
ਨਵੀਂ ਦਿੱਲੀ, 29 ਨਵੰਬਰ
: ਸੁਪਰੀਮ ਕੋਰਟ ਨੇ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਓ ਪਨੀਰਸੇਲਵਮ ਅਤੇ ਉਨ੍ਹਾਂ ਦੇ ਪਰਿਵਾਰ ਦੇ ਸੱਤ ਮੈਂਬਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਬਹਾਲ ਕਰਨ ਦੇ ਮਦਰਾਸ ਹਾਈ ਕੋਰਟ ’ਤੇ ਹੁਕਮਾਂ ’ਤੇ ਰੋਕ ਲਾ ਦਿੱਤੀ ਹੈ।
ਜਸਟਿਸ ਰਿਸ਼ੀਕੇਸ਼ ਰਾਏ ਅਤੇ ਐਸਵੀਐਨ ਭੱਟੀ ਦੇ ਬੈਂਚ ਨੇ ਪਨੀਰਸੇਲਵਮ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ। ਮਦਰਾਸ ਹਾਈਕੋਰਟ ਨੇ 29 ਅਕਤੂਬਰ ਨੂੰ ਪਨੀਰਸੇਲਵਮ ਅਤੇ ਹੋਰਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਹੇਠਲੀ ਅਦਾਲਤ ਵਲੋਂ ਸਾਬਕਾ ਮੁੱਖ ਮੰਤਰੀ ਨੂੰ ਦੋਸ਼ ਮੁਕਤ ਕਰਾਰ ਦੇਣ ਵਾਲੇ ਹੁਕਮ ਨੂੰ ਰੱਦ ਕਰ ਦਿੱਤਾ ਸੀ। ਹਾਈ ਕੋਰਟ ਨੇ 3 ਦਸੰਬਰ, 2012 ਨੂੰ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਵਿਸ਼ੇਸ਼ ਜੱਜ ਸ਼ਿਵਗੰਗਾ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਤੇ ਕੇਸ ਨੂੰ ਬਹਾਲ ਕਰਦੇ ਹੋਏ ਜਸਟਿਸ ਐੱਨ ਆਨੰਦ ਵੈਂਕਟੇਸ਼ ਨੇ ਕਿਹਾ ਸੀ ਕਿ ਇਸ ਦੌਰਾਨ ਦੋ ਮੁਲਜ਼ਮਾਂ ਦੀ ਮੌਤ ਹੋ ਗਈ ਸੀ, ਇਸ ਲਈ ਉਨ੍ਹਾਂ ਵਿਰੁੱਧ ਕਾਰਵਾਈ ਨੂੰ ਰੋਕ ਦਿੱਤਾ ਜਾਵੇਗਾ।