ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਮਿਲਣਾ ਮੰਦਭਾਗਾ: ਸੰਧੂ

In ਮੁੱਖ ਖ਼ਬਰਾਂ
July 23, 2025

ਅੰਮ੍ਰਿਤਸਰ/ਏ.ਟੀ.ਨਿਊਜ਼:
ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੇ ਇੱਥੇ ਕਿਹਾ ਕਿ ਉਹ ਅੰਮ੍ਰਿਤਸਰ ਨੂੰ ਮੁੜ ਉਚਾਈਆਂ ’ਤੇ ਲਿਜਾਣ ਲਈ ਯਤਨਸ਼ੀਲ ਹਨ। ਉਹ ‘ਯੂਐੱਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ’ ਦੇ ਮੌਜੂਦਾ ਸਲਾਹਕਾਰ ਅਤੇ ਜੀਓ ਪੁਲੀਟੀਕਲ ਇੰਸਟੀਚਿਊਟ ਦੇ ਚੇਅਰਮੈਨ ਬਣਨ ਮਗਰੋਂ ਪਿਛਲੇ ਦਿਨੀਂ ਸ਼ੁਕਰਾਨੇ ਵਜੋਂ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ। ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਦੇ ਵਿਕਾਸ ਦਾ ਜੋ ਸੰਕਲਪ ਪੇਸ਼ ਕੀਤਾ ਗਿਆ ਸੀ, ਉਸ ਨੂੰ ਸਾਕਾਰ ਕਰਨ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ’ਚ ਸ਼ਹਿਰੀ ਤੇ ਦਿਹਾਤੀ ਖੇਤਰ ਵਿੱਚ ਆਮਦਨ ਵਧਾਉਣ ਵਾਸਤੇ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਇਤਿਹਾਸਕ ਤੌਰ ’ਤੇ ਪ੍ਰਮੁੱਖ ਸ਼ਹਿਰਾਂ ’ਚੋਂ ਇੱਕ ਰਿਹਾ ਹੈ, ਪਰ ਅੱਜ ਵੀ ਇਹ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ‘ਵਿਕਸਿਤ ਅੰਮ੍ਰਿਤਸਰ’ ਅਧੀਨ ਠੋਸ ਯਤਨ ਕੀਤੇ ਜਾ ਰਹੇ ਹਨ।
ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਦਰਬਾਰ ਸਾਹਿਬ ਨੂੰ ਧਮਕੀ ਮਿਲਣੀਆਂ ਮੰਦਭਾਗੀ ਗੱਲ ਹੈ। ਧਾਰਮਿਕ ਅਸਥਾਨ ’ਤੇ ਅਜਿਹੀਆ ਧਮਕੀਆਂ ਭੇਜਣਾ ਬਿਲਕੁਲ ਠੀਕ ਨਹੀਂ ਅਤੇ ਅਜਿਹਾ ਕਰਨ ਵਾਲਿਆਂ ਨੂੰ ਇਸ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਤੇ ਸਬੰਧਤ ਵਿਭਾਗ ਕਾਰਵਾਈ ਕਰ ਰਹੇ ਹਨ। ਇਸ ਮਾਮਲੇ ਵਿੱਚ ਸੂਬਾ ਸਰਕਾਰ ਅਤੇ ਸਬੰਧਤ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਿਭਾਉਣੀ ਚਾਹੀਦੀ ਹੈ।

Loading