ਪੂਰੇ ਮਨੁੱਖੀ ਤਸਕਰੀ ਨੈੱਟਵਰਕ ’ਤੇ ਹਮਲਾ ਕਰਨਾ ਪਵੇਗਾ : ਮੋਦੀ 

In ਮੁੱਖ ਖ਼ਬਰਾਂ
February 14, 2025
ਚੰਡੀਗੜ੍ਹ, 14 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੇ ਮੁੱਦੇ ਉੱਤੇ ਸਪੱਸ਼ਟ ਤੌਰ ’ਤੇ ਕਿਹਾ ਕਿ ਜੋ ਲੋਕ ਕਿਸੇ ਹੋਰ ਦੇਸ਼ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਹਨ, ਉਨ੍ਹਾਂ ਨੂੰ ਉੱਥੇ ਰਹਿਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਹਮੇਸ਼ਾ ਇਹ ਕਿਹਾ ਹੈ ਕਿ ਉਹ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਵਾਪਸ ਲੈਣ ਲਈ ਤਿਆਰ ਹੈ ਜੇਕਰ ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਹੋ ​​ਜਾਂਦੀ ਹੈ। ਹਾਲਾਂਕਿ, ਪ੍ਰਧਾਨ ਮੰਤਰੀ ਮੋਦੀ ਨੇ ਸਮੱਸਿਆ ਦੇ ਡੂੰਘੇ ਕਾਰਨਾਂ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ “ਇਹ ਸਿਰਫ਼ ਪ੍ਰਵਾਸੀਆਂ ਦੀ ਵਾਪਸੀ ਦਾ ਮਾਮਲਾ ਨਹੀਂ ਹੈ। ਜ਼ਿਆਦਾਤਰ ਲੋਕ ਵੱਡੇ ਸੁਪਨਿਆਂ ਦੇ ਭਰਮਾਉਣ ਅਤੇ ਲੁਭਾਉਣ ਤੋਂ ਬਾਅਦ ਇੱਥੇ ਆਉਂਦੇ ਹਨ। ਸਾਨੂੰ ਇਸ ਪੂਰੇ ਮਨੁੱਖੀ ਤਸਕਰੀ ਨੈੱਟਵਰਕ ’ਤੇ ਹਮਲਾ ਕਰਨਾ ਪਵੇਗਾ।’’ ਉਨ੍ਹਾਂ ਅਮਰੀਕਾ ਨੂੰ ਅਪੀਲ ਕੀਤੀ ਕਿ ਭਾਰਤ ਅਤੇ ਅਮਰੀਕਾ ਨੂੰ ਇਸ ਈਕੋਸਿਸਟਮ ਨੂੰ ਜੜ੍ਹਾਂ ਤੋਂ ਖਤਮ ਕਰਨ ਲਈ ਸਾਂਝੇ ਯਤਨ ਕਰਨੇ ਪੈਣਗੇ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਇਸ Ecosystem ਨੂੰ ਤਬਾਹ ਕਰਨ ਵਿੱਚ ਭਾਰਤ ਦਾ ਪੂਰਾ ਸਮਰਥਨ ਕਰਨਗੇ। ਇਸ ਵਿਸ਼ੇ ’ਤੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਪਿੱਛੇ ਸਰਗਰਮ ਰੈਕੇਟ ਬਾਰੇ ਹੋਰ ਜਾਣਕਾਰੀ ਸਾਂਝੀ ਕਰਨ ਦੀ ਬੇਨਤੀ ਕੀਤੀ ਤਾਂ ਜੋ ਇਸ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਸ੍ਰੀ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਇਸ ਮੁੱਦੇ ’ਤੇ ਭਾਰਤ ਅਤੇ ਅਮਰੀਕਾ ਵਿਚਕਾਰ ਤਿੱਖੀ ਚਰਚਾ ਹੋਈ, ਜਿਸ ਵਿੱਚ ਦੋਵਾਂ ਦੇਸ਼ਾਂ ਨੇ ਜ਼ਿੰਮੇਵਾਰੀ ਨੂੰ ਸਵੀਕਾਰ ਕੀਤਾ ਅਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਅਤੇ ਮਨੁੱਖੀ ਤਸਕਰੀ ਨੂੰ ਰੋਕਣ ਲਈ ਸਾਂਝੇ ਯਤਨਾਂ ਦੀ ਜ਼ਰੂਰਤ ’ਤੇ ਸਹਿਮਤੀ ਪ੍ਰਗਟਾਈ। ਚੇਤੇ ਰਹੇ ਕਿ ਡੋਨਲਡ ਟਰੰਪ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ, ਅਮਰੀਕਾ ਨੇ ਗੈਰ-ਕਾਨੂੰਨੀ ਪਰਵਾਸੀਆਂ ਨੂੰ ਦੇਸ਼ ਤੋਂ ਬਾਹਰ ਭੇਜਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ।

Loading