
ਨਵੀਂ ਦਿੱਲੀ, 24 ਸਤੰਬਰ:
ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹਰਿਆਣਾ ਵਿਚ ਬੇਰੁਜ਼ਗਾਰੀ ਦੇ ਮੁੱਦੇ ਉਤੇ ਮੰਗਲਵਾਰ ਨੂੰ ਭਾਜਪਾ ਉਤੇ ਨਿਸ਼ਾਨਾ ਸੇਧਦਿਆਂ ਸਵਾਲ ਕੀਤਾ ਕਿ ਆਖ਼ਰ ਸੂਬੇ ਦੇ ਨੌਜਵਾਨ ‘ਡੰਕੀ’ ਬਣਨ ਲਈ ਕਿਉਂ ਮਜਬੂਰ ਹਨ? ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਕਾਂਗਰਸ ਸਰਕਾਰ ਬਣਨ ਉਤੇ ਅਜਿਹਾ ਢਾਂਚਾ ਬਣਾਇਆ ਜਾਵੇਗਾ ਕਿ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਆਪਣਿਆਂ ਤੋਂ ਦੂਰ ਨਾ ਜਾਣਾ ਪਵੇ।
ਉਨ੍ਹਾਂ ਕਿਹਾ ਕਿ ਭਾਜਪਾ ਨੇ ਨੌਜਵਾਨਾਂ ਤੋਂ ਰੁਜ਼ਗਾਰ ਦੇ ਮੌਕੇ ਖੋਹ ਕੇ ਸਾਰੇ ਦੇਸ਼ ਦੇ ਨੌਜਵਾਨਾਂ ਨਾਲ ਹੀ ‘ਭਾਰੀ ਨਾਇਨਸਾਫ਼ੀ’ ਕੀਤੀ ਹੈ, ਜਿਸ ਕਾਰਨ ਉਨ੍ਹਾਂ ਨੂੰ ਆਪਣੀ ਜਾਨ ਜੋਖਮ ਵਿਚ ਪਾ ਕੇ ਵਿਦੇਸ਼ਾਂ ਦੇ ‘ਮੁਸੀਬਤਾਂ ਭਰੇ ਸਫ਼ਰ’ ਉਤੇ ਨਿਕਲਣਾ ਪੈਂਦਾ ਹੈ। ਉਨ੍ਹਾਂ ਇਹ ਟਿੱਪਣੀਆਂ ਹਰਿਆਣਾ ਦੇ ਕੁਝ ਨੌਜਵਾਨਾਂ ਨਾਲ ਅਮਰੀਕਾ ਵਿਚ ਕੀਤੀ ਮੁਲਾਕਾਤ ਦੀ ਅੱਜ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਵੀਡੀਓ ਸ਼ੇਅਰ ਕਰਦਿਆਂ ਕੀਤੀਆਂ ਹਨ।
ਇਨ੍ਹਾਂ ਨੌਜਵਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਭਾਰਤ-ਹਰਿਆਣਾ ਵਿਚ ਬੇਰੁਜ਼ਗਾਰੀ ਕਾਰਨ ਅਮਰੀਕਾ ਜਾਣ ਲਈ ਮਜਬੂਰ ਹੋਣਾ ਪਿਆ ਅਤੇ ਇਸ ਦੌਰਾਨ ਉਨ੍ਹਾਂ ਨੂੰ ਇਸ ਵਿਦੇਸ਼ੀ ਧਰਤੀ ਉਤੇ ਭਾਰੀ ਮੁਸ਼ਕਲਾਂ ਵੀ ਝੱਲਣੀਆਂ ਪਈਆਂ।