
ਅੰਮ੍ਰਿਤਸਰ/ਏ.ਟੀ.ਨਿਊਜ਼: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐਨ.ਐਸ.ਏ. ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਨੁਕਤਾਚੀਨੀ ਕੀਤੀ ਹੈ। ਇਸ ਮਾਮਲੇ ਸਬੰਧੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਸਮੇਤ ਵਫਦ ਨੇ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਥੇਦਾਰ ਗੜਗੱਜ ਨੇ ਇਸ ਮੌਕੇ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਵਿੱਚ ਅਜਿਹਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਜਥੇਦਾਰ ਨੇ ਇਸ ਮਾਮਲੇ ਤੋਂ ਇਲਾਵਾ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੱਖਾਂ ਦੇ ਮਾਮਲੇ ਨੂੰ ਪੰਥ ਦੀਆਂ ਸਮੂਹ ਜਥੇਬੰਦੀਆਂ ਅਤੇ ਸਿਆਸੀ ਧਿਰਾਂ ਨੂੰ ਇਕਜੁੱਟ ਹੋ ਕੇ ਨਜਿੱਠਣ ਲਈ ਆਖਿਆ।