ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਤੋਂ ਕੇਂਦਰ ਸਰਕਾਰ ਵੱਲੋਂ ਨਾਂਹ ਕਰਨ ਨਾਲ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਭਾਰਤ ਸਰਕਾਰ ਦਾ ਕਹਿਣਾ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਕੇਂਦਰ ਦਾ ਸਿੱਖਾਂ ਨਾਲ ਵਿਤਕਰਾ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗ਼ਲਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਦੋਵੇਂ ਦੇਸ਼ਾਂ ਵਿਚਕਾਰ ਕ੍ਰਿਕਟ ਖੇਡਿਆ ਜਾ ਸਕਦਾ ਹੈ ਤਾਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਕਿਉਂ ਨਹੀਂ ਜਾ ਸਕਦਾ।
ਗਿਆਨੀ ਹਰਪ੍ਰੀਤ ਸਿੰਘ ਸਮੇਤ ਕਈ ਹੋਰ ਸਿੱਖ ਆਗੂਆਂ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਕਿਸਤਾਨ ਵਿੱਚ ਸਿੱਖ ਜਥਾ ਨਾ ਭੇਜਣ ਦੇ ਕੇਂਦਰ ਦੇ ਫ਼ੈਸਲੇ ਨੂੰ ਸਿੱਖ ਵਿਰੋਧੀ ਦੱਸਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਜਦੋਂ ਭਾਰਤ ਦੀ ਕ੍ਰਿਕਟ ਟੀਮ ਪਾਕਿਸਤਾਨ ਦੀ ਕ੍ਰਿਕਟ ਟੀਮ ਨਾਲ ਮੈਚ ਖੇਡ ਸਕਦੀ ਹੈ ਤਾਂ ਫ਼ਿਰ ਸਿੱਖ ਜਥੇ ਨੂੰ ਪਾਕਿਸਤਾਨ ਭੇਜਣ ਤੋਂ ਕਿਉਂ ਇਨਕਾਰ ਕੀਤਾ ਗਿਆ ਹੈ। ਕੁਝ ਸਿੱਖ ਆਗੂ ਕਹਿ ਰਹੇ ਹਨ ਕਿ ਕੇਂਦਰ ਸਰਕਾਰ ਦਾ ਸਿੱਖਾਂ ਨਾਲ ਧੱਕਾ ਕਰਨ ਦਾ ਇਹ ਪਹਿਲਾ ਮੌਕਾ ਨਹੀਂ ਹੈ ਸਗੋਂ ਅਨੇਕਾਂ ਮੌਕਿਆਂ ’ਤੇ ਕੇਂਦਰ ਨੇ ਸਿੱਖਾਂ ਨਾਲ ਧੱਕਾ ਕੀਤਾ ਹੈ। ਇਹਨਾਂ ਆਗੂਆਂ ਅਨੁਸਾਰ ਹੜ੍ਹ ਪ੍ਰਭਾਵਿਤ ਪੰਜਾਬ ਨੂੰ ਕੇਂਦਰੀ ਸਹਾਇਤਾ ਦੇਣ ਸਮੇਂ ਵੀ ਪੰਜਾਬ ਨਾਲ ਵਿਤਕਰਾ ਕੀਤਾ ਗਿਆ ਹੈ। ਕੁਝ ਆਗੂ ਇਹ ਵੀ ਕਹਿੰਦੇ ਹਨ ਕਿ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਦੀ ਪੰਜਾਬੀ ਫ਼ਿਲਮ ਭਾਰਤ ਵਿੱਚ ਇਸ ਕਾਰਨ ਰਿਲੀਜ਼ ਨਹੀਂ ਹੋਣ ਦਿੱਤੀ ਗਈ ਕਿਉਂਕਿ ਉਸ ਵਿੱਚ ਪਾਕਿਸਤਾਨੀ ਮਹਿਲਾ ਕਲਾਕਾਰ ਨੇ ਕੰਮ ਕੀਤਾ ਸੀ ਪਰ ਜਦੋਂ ਭਾਰਤ ਦੀ ਟੀਮ ਪਾਕਿਸਤਾਨ ਦੀ ਟੀਮ ਨਾਲ ਕ੍ਰਿਕਟ ਮੈਚ ਖੇਡ ਸਕਦੀ ਹੈ ਤਾਂ ਸਿੱਖ ਜਥਾ ਪਾਕਿਸਤਾਨ ਭੇਜਣ ’ਚ ਆਨਾਕਾਨੀ ਕਿਉਂ?
ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸੇ ਸਾਲ ਦੇ ਅਪ੍ਰੈਲ ਮਹੀਨੇ ਦੌਰਾਨ ਉਦੋਂ ਸਬੰਧ ਤਨਾਓ ਪੂਰਨ ਹੋ ਗਏ ਸਨ ਜਦੋਂ ਪਹਿਲਗਾਮ ਦਹਿਸ਼ਤੀ ਹਮਲਾ ਹੋਇਆ ਸੀ। ਉਸ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਕਈ ਪੱਖਾਂ ਵਿੱਚ ਸਬੰਧ ਤੋੜ ਲਏ ਸਨ। ਅਜਿਹਾ ਹੋਣ ਦੇ ਬਾਵਜੂਦ ਦੋਵਾਂ ਦੇਸ਼ਾਂ ਦਰਮਿਆਨ ਸਫ਼ਾਰਤੀ ਸਬੰਧ ਅਜੇ ਵੀ ਬਰਕਰਾਰ ਹਨ। ਦੋਵਾਂ ਦਾ ਆਪਸੀ ਤਾਲਮੇਲ ਘਟਿਆ ਜ਼ਰੂਰ ਹੈ, ਪਰ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ। ਭਾਰਤ ਅਤੇ ਪਾਕਿਸਤਾਨ ਵਿਚਾਲੇ 3323 ਕਿਲੋਮੀਟਰ ਲੰਬੀ ਸਰਹੱਦ ਹੈ। ਇਸ ਕਰਕੇ ਦੋਵੇਂ ਦੇਸ਼ ਇੱਕ ਦੂਜੇ ਨਾਲ ਪੂਰੀ ਤਰ੍ਹਾਂ ਟੁੱਟ ਕੇ ਨਹੀਂ ਰਹਿ ਸਕਦੇ।
ਸਾਲ 1947 ਵਿੱਚ ਜਦੋਂ ਭਾਰਤ ਦੀ ਵੰਡ ਹੋਈ ਸੀ ਤਾਂ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਸਮੇਤ ਦੋ ਦਰਜਨ ਤੋਂ ਵੱਧ ਇਤਿਹਾਸਕ ਗੁਰਧਾਮ ਪਾਕਿਸਤਾਨ ਵਿੱਚ ਰਹਿ ਗਏ ਸਨ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਤ ਚਾਰ ਅਹਿਮ ਪੁਰਬਾਂ ਜਾਂ ਅਵਸਰਾਂ ’ਤੇ ਸਿੱਖ ਜਥੇ, ਨਹਿਰੂ-ਲਿਆਕਤ ਪੈਕਟ, 1950 ਦੇ ਤਹਿਤ ਉਸੇ ਸਾਲ ਤੋਂ ਬਾਕਾਇਦਾ ਪਾਕਿਸਤਾਨ ਜਾਂਦੇ ਆਏ ਹਨ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਇਲਾਵਾ ਵਿਸਾਖੀ (ਖ਼ਾਲਸਾ ਸਾਜਨਾ ਦਿਵਸ), ਗੁਰੂ ਅਰਜਨ ਦੇਵ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌੌਕੇ ਭਾਰਤ ਤੋਂ ਸਿੱਖ ਜਥੇ ਪਾਕਿਸਤਾਨ ਦੇ ਸਿੱਖ ਗੁਰਧਾਮਾਂ ਦੀ ਯਾਤਰਾ ਕਰਨ ਜਾਂਦੇ ਰਹੇ ਹਨ। ਇਸ ਤੋਂ ਇਲਾਵਾ ਨਵੰਬਰ 2019 ਵਿੱਚ ਕਰਤਾਰਪੁਰ ਲਾਂਘੇ ਦੀ ਸਥਾਪਨਾ ਤੋਂ ਬਾਅਦ ਸਿੱਖਾਂ ਦਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਲਈ ਜਾਣਾ ਨਹਿਰੂ-ਲਿਆਕਤ ਪੈਕਟ ਤੋਂ ਬਾਹਰਲਾ ਫ਼ੈਸਲਾ ਹੈ ਪਰ ਇਸ ਸਮੇਂ ਕਰਤਾਰਪੁਰ ਯਾਤਰਾ ਵੀ ਬੰਦ ਹੈ। ਸਿੱਖ ਭਾਈਚਾਰੇ ਵੱਲੋਂ ਜਿਥੇ ਕਰਤਾਰਪੁਰ ਯਾਤਰਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਉਥੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਤੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਣ ਦੀ ਆਗਿਆ ਦਿੱਤੀ ਜਾਵੇ।
ਕੇਂਦਰੀ ਮੰਤਰੀ ਮੰਡਲ ਵਿੱਚ ਦੋ ਸਿੱਖ ਮੰਤਰੀ ਹਰਦੀਪ ਸਿੰਘ ਪੁਰੀ ਤੇ ਰਵਨੀਤ ਸਿੰਘ ਬਿੱਟੂ ਸ਼ਾਮਲ ਹਨ। ਇਹ ਦੋਵੇਂ ਸਿੱਖ ਮੰਤਰੀ ਅਤੇ ਭਾਜਪਾ ਵਿੱਚ ਸ਼ਾਮਲ ਹੋਰ ਸਿੱਖ ਆਗੂ ਅਕਸਰ ਦਾਅਵਾ ਕਰਦੇ ਹਨ ਕਿ ਪ੍ਰਧਾਨ ਮੰਤਰੀ ਮੋਦੀ ਸਿੱਖਾਂ ਦੀ ਭਲਾਈ ਲਈ ਬਹੁਤ ਉਪਰਾਲੇ ਕਰ ਰਹੇ ਹਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਸਿੱਖਾਂ ਦੀ ਸੱਚੀ ਹਮਦਰਦ ਹੈ ਪਰ ਕੇਂਦਰ ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਯਾਤਰਾ ਦੀ ਆਗਿਆ ਨਾ ਦੇਣਾ ਹੋਰ ਕਹਾਣੀ ਪੇਸ਼ ਕਰ ਰਿਹਾ ਹੈ।
ਕੇਂਦਰ ਸਰਕਾਰ ਵਿੱਚ ਸ਼ਾਮਲ ਦੋਵੇਂ ਸਿੱਖ ਮੰਤਰੀਆਂ ਅਤੇ ਭਾਜਪਾ ਵਿੱਚ ਸ਼ਾਮਲ ਹੋਰ ਸਿੱਖ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਸਿੱਖਾਂ ਦੀਆਂ ਭਾਵਨਾਵਾਂ ਨੂੰ ਗ੍ਰਹਿ ਮੰਤਰਾਲੇ ਤੱਕ ਪਹੁੰਚਾਉਣ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਨ ਦੀ ਆਗਿਆ ਦਿਵਾਉਣ ਵਿੱਚ ਉਪਰਾਲੇ ਕਰਨ। ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਸਿੱਖਾਂ ਨਾਲ ਬੇਲੋੜੇ ਵਿਵਾਦ ਵਿੱਚ ਪੈਣ ਤੋਂ ਗੁਰੇਜ਼ ਕਰੇ ਅਤੇ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਨ ਦੀ ਆਗਿਆ ਦਿੱਤੀ ਜਾਵੇ।