ਅੰਮ੍ਰਿਤਸਰ, 17 ਅਗਸਤ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਖ਼ਰੀ ਵਾਰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲ ਕੇ ਸਮੁੱਚੇ ਮਸਲੇ ਸਬੰਧੀ ਜਾਣੂ ਕਰਵਾਏਗੀ। ਇਹ ਫੈਸਲਾ ਅੱਜ ਇਥੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਚਾਰ ਫੀਸਦ ਮਹਿੰਗਾਈ ਭੱਤਾ, ਹਾਕੀ ਦੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਸਨਮਾਨ ਵਜੋਂ ਦੇਣ ਅਤੇ ਲੰਗਰ ਵਿੱਚ ਵਾਪਰੀਆਂ ਘਟਨਾਵਾਂ ਦੌਰਾਨ ਜਾਨਾਂ ਗਵਾਉਣ ਵਾਲੇ ਦੋ ਸੇਵਾਦਾਰਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜੋਆਣਾ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਸ਼੍ਰੋਮਣੀ ਕਮੇਟੀ ਦਾ ਵਫਦ ਜਲਦੀ ਹੀ ਰਾਸ਼ਟਰਪਤੀ ਨੂੰ ਮਿਲਗੇ ਤੇ ਇਸ ਬਾਰੇ ਫੈਸਲਾ ਲੈਣ ਲਈ ਆਖਰੀ ਵਾਰ ਅਪੀਲ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਚਲਾਉਣ ਲਈ ਕਈ ਯਤਨ ਕੀਤੇ ਗਏ ਪਰ ਕੇਂਦਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ।
ਦੇਸ਼ ਵਿੱਚ ਸਿਵਲ ਕੋਡ ਲਾਗੂ ਕਰਨ ਦੇ ਫ਼ੈਸਲੇ ਦਾ ਵਿਰੋਧ
ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਸਿਵਲ ਕੋਡ ਲਾਗੂ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵੱਖ-ਵੱਖ ਧਰਮਾਂ ਅਤੇ ਵੱਖ-ਵੱਖ ਭਾਸ਼ਾਵਾਂ ਵਾਲਾ ਦੇਸ਼ ਹੈ ਜਿੱਥੇ ਅਜਿਹਾ ਸਿਵਲ ਕੋਡ ਘੱਟ ਗਿਣਤੀਆਂ ਨੂੰ ਦਬਾਉਣ ਵਾਲਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਨਾਇਕਾਮੈਨ ਵੈੱਬਸਾਈਟ ਨੂੰ ਕਾਨੂੰਨੀ ਨੋਟਿਸ ਭੇਜਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵੱਲੋਂ ਕੰਪਨੀ ਦੀਆਂ ਬਣਾਈਆਂ ਟੋਪੀਆਂ ’ਤੇ ਸਿੱਖਾਂ ਦਾ ਧਾਰਮਿਕ ਚਿੰਨ੍ਹ ਛਾਪਿਆ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸ਼ਬਦ ਅਜਿਹੀਆਂ ਥਾਵਾਂ ’ਤੇ ਲਿਖਣ ਦੀ ਮਨਾਹੀ ਹੈ।
![]()
