ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

In ਮੁੱਖ ਖ਼ਬਰਾਂ
June 13, 2025
ਅੰਮ੍ਰਿਤਸਰ/ਏ.ਟੀ.ਨਿਊਜ਼: ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸੰਦੇਸ਼ ਵਿੱਚ ਸੰਗਤ ਨੂੰ ਗੁਰੂ ਦੇ ਸੰਦੇਸ਼ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਪ੍ਰਕਾਸ਼ ਪੁਰਬ ਸਬੰਧੀ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ’ਤੇ ਪੂਰਨ ਭਰੋਸਾ ਰੱਖਣ ਦੀ ਅਪੀਲ ਕੀਤੀ ਅਤੇ ਪ੍ਰੇਰਨਾ ਕੀਤੀ ਕਿ ਸਿੱਖ ਕੌਮ ਸਿੱਖੀ ਦੇ ਮਹੱਤਵਪੂਰਨ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਇਕਜੁਟ ਹੋਵੇ। ਛੇਵੇਂ ਗੁਰੂ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁੰਦਰ ਸਜਾਵਟ ਕੀਤੀ ਗਈ ਸੀ। ਇਸ ਦੌਰਾਨ ਸ਼ਾਮ ਨੂੰ ਦੀਪਮਾਲਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਵੀ ਚਲਾਈ ਗਈ। ਇਸ ਦਿਨ ਸਵੇਰ ਤੋਂ ਹੀ ਕਾਫ਼ੀ ਗਿਣਤੀ ਵਿੱਚ ਸੰਗਤ ਇੱਥੇ ਨਤਮਸਤਕ ਹੋਣ ਲਈ ਆਈ ਹੋਈ ਸੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ, ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਨਰਿੰਦਰ ਸਿੰਘ, ਰਾਜਿੰਦਰ ਸਿੰਘ ਰੂਬੀ, ਮੀਤ ਮੈਨੇਜਰ ਗੁਰਿੰਦਰਪਾਲ ਸਿੰਘ ਕਾਦੀਆਂ ਆਦਿ ਹਾਜ਼ਰ ਸਨ।

Loading