ਅੰਮ੍ਰਿਤਸਰ/ਏ.ਟੀ.ਨਿਊਜ਼: ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਨੇ ਪਰਿਵਾਰ ਸਮੇਤ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਬਲਦੇਵ ਸਿੰਘ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਰੱਖਦੇ ਹਨ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਸਜਾਏ ਗਏ ਨਗਰ ਕੀਰਤਨ ਦੇ ਉੱਤਰ ਪ੍ਰਦੇਸ਼ ਰਾਜ ਅੰਦਰ ਪਹੁੰਚਣ ’ਤੇ ਉਨ੍ਹਾਂ ਦੀ ਅਗਵਾਈ ’ਚ ਸਰਕਾਰ ਨੇ ਭਰਵਾਂ ਸਵਾਗਤ ਕੀਤਾ ਸੀ। ਨਗਰ ਕੀਰਤਨ ਜਿੰਨੇ ਦਿਨ ਵੀ ਯੂਪੀ ਵਿੱਚ ਰਿਹਾ ਬਲਦੇਵ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਲਗਾਤਾਰ ਸੇਵਾਵਾਂ ਨਿਭਾਈਆਂ। ਇਸੇ ਦੌਰਾਨ ਖੇਤੀਬਾੜੀ ਮੰਤਰੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੱਚਖੰਡ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਓ ਐੱਸ ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸ਼ਾਹਬਾਜ਼ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ ਅਤੇ ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
![]()
