ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਖ਼ਤਮ ਕੀਤੇ ਜਾਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਪੰਜਾਬ ਨਾਲ ਇੱਕ ਹੋਰ ਵੱਡੀ ਬੇਇਨਸਾਫ਼ੀ ਅਤੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਇਸ ਵੱਕਾਰੀ ਉੱਚ ਸਿੱਖਿਆ ਸੰਸਥਾ ’ਤੇ ਸੂਬੇ ਦੇ ਹੱਕ ਖ਼ਤਮ ਕਰਨ ਦੀ ਸਪੱਸ਼ਟ ਅਤੇ ਸੋਚੀ-ਸਮਝੀ ਚਾਲ ਹੈ। ਉਨ੍ਹਾਂ ਕਿਹਾ, ‘ਪੰਜਾਬ ਯੂਨੀਵਰਸਿਟੀ ਦੀ ਇਹ ਖਾਸੀਅਤ ਸੀ ਕਿ ਇਸ ਦੀ ਸੈਨੇਟ ਅਤੇ ਸਿੰਡੀਕੇਟ ਦੀ ਚੋਣ ਲੋਕਤੰਤਰੀ ਪ੍ਰਕਿਰਿਆ ਰਾਹੀਂ ਹੁੰਦੀ ਸੀ, ਪਰ ਹੁਣ ਕੇਂਦਰ ਸਰਕਾਰ ਇਸ ਵਿਲੱਖਣ ਪ੍ਰਣਾਲੀ ਨੂੰ ਖ਼ਤਮ ਕਰਕੇ ਯੂਨੀਵਰਸਿਟੀ ਨੂੰ ਪੂਰੀ ਤਰ੍ਹਾਂ ਆਪਣੇ ਅਧੀਨ ਕਰਨਾ ਚਾਹੁੰਦੀ ਹੈ।’ ਉਨ੍ਹਾਂ ਇਸ ਫ਼ੈਸਲੇ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਇਹ ਨਾ ਸਿਰਫ਼ ਸੰਘੀ ਢਾਂਚੇ ਦੇ ਸਿਧਾਂਤਾਂ ਦੇ ਵਿਰੁੱਧ ਹੈ, ਸਗੋਂ ਪੰਜਾਬ ਪੁਨਰਗਠਨ ਐਕਟ ਦੀ ਵੀ ਸਿੱਧੀ ਉਲੰਘਣਾ ਹੈ।
![]()
