
ਪਾਇਲ, 17 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ‘ਆਪ’ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਤਰਜੀਹ ਦੇ ਰਹੀ ਹੈ। ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਦੇ ਸਕੂਲਾਂ ਅਤੇ ਹਸਪਤਾਲਾਂ ਨੂੰ ਨਵਾਂ ਰੂਪ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਕਾਰਨ ਸੂਬੇ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਵਧੀਆਂ ਹਨ ਪਰ ਸੂਬਾ ਸਰਕਾਰ ਨੇ ਇਨ੍ਹਾਂ ਬੁਰਾਈਆਂ ਨੂੰ ਠੱਲ੍ਹ ਪਾਉਣ ਲਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਨੈਲ ਸਿੰਘ ਈਸੜੂ ਨੇ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀ 28 ਸਤੰਬਰ ਨੂੰ ਮੁਹਾਲੀ ਹਵਾਈ ਅੱਡੇ ਨੂੰ ਜਾਂਦੀ ਸੜਕ ’ਤੇ ਸ਼ਹੀਦ ਭਗਤ ਸਿੰਘ ਦਾ 35 ਫੁੱਟ ਦਾ ਬੁੱਤ ਲਾਇਆ ਜਾਵੇਗਾ।
ਸ਼ਹੀਦ ਦੀ ਪਤਨੀ ਦਾ ਬੜੌਲਾ ਵਿੱਚ ਵਿਸ਼ੇਸ਼ ਸਨਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਮਨਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ਼ਹੀਦ ਕਰਨੈਲ ਸਿੰਘ ਈਸੜੂ ਦੀ ਪਤਨੀ ਬੀਬੀ ਚਰਨਜੀਤ ਕੌਰ ਦਾ ਪਿੰਡ ਬੜੌਲਾ, ਤਹਿਸੀਲ ਤੇ ਜ਼ਿਲ੍ਹਾ ਅੰਬਾਲਾ ਹਰਿਆਣਾ ਵਿੱਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਹ ਠੀਕ ਨਾ ਹੋਣ ਕਾਰਨ ਸਮਾਗਮ ਵਿੱਚ ਨਹੀਂ ਪਹੁੰਚ ਸਕੇ ਸਨ।