ਚੰਡੀਗੜ੍ਹ:
ਪੰਜਾਬ ਪੁਲਿਸ ਵੱਲੋਂ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਸ਼ੰਭੂ ਅਤੇ ਖਨੌਰੀ ਮੋਰਚਿਆਂ ’ਤੇ ਪਰਤ ਰਹੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਸਮੂਹ ਕਿਸਾਨ ਜਥੇਬੰਦੀਆਂ ਨੇ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਦੀ ਕਾਰਵਾਈ ਦਾ ਵਿਰੋਧ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕੇਂਦਰ ਸਰਕਾਰ ਦੀ ਕਾਰਪੋਰੇਟ ਪੱਖੀ ਨੀਤੀਆਂ ਦੀ ਹਮਾਇਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਕਰਕੇ ‘ਆਪ’ ਨੇ ਲੰਘੇ ਦਿਨ ਉਦਯੋਗਪਤੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ’ਤੇ ਕਾਰਵਾਈ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਆਪਣਾ ਵਿਰੋਧ ਜਾਰੀ ਰੱਖਿਆ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 13 ਮਹੀਨਿਆਂ ਤੋਂ ਸ਼ੰਭੂ-ਖਨੌਰੀ ਮੋਰਚਿਆਂ ’ਤੇ ਬੈਠੇ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਬਾਰਡਰ ’ਤੇ ਗ੍ਰਿਫ਼ਤਾਰ ਕੀਤੇ ਜਾਣ ਅਤੇ ਮੋਰਚਿਆਂ ਨੂੰ ਧੱਕੇਸ਼ਾਹੀ ਨਾਲ ਖਿੰਡਾਉਣ ਦੀ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਰਕਾਰ ਦੇ ਇਸ ਜਾਬਰ ਵਤੀਰੇ ਨੂੰ ਕਿਸਾਨਾਂ ਨਾਲ ਦੁਸ਼ਮਣੀ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਚੰਡੀਗੜ੍ਹ ਮੋਰਚੇ ਵੇਲੇ ਐੱਸ.ਕੇ.ਐੱਮ. ਦੇ ਸੈਂਕੜੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਹੁਣ ਇਹ ਹੱਲਾ ਸਰਕਾਰਾਂ ਦਾ ਕਾਰਪੋਰੇਟ ਨੀਤੀਆਂ ਪ੍ਰਤੀ ਡੁੱਲ੍ਹ ਡੁੱਲ੍ਹ ਪੈਂਦਾ ਹੇਜ ਅਤੇ ਕਿਸਾਨਾਂ ਨਾਲ ਨੰਗੀ ਚਿੱਟੀ ਦੁਸ਼ਮਣੀ ਦਾ ਸਬੂਤ ਹੈ। ਉਨ੍ਹਾਂ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਸਾਮਰਾਜ ਪੱਖੀ ਨੀਤੀਆਂ ਦੇ ਝੰਬੇ ਮੁਲਾਜ਼ਮਾਂ ਨੂੰ ਸਾਂਝੇ ਸੰਘਰਸ਼ਾਂ ਦੇ ਮੈਦਾਨ ਵਿੱਚ ਨਿੱਤਰਨ ਦਾ ਸੱਦਾ ਦਿੱਤਾ ਹੈ।
![]()
