ਅੰਮ੍ਰਿਤਸਰ:
ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਫ਼ੈਸਲੇ ਨੂੰ ਸਿਆਸੀ ਦਬਾਅ ਹੇਠ ਲਿਆ ਫ਼ੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੋ ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਮਗਰੋਂ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਸੀ ਕਿ ਭਵਿੱਖ ’ਚ ਉਨ੍ਹਾਂ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਿੱਖ ਸੰਸਥਾਵਾਂ ਤੋਂ ਸਿਆਸੀ ਦਬਾਅ ਖਤਮ ਨਹੀਂ ਹੁੰਦਾ, ਅਜਿਹੇ ਫ਼ੈਸਲੇ ਹੁੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਜਾਂਚ ਕਮੇਟੀ ਕੋਲ ਪੇਸ਼ ਹੋਣ ਤੋਂ ਨਾਂਹ ਕਰ ਦਿੱਤੀ ਸੀ ਕਿਉਂਕਿ ਇਹ ਜਥੇਦਾਰ ਦੇ ਅਹੁਦੇ ਦੀ ਤੌਹੀਨ ਸੀ। ਸ਼੍ਰੋਮਣੀ ਅਕਾਲੀ ਦਲ ਤੇ ਵਿਰੋਧੀ ਧਿਰਾਂ ਨਾਲ ਸਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ 80 ਫ਼ੀਸਦੀ ਤੋਂ ਵੱਧ ਆਗੂਆਂ ਨਾਲ ਉਨ੍ਹਾਂ ਦੇ ਸਬੰਧ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਸਿਰੋਪਾ ਦੇਣ ਬਾਰੇ ਉਨ੍ਹਾਂ ਕਿਹਾ ਕਿ ਉਹ ਦਿੱਲੀ ਕਥਾ ਕੀਰਤਨ ਵਾਸਤੇ ਗਏ ਹੋਏ ਸਨ ਅਤੇ ਇਹ ਸਿਰੋਪਾ ਗੁਰਦੁਆਰੇ ਦੇ ਹੈੱਡ ਗ੍ਰੰਥੀ ਵੱਲੋਂ ਦਿੱਤਾ ਗਿਆ ਹੈ।