ਚੰਡੀਗੜ੍ਹ/ਏ.ਟੀ.ਨਿਊਜ਼:
ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਚੋਣਾਂ ਦੌਰਾਨ ‘ਆਪ’ ਦੇ ਦਿੱਲੀ ਮਾਡਲ ਨੂੰ ਜ਼ੋਰ-ਸ਼ੋਰ ਨਾਲ ਪ੍ਰਚਾਰਿਆ ਜਾਂਦਾ ਰਿਹਾ ਹੈ, ਜਿੱਥੇ ਸਕੂਲ ਤੇ ਸਿਹਤ ਵਿਵਸਥਾ ਵਿੱਚ ਸੁਧਾਰ ਦੇ ਨਾਲ-ਨਾਲ ਲੋਕਾਂ ਨੂੰ ਮੁਫ਼ਤ ਬਿਜਲੀ, ਪਾਣੀ ਤੇ ਬੱਸ ਸਫ਼ਰ ਦੀ ਗੱਲ ਕੀਤੀ ਜਾਂਦੀ ਸੀ। ਦਿੱਲੀ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ‘ਆਪ’ ਦਾ ਦਿੱਲੀ ਮਾਡਲ ਸਫ਼ਲ ਨਹੀਂ ਹੋ ਸਕਿਆ ਹੈ। ਦਸ ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ ਦਿੱਲੀ ਦੇ ਲੋਕਾਂ ਨੇ ‘ਆਪ’ ਦੇ ਦਿੱਲੀ ਮਾਡਲ ਨੂੰ ਨਕਾਰ ਕੇ ਭਾਜਪਾ ਨੂੰ ਮੌਕਾ ਦਿੱਤਾ ਹੈ। ਦਿੱਲੀ ਵਿੱਚ ‘ਆਪ’ ਦੀ ਹਾਰ ਦੇ ਨਾਲ ਹੀ ਦੇਸ਼ ਭਰ ਵਿੱਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉੱਥੇ ਹੀ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਵੀ ਘੁਸਰ-ਮੁਸਰ ਸ਼ੁਰੂ ਹੋ ਗਈ ਹੈ।
‘ਆਪ’ ਵੱਲੋਂ ਪੰਜਾਬ ਵਿੱਚ ਸਾਲ 2022 ਦੀਆਂ ਚੋਣਾਂ ਦੇ ਪਹਿਲਾਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਦਿੱਲੀ ਮਾਡਲ ਦਾ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਅਤੇ ਸੂਬੇ ਵਿੱਚ ਇਸ ਮਾਡਲ ਨੂੰ ਲਾਗੂ ਵੀ ਕੀਤਾ ਗਿਆ ਹੈ। ‘ਆਪ’ ਵੱਲੋਂ ਦਿੱਲੀ ਮਾਡਲ ਤਹਿਤ ਹੀ ਪੰਜਾਬ ਵਿੱਚ ਸਿਹਤ ਤੇ ਸਿੱਖਿਆ ਖੇਤਰ ਵਿੱਚ ਸੁਧਾਰ ਦਾ ਕਾਰਡ ਖੇਡਿਆ ਗਿਆ। ਉਸੇ ਤਰਜ਼ ’ਤੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਰਾਸ਼ੀ ਦੇਣ ਦਾ ਐਲਾਨ ਅਤੇ ਮੁਫ਼ਤ ਬੱਸ ਸਫ਼ਰ ਦਾ ਫ਼ੈਸਲਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਪੰਜਾਬ ਦੀ ਸੱਤਾ ਵਿੱਚ ਤਿੰਨ ਸਾਲ ਤੋਂ ਕਾਬਜ਼ ‘ਆਪ’ ਸਰਕਾਰ ਕੋਈ ਨਵਾਂ ਕੰਮ ਨਹੀਂ ਕਰ ਸਕੀ ਹੈ ਪਰ ਹੁਣ ਦਿੱਲੀ ਵਿੱਚ ਹਾਰ ਤੋਂ ਬਾਅਦ ‘ਆਪ’ ਨੂੰ ਪੰਜਾਬ ਮਾਡਲ ਤਿਆਰ ਕਰਨਾ ਪਵੇਗਾ। ‘ਆਪ’ ਨੂੰ ਅਗਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਦਿੱਲੀ ਤੋਂ ਹੱਟ ਕੇ ਪੰਜਾਬ ਵਿੱਚ ਕੁਝ ਵੱਖਰਾ ਕਰਨ ਦੀ ਲੋੜ ਹੈ, ਜਿਸ ਨੂੰ ਆਗਾਮੀ ਚੋਣਾਂ ਵਿੱਚ ਪ੍ਰਚਾਰਿਆ ਜਾ ਸਕੇ। ਦੂਜੇ ਪਾਸੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਇਹ ਵੀ ਚੱਲ ਰਹੀ ਹੈ ਕਿ ਦਿੱਲੀ ਵਿੱਚ ਹਾਰ ਤੋਂ ਬਾਅਦ ‘ਆਪ’ ਦੀ ਸਮੁੱਚੀ ਲੀਡਰਸ਼ਿਪ ਦਾ ਕੇਂਦਰ ਬਿੰਦੂ ਪੰਜਾਬ ਹੋਵੇਗਾ। ਇਸ ਦੌਰਾਨ ‘ਆਪ’ ਦੀ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਡੇਰੇ ਲਗਾਏ ਜਾਣਗੇ। ਇਹ ਪੰਜਾਬ ਲਈ ਲਾਹੇਵੰਦ ਸਾਬਤ ਹੁੰਦਾ ਹੈ ਜਾਂ ਘਾਤਕ ਇਹ ਤਾਂ ਸਮਾਂ ਦੀ ਦੱਸੇਗਾ ਪਰ ਦਿੱਲੀ ਵਿੱਚ ‘ਆਪ’ ਦੀ ਹਾਰ ਤੋਂ ਬਾਅਦ ਪੰਜਾਬ ਸਰਕਾਰ ਨੂੰ ਕੇਂਦਰ ਦੇ ਤਿੱਖੇ ਰਵੱਈਏ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਉਣ ਵਾਲੇ ਦਿਨਾਂ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਹੋਰ ਵੀ ਮਤਰੇਆ ਸਲੂਕ ਕੀਤਾ ਜਾ ਸਕਦਾ ਹੈ। ਹਾਲਾਂਕਿ, ਪਹਿਲਾਂ ਹੀ ਕੇਂਦਰ ਸਰਕਾਰ ਨੇ ਪੰਜਾਬ ਨੂੰ ਫੰਡ ਜਾਰੀ ਕਰਨ ਵਿੱਚ ਹੱਥ ਘੁੱਟ ਕੇ ਰੱਖਿਆ ਹੋਇਆ ਹੈ। ਇਹ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਘਾਤਕ ਹੋ ਸਕਦਾ ਹੈ।
![]()
