ਨਵੀਂ ਦਿੱਲੀ-
ਸੰਸਦੀ ਕਮੇਟੀ ਨੇ ਲੋਕ ਸਭਾ ਵਿੱਚ ਗ਼ੈਰਹਾਜ਼ਰੀ ਕਾਰਨ ਐੱਨਐੱਸਏ ਤਹਿਤ ਜੇਲ੍ਹ ਵਿੱਚ ਬੰਦ ਪੰਜਾਬ ਦੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਪਿਛਲੇ ਸਮੇਂ ਦੌਰਾਨ ਦਿੱਤੀਆਂ ਦੋ ਅਰਜ਼ੀਆਂ ਦੇ ਆਧਾਰ ’ਤੇ 54 ਦਿਨਾਂ ਲਈ ਛੁੱਟੀ ਦੀ ਸਿਫਾਰਸ਼ ਕੀਤੀ ਹੈ। ਉਹ ਅਪਰੈਲ 2023 ਤੋਂ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਜੇਲ੍ਹ ਵਿੱਚ ਬੰਦ ਹੋਣ ਕਾਰਨ ਗ਼ੈਰਹਾਜ਼ਰੀ ਦੀ ਛੁੱਟੀ ਲਈ ਉਸ ਨੇ ਲੋਕ ਸਭਾ ਸਪੀਕਰ ਨੂੰ ਦੋ ਵਾਰ ਬੇਨਤੀ ਕੀਤੀ ਸੀ। ਉਸ ਨੇ ਪਹਿਲੀ ਬੇਨਤੀ ਬੀਤੇ ਸਾਲ 30 ਨਵੰਬਰ ਅਤੇ ਦੂਜੀ 16 ਦਸੰਬਰ ਨੂੰ ਕੀਤੀ ਸੀ। ਭਾਜਪਾ ਆਗੂ ਬਿਪਲਬ ਦੇਬ ਦੀ ਪ੍ਰਧਾਨਗੀ ਹੇਠਲੀ ਕਮੇਟੀ ਨੇ ਸਦਨ ਦੀਆਂ ਮੀਟਿੰਗਾਂ ਵਿਚੋਂ ਮੈਂਬਰਾਂ ਦੀ ਗ਼ੈਰਹਾਜ਼ਰੀ ਬਾਰੇ ਲੋਕ ਸਭਾ ਵਿੱਚ ਪੇਸ਼ ਕੀਤੀ ਆਪਣੀ ਰਿਪੋਰਟ ਵਿੱਚ ਕਿਹਾ ਕਿ ਸੰਸਦ ਮੈਂਬਰ ਨੇ 24 ਜੂਨ ਤੋਂ 2 ਜੁਲਾਈ (9 ਦਿਨ), 22 ਜੁਲਾਈ ਤੋਂ 9 ਅਗਸਤ (19 ਦਿਨ), 25 ਨਵੰਬਰ ਤੋਂ 20 ਦਸੰਬਰ (26 ਦਿਨ) ਕੁੱਲ ਮਿਲਾ ਕੇ 54 ਦਿਨਾਂ ਦੀ ਗੈਰਹਾਜ਼ਰੀ ਦੀ ਛੁੱਟੀ ਲਈ ਅਰਜ਼ੀਆਂ ਭੇਜੀਆਂ ਸਨ।’’ ਕੇਂਦਰ ਵੱਲੋਂ ਸੰਸਦੀ ਕਮੇਟੀ ਦੀ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਾਹਮਣੇ ਪੇਸ਼ ਕੀਤੀ ਜਾਵੇਗੀ।
ਦੂਜੇ ਪਾਸੇ ਜੇਲ੍ਹ ਵਿੱਚ ਬੰਦ ਜੰਮੂ ਕਸ਼ਮੀਰ ਦੇ ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਦੀ ਅਗਲੇ ਸੰਸਦੀ ਸੈਸ਼ਨ ਵਿੱਚ ਹਿੱਸਾ ਲੈਣ ਲਈ ਹਿਰਾਸਤੀ ਪੈਰੋਲ ਦੀ ਮੰਗ ਕਰਨ ਵਾਲੀ ਪਟੀਸ਼ਨ ਇਥੋਂ ਦੀ ਅਦਾਲਤ ਨੇ ਖਾਰਜ ਕਰ ਦਿੱਤੀ। ਵਧੀਕ ਸੈਸ਼ਨ ਜੱਜ ਚੰਦਰਜੀਤ ਸਿੰਘ ਨੇ ਅਰਜ਼ੀ ਖਾਰਜ ਕਰਦਿਆਂ ਰਾਸ਼ਿਦ ਦੀ ਪੱਕੀ ਜ਼ਮਾਨਤ ਦੀ ਪਟੀਸ਼ਨ ’ਤੇ ਫੈਸਲੇ ਲਈ 19 ਮਾਰਚ ਦੀ ਤਾਰੀਕ ਤੈਅ ਕੀਤੀ ਹੈ। ਅਦਾਲਤ ਨੇ 3 ਮਾਰਚ ਨੂੰ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ।
ਅੰਮ੍ਰਿਤਪਾਲ ਸਿੰਘ ਦਾ ਪਿਛੋਕੜ
ਅਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਹਨ, ਉਹ ਸਿੱਖਾਂ ਲਈ ਖੁਦਮੁਖਤਿਆਰ ਰਾਜ (ਖਾਲਿਸਤਾਨ) ਦੀ ਪ੍ਰਾਪਤੀ ਨੂੰ ਆਪਣਾ ਨਿਸ਼ਾਨਾ ਦੱਸਦੇ ਹਨ।ਕਈ ਸਾਲ ਦੁਬਈ ਰਹਿਣ ਤੋਂ ਬਾਅਦ ਸਾਲ 2022 'ਚ ਅਗਸਤ ਮਹੀਨੇ ਪੰਜਾਬ ਵਿੱਚ ਵਾਪਸ ਆਏ ਅਤੇ ਉਨ੍ਹਾਂ ਨੇ ਅਮ੍ਰਿਤ ਸੰਚਾਰ ਅਤੇ ਨਸ਼ਾ ਛੁਡਾਊ ਲਹਿਰ ਦੇ ਨਾਂ ਉੱਤੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਨਾ ਸ਼ੁਰੂ ਕੀਤਾ।ਅੰਮ੍ਰਿਤਪਾਲ ਸਿੰਘ ਨੂੰ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ 'ਵਾਰਸ ਪੰਜਾਬ ਦੇ' ਜਥੇਬੰਦੀ ਦਾ ਨਵਾਂ ਮੁਖੀ ਬਣਾਇਆ ਗਿਆ ਸੀ।
ਅੰਮ੍ਰਿਤਪਾਲ ਸਿੰਘ ਦੀ 'ਵਾਰਸ ਪੰਜਾਬ ਦੇ' ਮੁਖੀ ਵਜੋਂ ਦਸਤਾਰਬੰਦੀ ਜਥੇਬੰਦੀ ਦੀ ਪਹਿਲੀ ਵਰ੍ਹੇਗੰਢ ਮੌਕੇ 29 ਸਤੰਬਰ 2022 ਨੂੰ ਕੀਤੀ ਗਈ ਸੀ।ਦਰਅਸਲ ਇਸ ਦਿਨ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਵੀ ਸੀ।
ਪਰ ਉਹ ਆਪਣੇ ਗਰਮਸੁਰ ਵਾਲੇ ਭਾਸ਼ਣਾਂ ਅਤੇ ਗੁਰਦੁਆਰਿਆਂ ਵਿਚਲੇ ਬੈਂਚ ਸਾੜਨ ਤੇ ਅਜਨਾਲਾ ਥਾਣੇ ਅੱਗੇ ਹੋਈ ਹਿੰਸਾ ਕਾਰਨ ਵਿਵਾਦਾਂ ਵਿੱਚ ਆ ਗਏ।ਅਜਨਾਲਾ ਹਿੰਸਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 16 ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਉੱਤੇ ਐਨਐੱਸਏ ਵੀ ਲਗਾਇਆ ਗਿਆ।ਅਪ੍ਰੈਲ 2023 ਨੂੰ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।