
ਚੰਡੀਗੜ੍ਹ, 14 ਨਵੰਬਰ:
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਹੜੇ ਕਿਸਾਨ ਅੱਜ ਦੇਸ਼ ਦੇ ਅੰਨਾਦਾਤਾ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਨੂੰ ਦੋ ਹਫ਼ਤਿਆਂ ਬਾਅਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਕਾਰਨ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੰਦਭਾਗੀ ਗੱਲ ਹੈ ਕਿ ਵੱਡੇ ਪੱਧਰ ’ਤੇ ਦਾਅਵੇ ਕੀਤੇ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਕੋਈ ਠੋਸ ਹੱਲ ਨਹੀਂ ਲੱਭਿਆ ਜਾ ਸਕਿਆ। ਉਹ ਇੱਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ‘ਪੰਜਾਬ ਵਿਜ਼ਨ-2047’ ਪ੍ਰੋਗਰਾਮ ਵਿੱਚ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਇਹ ਇਕੱਲੇ ਪੰਜਾਬ ਦਾ ਨਹੀਂ, ਸਗੋਂ ਸਮੁੱਚੇ ਉੱਤਰੀ ਖੇਤਰ ਦਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਮਸਲਾ ਹੈ ਪਰ ਕਿਸਾਨਾਂ ਕੋਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਕੋਈ ਢੁਕਵੀਂ ਵਿਧੀ ਨਹੀਂ ਹੈ। ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ ਪਰ ਕੇਂਦਰ ਵਿੱਚ ਸੱਤਾਧਾਰੀਆਂ ਦੀ ਬੇਰੁਖ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨ ਬਦਲਵੀਆਂ ਫ਼ਸਲਾਂ ਤਾਂ ਹੀ ਅਪਣਾ ਸਕਦੇ ਹਨ ਜੇ ਉਨ੍ਹਾਂ ਨੂੰ ਇਨ੍ਹਾਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇਈਈ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੇ ਖਿੱਤੇ ਦੀ ਨਾਮਵਰ ਵਿਦਿਅਕ ਸੰਸਥਾ ਹੈ ਅਤੇ ਇਸ ਯੂਨੀਵਰਸਿਟੀ ਵਿੱਚ ਹਰਿਆਣਾ ਦੇ ਹਿੱਸੇ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਦਿੱਤੀ ਜਾਵੇਗੀ ਅਤੇ ਨਾ ਹੀ ਯੂਨੀਵਰਸਿਟੀ ਦੀ ਸੈਨੇਟ ਵਿੱਚ ਪਿਛਲੇ ਦਰਵਾਜ਼ੇ ਤੋਂ ਦਾਖ਼ਲੇ ਲਈ ਹਰਿਆਣਾ ਦੇ ਕਿਸੇ ਯਤਨ ਨੂੰ ਕਾਮਯਾਬ ਹੋਣ ਦਿੱਤਾ ਜਾਵੇਗਾ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਯੂਨੀਵਰਸਿਟੀ ਦੇ ਸਰੂਪ ਨੂੰ ਬਦਲਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਸਰਕਾਰ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇਵੇਗੀ।