ਅੰਮ੍ਰਿਤਸਰ:
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਅਕਾਲ ਪੁਰਖ ਕੀ ਫ਼ੌਜ ਜਥੇਬੰਦੀ ਦੇ ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਅਧਿਕਾਰ ਖੇਤਰ ਸਬੰਧੀ ਨਿਯਮ ਘੜਨ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਸਬੰਧੀ ਕੋਈ ਸਿਸਟਮ ਨਹੀਂ ਬਣੇਗਾ, ਓਨੀ ਦੇਰ ਅਜਿਹਾ ਵਾਪਰਦਾ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਅਤੇ ਹੋਰ ਤਖ਼ਤ ਸਾਹਿਬ ਕਿਸੇ ਇੱਕ ਪ੍ਰਬੰਧਕ ਕਮੇਟੀ ਦੇ ਹੇਠ ਨਹੀਂ ਹੋਣੇ ਚਾਹੀਦੇ ਹਨ ਕਿਉਂਕਿ ਇਹ ਪੰਥ ਦੀ ਧਾਰਮਿਕ, ਸਿਆਸੀ, ਸਮਾਜਿਕ ਤਰਜਮਾਨੀ ਦੇ ਪ੍ਰਤੀਕ ਹਨ ਅਤੇ ਇਸ ਨੂੰ ਚਲਾਉਣ ਦੀ ਜ਼ਿੰਮੇਵਾਰੀ ਵੀ ਪੰਥ ਦੀ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਜਥੇਦਾਰ ਦੀ ਜਾਂਚ ਦਾ ਹੱਕ ਸਿਰਫ਼ ਅਕਾਲ ਤਖ਼ਤ ਸਾਹਿਬ ਕੋਲ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਮਗਰੋਂ ਹੁਣ ਪੰਥ ਦੀਆਂ ਨਜ਼ਰਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲ ਹਨ। ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਫ਼ੈਸਲੇ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।