36 views 0 secs 0 comments

25 ਮਈ ਨੂੰ ਸੰਗਤ ਵਾਸਤੇ ਖੋਲ੍ਹੇ ਜਾਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ

In ਭਾਰਤ
April 21, 2025
ਅੰਮ੍ਰਿਤਸਰ/ਏ.ਟੀ.ਨਿਊਜ਼ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਸਲਾਨਾ ਯਾਤਰਾ ਸਮੇਂ ਗੁਰੂ ਘਰ ਵਿਖੇ ਨਤਮਸਤਕ ਹੋਣ ਦੀ ਇੱਛਾ ਪ੍ਰਗਟਾਈ ਹੈ। ਇਹ ਖੁਲਾਸਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕੀਤਾ ਹੈ। ਸ੍ਰੀ ਬਿੰਦਰਾ ਨੇ ਪਿਛਲੇ ਦਿਨੀਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਯਾਤਰਾ ਦੀ ਆਰੰਭਤਾ ਸਮੇਂ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੱਤਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ੍ਰੀ ਬਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਯਾਤਰਾ ਸਬੰਧੀ ਤਿਆਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਅਤੇ ਯਾਤਰਾ ਦੌਰਾਨ ਖੁਦ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣ ਦੀ ਇੱਛਾ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਇਸ ਯਾਤਰਾ ਵਾਸਤੇ ਸ਼ਰਧਾਲੂਆਂ ਲਈ ਲੋੜੀਂਦੀਆਂ ਸਹੂਲਤਾਂ, ਯਾਤਰਾ ਨੂੰ ਸਰਲ ਬਣਾਉਣ ਅਤੇ ਸੁਰੱਖਿਆ ਪ੍ਰਬੰਧ ਲਈ ਰਾਜ ਸਰਕਾਰ ਵੱਲੋਂ ਹਰ ਢੁਕਵੀਂ ਮਦਦ ਦਿੱਤੀ ਜਾਵੇਗੀ। ਇਸ ਦੌਰਾਨ ਗੁਰਦੁਆਰਾ ਗੋਬਿੰਦ ਘਾਟ ਵਿਖੇ ਟੁੱਟ ਗਏ ਪੁਲ ਦੇ ਇਸ ਮਹੀਨੇ ਤੱਕ ਮੁਕੰਮਲ ਹੋਣ ਦੀ ਉਮੀਦ ਪ੍ਰਗਟਾਈ ਗਈ ਹੈ। ਇਸ ਪੁਲ ਦਾ ਨਿਰਮਾਣ ਕਾਰਜ ਜਾਰੀ ਹੈ। ਪੁਲ ਪਿਛਲੇ ਮਹੀਨੇ ਪਹਾੜ ਤੋਂ ਵੱਡੀਆਂ ਢਿੱਗਾਂ ਡਿੱਗਣ ਦੇ ਕਾਰਨ ਕਾਰਨ ਟੁੱਟ ਗਿਆ ਸੀ ਅਤੇ ਆਵਾਜਾਈ ਵਿੱਚ ਵਿਘਨ ਪਿਆ ਸੀ। ਇਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਇਹ ਪੁਲ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਮਾਰਗ ਨੂੰ ਜੋੜਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਆਦੇਸ਼ ਦੇ ਮੁਤਾਬਕ ਪੁਲ ਤਿਆਰ ਕਰਨ ਦਾ ਕੰਮ ਤੁਰੰਤ ਹੀ ਸ਼ੁਰੂ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਸਲਾਨਾ ਯਾਤਰਾ 22 ਮਈ ਨੂੰ ਗੁਰਦੁਆਰਾ ਸ੍ਰੀ ਰਿਸ਼ੀਕੇਸ਼ ਤੋਂ ਆਰੰਭ ਹੋਵੇਗੀ ਅਤੇ 25 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਖੋਲ੍ਹੇ ਜਾਣਗੇ। ਇਸ ਸਬੰਧ ਵਿੱਚ ਰਾਜ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਟਰਸਟ ਤੇ ਹੋਰ ਵਿਭਾਗਾਂ ਵੱਲੋਂ ਯਾਤਰਾ ਨੂੰ ਸਰਲ ਅਤੇ ਸੁਰੱਖਿਤ ਬਣਾਉਣ ਵਾਸਤੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਭਾਰਤੀ ਫ਼ੌਜ ਵੱਲੋਂ 25 ਮੈਂਬਰੀ ਜਵਾਨਾਂ ਦਾ ਇੱਕ ਦਲ ਬਰਫ ਦੀ ਕਟਾਈ ਅਤੇ ਰਸਤੇ ਤਿਆਰ ਕਰਨ ਲਈ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਗੁਰਮੀਤ ਸਿੰਘ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਵੀ ਇਸ ਯਾਤਰਾ ਦੀ ਆਰੰਭਤਾ ਸਮੇਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਸੀ।

Loading