।
ਉਨ੍ਹਾਂ ਸਰਕਾਰ ਨੂੰ ਪਾਰਦਰਸ਼ਤਾ ਅਤੇ ਸਹੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜਲਦੀ ਤੋਂ ਜਲਦੀ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਦੀ ਵੀ ਅਪੀਲ ਕੀਤੀ।

Loading