ਮੁੱਖ ਮੰਤਰੀ ਨੇ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

In ਮੁੱਖ ਖ਼ਬਰਾਂ
November 26, 2024
ਚੰਡੀਗੜ੍ਹ, 26 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਟੈਗੋਰ ਥੀਏਟਰ ਵਿੱਚ ਪੀਐੱਸਪੀਸੀਐੱਲ ਵਿੱਚ ਨਵ ਨਿਯੁਕਤ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਅੱਜ ਤੱਕ ਪੰਜਾਬ ਵਿੱਚ ਸਰਕਾਰੀ ਜ਼ਮੀਨਾਂ ਨੂੰ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚਿਆ ਹੀ ਹੈ, ਜਦੋਂ ਕਿ ‘ਆਪ’ ਨੇ ਖਰੀਦਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਰਚ, 2022 ਵਿੱਚ ਅਹੁਦਾ ਸੰਭਾਲਣ ਤੋਂ ਕੁਝ ਮਹੀਨਿਆਂ ਬਾਅਦ ਹੀ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਕਰਵਾ ਦਿੱਤੀ ਸੀ। ਇਸ ਤੋਂ ਇਲਾਵਾ ‘ਆਪ’ ਸਰਕਾਰ ਨੇ ਇੱਕ ਨਿੱਜੀ ਕੰਪਨੀ ਜੀਵੀਕੇ ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ ਸਿਰਫ਼ 1080 ਕਰੋੜ ਰੁਪਏ ਵਿੱਚ ਖਰੀਦ ਕੇ ਇਤਿਹਾਸ ਰਚਿਆ ਸੀ। ਸ੍ਰੀ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਸਿਸਟਮ ਤੋਂ ਨਿਰਾਸ਼ ਹੋ ਕੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਸੀ, ਪਰ ਹੁਣ ਪੰਜਾਬ ਦੇ ਨੌਜਵਾਨਾਂ ਨੇ ਵਤਨ ਵਾਪਸੀ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਦੇ 32 ਮਹੀਨਿਆਂ ਦੇ ਕਾਰਜਕਾਲ ਵਿੱਚ 50,000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਨ੍ਹਾਂ ਸਿਆਸੀ ਪਾਰਟੀਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਜੋ ਹਰ ਪੰਜ ਸਾਲਾਂ ਬਾਅਦ ਸੂਬੇ ਨੂੰ ਲੁੱਟਣ ਲਈ ‘ਉੱਤਰ ਕਾਟੋ ਮੈਂ ਚੜ੍ਹਾਂ’ ਵਾਂਗ ਵਾਰ-ਵਾਰ ਸੱਤਾ ਸੁਖ ਭੋਗਦੀਆਂ ਸਨ। ਮੁੱਖ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਸਰਕਾਰ ਦਾ ਅਨਿੱਖੜਵਾਂ ਅੰਗ ਬਣਨ ਦਾ ਸੱਦਾ ਦਿੰਦਿਆਂ ਉਨ੍ਹਾਂ ਨੂੰ ਪੂਰੇ ਜਜ਼ਬੇ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਅਤੇ ਹੋਰਨਾਂ ਪਤਵੰਤਿਆਂ ਦਾ ਸਵਾਗਤ ਕੀਤਾ।

Loading