
ਅੰਮ੍ਰਿਤਸਰ/ਏ.ਟੀ.ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੱਤਰੇਤ ਵਿਖੇ ਪਹੁੰਚੇ।
ਪੰਜ ਸਿੰਘ ਸਾਹਿਬਾਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ , ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਕੇਵਲ ਸਿੰਘ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਮੰਗਲ ਸਿੰਘ ਸ਼ਾਮਿਲ ਸਨ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇਹਨਾਂ ਅੱਗੇ ਪੇਸ਼ ਹੋਏ ਤਾਂ ਹੱਥ ਜੋੜ ਕੇ ਬੈਠੇ।
ਸ਼੍ਰੀਨਗਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਰਾਹੀਂ ਰੱਖੇ ਗਏ ਪ੍ਰੋਗਰਾਮ ਵਿੱਚ ਇਤਰਾਜ਼ਯੋਗ ਗਾਣੇ ਗਾਏ ਗਏ ਤੇ ਨਾਚ ਗਾਣਾ ਹੋਇਆ । ਇਸ ਸਬੰਧ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਉਸ ਸਮਾਗਮ ਵਿੱਚ ਆਪਣੀ ਮੌਜੂਦਗੀ ਨੂੰ ਵੀ ਮੰਨਿਆ ਅਤੇ ਇਸ ਗਲਤੀ ਲਈ ਖਿਮਾ ਮੰਗੀ ਹੈ। ਉਨ੍ਹਾਂ ਕਿਹਾ ਕਿ ਮੈਂ ਉਥੇ ਉਸ ਧਾਰਮਿਕ ਸਮਾਗਮ ਵਿੱਚ ਮੌਜੂਦ ਸੀ ਪਰ ਅਣਜਾਣੇ ਵਿੱਚ ਹੋਈ ਗਲਤੀ ਦੀ ਮੈਂ ਇੱਕ ਨਿਮਾਣੇ ਸਿੱਖ ਵਜੋਂ ਪੰਥ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫੀ ਮੰਗਦਾ ਹਾਂ। ਇਸ ਮੌਕੇ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਵੀ ਮਾਫੀ ਮੰਗੀ ਗਈ। ਇਸ ਮੌਕੇ ਪੰਜਾਬੀ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਵਿਦੇਸ਼ ਹੋਣ ਕਾਰਨ ਪੇਸ਼ ਨਹੀਂ ਹੋ ਸਕੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨ ਦੀ ਸਹਿਮਤੀ ਨਾਲ ਧਾਰਮਿਕ ਸਜ਼ਾ ਐਲਾਨੀ। ਉਨ੍ਹਾਂ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਲਗਾਉਂਦਿਆਂ ਐਲਾਨ ਕੀਤਾ ਕਿ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਅਸਥਾਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੈਦਲ ਤੁਰ ਕੇ ਜਾਣਗੇ ਅਤੇ ਉੱਥੇ ਨਤਮਸਤਕ ਹੋਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਇੱਥੋਂ ਦੇ ਰਸਤੇ ਨੂੰ ਸਾਫ ਸੁਥਰਾ ਬਣਾਉਣ ਅਤੇ ਸਾਫ ਸਫਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ ।
ਗੁਰਦੁਆਰਾ ਕੋਠਾ ਸਾਹਿਬ ਵੱਲਾ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਜੀ ਵਿਖੇ ਵੀ 100 ਮੀਟਰ ਤੱਕ ਪੈਦਲ ਤੁਰ ਕੇ ਜਾਣਗੇ ਅਤੇ ਇੱਥੋਂ ਦੇ ਸਾਫ ਸਫਾਈ ਅਤੇ ਰਸਤਿਆਂ ਨੂੰ ਦਰੁਸਤ ਕਰਨ ਲਈ ਵੀ ਸਰਕਾਰ ਵੱਲੋਂ ਆਪਣੀ ਜਿੰਮੇਵਾਰੀ ਨਿਭਾਉਣਗੇ।
ਇਸ ਤੋਂ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਿਖੇ ਜਾ ਕੇ ਨਤਮਸਤਕ ਹੋਣਗੇ ਅਤੇ ਉੱਥੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਤੇ ਭਾਈ ਮਤੀਦਾਸ ਜੀ ਦੀ ਸ਼ਹੀਦੀ ਨੂੰ ਨਤਮਸਤਕ ਹੁੰਦੇ ਉਹਨਾਂ ਦੇ ਸ਼ਹੀਦੀ ਦੇ ਇਤਿਹਾਸ ਤੋਂ ਜਾਣੂ ਹੋਣ ਦੀ ਧਾਰਮਿਕ ਸਜ਼ਾ ਲਗਾਈ ਗਈ ਹੈ। ਇਸ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾ ਕੇ ਨਤਮਸਤਕ ਹੋਣਗੇ ਅਤੇ ਦੋ ਦਿਨ ਜੋੜੇ ਝਾੜਨ ਦੀ ਸੇਵਾ ਨਿਭਾਉਣ ਦੀ ਧਾਰਮਿਕ ਸੇਵਾ ਲਗਾਈ ਗਈ ਹੈ। ਜਿਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਵਾਨ ਕੀਤਾ ਹੈ।
ਸਿੰਘ ਸਾਹਿਬਾਨ ਨੇ ਹਰਜੋਤ ਸਿੰਘ ਬੈਂਸ ਰਾਹੀਂ ਪੰਜਾਬ ਸਰਕਾਰ ਨੂੰ ਆਦੇਸ਼ ਕੀਤਾ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਹੋਰਨਾਂ ਸ਼ਹੀਦਾਂ ਸਬੰਧੀ ਸ਼ਤਾਬਦੀ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਸਹਿਯੋਗ ਲਵੇ ਅਤੇ ਇਸ ਸੰਬੰਧ ਵਿੱਚ ਸੈਮੀਨਾਰ ਆਦਿ ਕਰਵਾਏ ਜਾ ਸਕਦੇ ਹਨ। ਧਾਰਮਿਕ ਸਮਾਗਮ ਕਰਵਾਉਣ, ਨਗਰ ਕੀਰਤਨ ਸਜਾਉਣ ਸਬੰਧੀ ਪੰਜਾਬ ਸਰਕਾਰ ਆਪਣਾ ਬਣਦਾ ਸਹਿਯੋਗ ਨਿਭਾਵੇ । ਪੰਜ ਸਿੰਘ ਸਾਹਿਬਾਨ ਨੇ ਸਪਸ਼ਟ ਕੀਤਾ ਕਿ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਕੱਢਣੇ ਸਰਕਾਰਾਂ ਦਾ ਕੰਮ ਨਹੀਂ ਹੈ। ਸਰਕਾਰਾਂ ਦਾ ਕੰਮ ਧਾਰਮਿਕ ਸੰਸਥਾਵਾਂ ਵੱਲੋਂ ਬਣਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਵਿੱਚ ਸਹਿਯੋਗ ਕਰਨਾ ਹੈ। ਜਿਸ ਤਰ੍ਹਾਂ ਕਿ ਆਉਣ ਜਾਣ ਵਾਲੇ ਰਸਤਿਆਂ ਸੰਗਤ ਦੇ ਰਹਿਣ ਦਾ ਪ੍ਰਬੰਧ ਅਤੇ ਹੋਰ ਸੁਚਾਰੂ ਪ੍ਰਬੰਧ ਕਰਨੇ ਹਨ। ਜਿਸ ਨੂੰ ਪੰਜਾਬ ਸਰਕਾਰ ਆਪਣਾ ਫਰਜ਼ ਸਮਝਦੇ ਹੋਵੇ ਪਿਛਲੀਆਂ ਸ਼ਤਾਬਦੀਆਂ ਦਰਮਿਆਨ ਸਰਕਾਰਾਂ ਵੱਲੋਂ ਨਿਭਾਈ ਜ਼ਿੰਮੇਵਾਰੀ ਨੂੰ ਦੇਖਦੇ ਹੋਏ ਇਸ ਵਾਰ ਵੀ ਆਪਣੀ ਜ਼ਿੰਮੇਵਾਰੀ ਨਿਭਾਵੇ।
ਇਸ ਤੋਂ ਪਹਿਲਾਂ ਹਰਜੋਤ ਸਿੰਘ ਬੈਂਸ ਨੇ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।