
ਨਵੀਂ ਦਿੱਲੀ, 5 ਦਸੰਬਰ:
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਵੱਲੋਂ ਭਾਰਤ-ਚੀਨ ਸਬੰਧਾਂ ਬਾਰੇ ਬਿਆਨ ’ਤੇ ਸਪੱਸ਼ਟੀਕਰਨ ਦੀ ਮੰਗ ਦੀ ਇਜਾਜ਼ਤ ਨਾ ਦੇਣ ’ਤੇ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਅੱਜ ਰਾਜ ਸਭਾ ’ਚੋਂ ਵਾਕਆਊਟ ਕਰ ਦਿੱਤਾ। ਮੰਤਰੀ ਵੱਲੋਂ ਇਕ ਦਿਨ ਪਹਿਲਾਂ ਲੋਕ ਸਭਾ ’ਚ ਦਿੱਤੇ ਗਏ ਬਿਆਨ ਨਾਲੋਂ ਅੱਜ ਦਾ ਬਿਆਨ ਵੱਖਰਾ ਨਹੀਂ ਸੀ। ਜਿਵੇਂ ਹੀ ਉਨ੍ਹਾਂ ਬਿਆਨ ਖ਼ਤਮ ਕੀਤਾ ਤਾਂ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਮੁੱਦੇ ’ਤੇ ਕੁਝ ਸਪੱਸ਼ਟੀਕਰਨ ਮੰਗਣੇ ਚਾਹੇ ਤਾਂ ਚੇਅਰਮੈਨ ਜਗਦੀਪ ਧਨਖੜ ਨੇ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਿਸ ’ਤੇ ਸਦਨ ’ਚ ਹੰਗਾਮਾ ਹੋਇਆ। ਜਦੋਂ ਸਵਾਲ ਪੁੱਛਣ ਦੀ ਇਜਾਜ਼ਤ ਨਾ ਮਿਲੀ ਤਾਂ ਕਾਂਗਰਸ ਦੀ ਅਗਵਾਈ ਹੇਠ ਕੁਝ ਹੋਰ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਸਦਨ ’ਚੋਂ ਵਾਕਆਊਟ ਕਰ ਦਿੱਤਾ। ਵਾਕਆਊਟ ’ਚ ਤ੍ਰਿਣਮੂਲ ਕਾਂਗਰਸ ਦੇ ਮੈਂਬਰ ਸ਼ਾਮਲ ਨਹੀਂ ਸਨ। ਧਨਖੜ ਨੇ ਕਿਹਾ ਕਿ ਪੂਰਾ ਮੁਲਕ ਸੰਸਦ ਵੱਲ ਦੇਖ ਰਿਹਾ ਹੈ ਅਤੇ ਮੈਂਬਰਾਂ ਨੂੰ ਨੇਮਾਂ ਵਿਰੁੱਧ ਜਾ ਕੇ ਨਾਂਹ-ਪੱਖੀ ਰਵੱਈਆ ਨਹੀਂ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਿਆਨ ਮਗਰੋਂ ਕੋਈ ਸਵਾਲ ਨਹੀਂ ਪੁੱਛਿਆ ਜਾ ਸਕਦਾ ਹੈ। ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਸਦਨ ’ਚੋਂ ਵਾਕਆਊਟ ਕੀਤਾ। ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਆਗੂ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਉਹ ਵਿਦੇਸ਼ ਮੰਤਰੀ ਤੋਂ ਇਹ ਜਾਣਨਾ ਚਾਹੁੰਦੇ ਸਨ ਕਿ ਜਦੋਂ ਪ੍ਰਧਾਨ ਮੰਤਰੀ ਨੇ ਆਖਿਆ ਸੀ ਕਿ ਮੁਲਕ ’ਚ ਕੋਈ ਘੁਸਪੈਠ ਨਹੀਂ ਹੋਈ ਹੈ ਤਾਂ ਫਿਰ ਚੀਨ ਨਾਲ ਕਿਸ ਗੱਲ ਦਾ ਸਮਝੌਤਾ ਸਿਰੇ ਚੜ੍ਹਿਆ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਪ੍ਰਧਾਨ ਮੰਤਰੀ ਨੇ 2020 ’ਚ ਗਲਤ ਬਿਆਨ ਦਿੱਤਾ ਸੀ।