ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਨਿਖੇਧੀ

In ਪੰਜਾਬ
February 09, 2026

ਅੰਮ੍ਰਿਤਸਰ/ਏ.ਟੀ.ਨਿਊਜ਼: ਉਤਰ ਪ੍ਰਦੇਸ਼ ਤੋਂ ਸਿੱਖ ਵਿਦਿਆਰਥੀ ਜਪਨ ਸਿੰਘ ਨੂੰ ਕਕਾਰ ਪਾ ਕੇ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਮੁਰਾਦਾਬਾਦ ਦੇ ਕਸਬਾ ਕਾਂਠ ਵਿੱਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਜਪਨ ਸਿੰਘ ਨੂੰ ਬੀਏ ਦੇ ਪੇਪਰ ਦੌਰਾਨ ਕਿਰਪਾਨ ਪਾ ਕੇ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਅਗਵਾਈ ਹੇਠ ਇੱਕ ਟੀਮ ਨੂੰ ਸਬੰਧਤ ਕਾਲਜ ਵਿੱਚ ਜਾਂਚ ਲਈ ਭੇਜਿਆ ਸੀ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਗੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਗੰਭੀਰ ਮਾਮਲਾ ਹੈ, ਜਿਸ ਦੀ ਉੱਤਰ ਪ੍ਰਦੇਸ਼ ਸਰਕਾਰ ਨੂੰ ਜਾਂਚ ਕਰਵਾ ਕੇ ਪ੍ਰਿੰਸੀਪਲ ਅਤੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ । ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਅਧਿਆਪਕਾਂ ਖ਼ਿਲਾਫ਼ ਕਾਰਵਾਈ ਲਈ ਉਤਰ ਪ੍ਰਦੇਸ਼ ਸਰਕਾਰ ਤੱਕ ਪਹੁੰਚ ਕਰੇਗੀ।

Loading