ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਤਿੰਨ ਰੋਜ਼ਾ ਵਿਸ਼ੇਸ਼ ਵਿਦਿਅਕ ਸੈਸ਼ਨ ਕਰਵਾਏ ਜਾਣਗੇ। ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਏਡਿਡ ਸਕੂਲਾਂ ਵਿੱਚ 22 ਤੋਂ 24 ਦਸੰਬਰ ਤੱਕ ਸਵੇਰ ਦੀ ਸਭਾ ਵਿੱਚ 15 ਮਿੰਟ ਦੇ ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ। ਇਸ ਦੌਰਾਨ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸੈਸ਼ਨਾਂ ਵਿੱਚ ਵਰਤੀ ਜਾਣ ਵਾਲੀ ਵਿਦਿਅਕ ਸਮੱਗਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਤੋਂ ਪ੍ਰਮਾਣਿਤ ਹੋਵੇ ਤਾਂ ਜੋ ਇਸ ਦੇ ਇਤਿਹਾਸ, ਮਰਿਆਦਾ ਤੇ ਸਤਿਕਾਰ ਨੂੰ ਬਰਕਰਾਰ ਰੱਖਿਆ ਜਾ ਸਕੇ। ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਹੈੱਡਕੁਆਰਟਰ ਵਿੱਚ 22 ਤੋਂ 24 ਦਸੰਬਰ ਤੱਕ ਸਕੂਲੀ ਵਿਦਿਆਰਥੀਆਂ ਦੁਆਰਾ ਕੀਰਤਨ ਦਰਬਾਰ (ਸ਼ਾਮ 4 ਵਜੇ ਤੋਂ ਸ਼ਾਮ 6 ਵਜੇ ਤੱਕ) ਸਮੇਤ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਧਾਰਮਿਕ ਅਤੇ ਇਤਿਹਾਸਕ ਸਮਾਰੋਹ ਵੀ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਸਿੱਖ ਸ਼ਹੀਦਾਂ ਦੇ ਅਡੋਲ ਸਿਦਕ, ਦ੍ਰਿੜ੍ਹ ਨਿਸ਼ਚੇ ਅਤੇ ਬਹਾਦਰੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣਾ ਹੈ।
![]()
