ਨਵੇਂ ਵਰ੍ਹੇ ਨੂੰ ਜੀ ਆਇਆਂ ਆਖਣ ਲਈ ਹਰਿਮੰਦਰ ਸਾਹਿਬ ਵਿੱਚ ਸ਼ਰਧਾਲੂਆਂ ਦਾ ਆਇਆ ਸੈਲਾਬ

In ਮੁੱਖ ਖ਼ਬਰਾਂ
January 01, 2025
ਅੰਮ੍ਰਿਤਸਰ/ਏ.ਟੀ.ਨਿਊਜ਼ ਨਵਾਂ ਸਾਲ 2025 ਨੂੰ ਜੀ ਆਇਆਂ ਆਖਣ ਲਈ ਗੁਰੂ ਘਰ ਵਿਖੇ ਨਤਮਸਤਕ ਹੋਣ ਵਾਸਤੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਹਰਿਮੰਦਰ ਸਾਹਿਬ ਪੁੱਜੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਨਵੇਂ ਸਾਲ ਨੂੰ ਜੀ ਆਇਆਂ ਆਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇੱਥੇ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਣ ਲਈ ਆਉਂਦੇ ਹਨ। ਅੱਜ ਨਵੇਂ ਸਾਲ ਮੌਕੇ ਅੰਮ੍ਰਿਤ ਵੇਲੇ ਹੀ ਵੱਡੀ ਗਿਣਤੀ ਸੰਗਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣੀ ਸ਼ੁਰੂ ਹੋ ਗਈ ਸੀ। ਵੱਡੀ ਗਿਣਤੀ ਸ਼ਰਧਾਲੂਆਂ ਨੇ ਇਸ ਮੌਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਨਗਰੀ ਦੇ ਨਿਵਾਸੀਆਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਸੰਗਤ ਸਾਲ 2025 ਦੀ ਸ਼ੁਰੂਆਤ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਅੰਦਾਜ਼ਾ ਹੈ ਕਿ ਅੱਜ ਨਵੇਂ ਸਾਲ ਦੇ ਪਹਿਲੇ ਦਿਨ 3 ਲੱਖ ਦੇ ਕਰੀਬ ਸ਼ਰਧਾਲੂ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ। ਅਸਲ ਵਿੱਚ ਬੀਤੀ 31 ਦਸੰਬਰ ਦੀ ਸਵੇਰ ਤੋਂ ਹੀ ਸ਼ਰਧਾਲੂ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਸਨ। ਬੀਤੀ ਰਾਤ 9 ਤੋਂ 12 ਵਜੇ ਤੱਕ 2 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਸੰਗਤ ਇੰਨੀ ਸੀ ਕਿ ਪੈਰ ਰੱਖਣ ਲਈ ਵੀ ਥਾਂ ਨਹੀਂ ਸੀ। ਬੀਤੀ ਰਾਤ 9 ਵਜੇ ਤੋਂ ਹੀ ਹਰਿਮੰਦਰ ਸਾਹਿਬ ਵਿਖੇ ਸੰਗਤ ਇਕੱਠੀ ਹੋਣੀ ਸ਼ੁਰੂ ਹੋ ਗਈ। ਭੀੜ ਇੰਨੀ ਜ਼ਿਆਦਾ ਹੋ ਗਈ ਕਿ ਲੋਕਾਂ ਨੂੰ ਦਰਬਾਰ ਸਾਹਿਬ ਦੀ ਪਰਕਰਮਾ ਲਈ ਸੰਘਰਸ਼ ਕਰਨਾ ਪਿਆ। ਪਰਿਕਰਮਾ ਦੌਰਾਨ ਹਰ ਪਾਸੇ ਸ਼ਰਧਾਲੂ ਨਜ਼ਰ ਆਏ। ਰਾਤ ਦੇ 12 ਵਜੇ ਦਾ ਇੰਤਜ਼ਾਰ ਕਰਦੇ ਹੋਏ ਲੋਕ ਜਿੱਥੇ ਵੀ ਜਗ੍ਹਾ ਮਿਲੀ ਉੱਥੇ ਬੈਠ ਕੇ ਨਾਮ ਜਪਦੇ ਦੇਖੇ ਗਏ। ਇਸ ਦੌਰਾਨ ਸੰਗਤਾਂ ਸਾਰਾ ਸਮਾਂ ਬੈਠ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਦੀਆਂ ਰਹੀਆਂ। ਜਿਵੇਂ ਹੀ ਘੜੀ ਦੇ 12 ਵੱਜੇ, 1 ਲੱਖ ਤੋਂ ਵੱਧ ਸ਼ਰਧਾਲੂ ਹਰਿਮੰਦਰ ਸਾਹਿਬ ਵਿੱਚ ਇਕੱਠੇ ਹੋ ਗਏ ਅਤੇ ‘ਬੋਲੇ ਸੋ ਨਿਹਾਲ’ ਦੇ ਨਾਅਰੇ ਲਗਾਏ। ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਤੇ ਪ੍ਰਬੰਧਾਂ ਵਾਸਤੇ ਵਧੇਰੀ ਗਿਣਤੀ ਵਿੱਚ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ।

Loading