ਬੀਤੇ ਦਿਨੀਂ ਦਿਲੀ ਸਿਖ ਕਤਲੇਆਮ ਨਵੰਬਰ 84 ਪੀੜਤ ਧਿਰ ਨੇ ਲਿਖਤੀ ਹਲਫ਼ਨਾਮੇ ਰਾਹੀਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੂੰ ਅਪੀਲ ਕੀਤੀ ਸੀ ਕਿ ਕਤਲੇਆਮ ਲਈ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਹੋਵੇ। ਦੂਜੇ ਪਾਸੇ ਸੱਜਣ ਕੁਮਾਰ ਦੇ ਵਕੀਲ ਵੱਲੋਂ ਦਲੀਲਾਂ ਲਈ ਹੋਰ ਸਮਾਂ ਮੰਗਣ ਮਗਰੋਂ ਜੱਜ ਨੇ ਕੇਸ ਦੀ ਅਗਲੀ ਸੁਣਵਾਈ 21 ਫਰਵਰੀ ਲਈ ਮੁਲਤਵੀ ਕਰ ਦਿੱਤੀ ਸੀ।ਉਧਰ ਸ਼ਿਕਾਇਤਕਰਤਾ ਪੀੜਤ ਧਿਰ ਵੱਲੋਂ ਪੇਸ਼ ਸੀਨੀਅਰ ਵਕੀਲ ਐੱਚ.ਐੱਸ.ਫੂਲਕਾ ਨੇ ਇਸਤਗਾਸਾ ਧਿਰ ਦੀ ਕੁਮਾਰ ਲਈ ਮੌਤ ਦੀ ਸਜ਼ਾ ਦੀ ਮੰਗ ਦੀ ਹਮਾਇਤ ਕੀਤੀ ਤੇ ਜਿਰ੍ਹਾ ਲਈ ਸਮਾਂ ਮੰਗਿਆ। ਕੁਮਾਰ ਇਸ ਵੇਲੇ ਤਿਹਾੜ ਦੀ ਜੇਲ੍ਹ ਵਿਚ ਬੰਦ ਹੈ। ਇਥੇ ਜਿਕਰਯੋਗ ਹੈ ਕਿ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ 1 ਨਵੰਬਰ 1984 ਨੂੰ ਹੱਤਿਆ ਕੀਤੀ ਗਈ ਸੀ। ਸ਼ੁਰੂਆਤ ਵਿਚ ਪੰਜਾਬੀ ਬਾਗ ਪੁਲੀਸ ਥਾਣੇ ਨੇ ਕੇਸ ਦਰਜ ਕੀਤਾ ਸੀ, ਪਰ ਮਗਰੋਂ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਸੰਭਾਲ ਲਈ।ਅਦਾਲਤ ਨੇ 16 ਦਸੰਬਰ, 2021 ਨੂੰ ਕੁਮਾਰ ਵਿਰੁੱਧ ਦੋਸ਼ ਤੈਅ ਕੀਤੇ ਸਨ। ਇਸਤਗਾਸਾ ਧਿਰ ਨੇ ਦੋਸ਼ ਲਗਾਇਆ ਹੈ ਕਿ ਘਾਤਕ ਹਥਿਆਰਾਂ ਨਾਲ ਲੈਸ ਇੱਕ ਵੱਡੇ ਹਜੂਮ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਸਿੱਖਾਂ ਦੀਆਂ ਜਾਇਦਾਦਾਂ ਨੂੰ ਵੱਡੇ ਪੱਧਰ ’ਤੇ ਲੁੱਟਿਆ ਤੇ ਅੱਗਜ਼ਨੀ ਕੀਤੀ।ਇਸਤਗਾਸਾ ਧਿਰ ਨੇ ਦਾਅਵਾ ਕੀਤਾ ਕਿ ਭੀੜ ਨੇ ਸ਼ਿਕਾਇਤਕਰਤਾ, ਜੋ ਕਿ ਜਸਵੰਤ ਦੀ ਪਤਨੀ ਹੈ, ਦੇ ਘਰ ’ਤੇ ਹਮਲਾ ਕੀਤਾ। ਸਾਮਾਨ ਲੁੱਟਿਆ ਅਤੇ ਉਨ੍ਹਾਂ ਦੇ ਘਰ ਨੂੰ ਅੱਗ ਲਗਾਉਣ ਤੋਂ ਇਲਾਵਾ ਪਿਉ ਪੁੱਤ ਦੀ ਹੱਤਿਆ ਕਰ ਦਿੱਤੀ।
ਯਾਦ ਰਹੇ ਕਿ1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿੱਚ ਮਾਨਵ ਵਿਰੋਧੀ ਕਰੂਰ ਕਾਰੇ ਦੀ ਸਿਖਰ ਵਜੋਂ ਅੰਕਿਤ ਹੈ, ਜਿਸ ਦੇ ਪੀੜਤ ਕਰੀਬ 4 ਦਹਾਕਿਆਂ ਤੋਂ ਵਧ ਇਨਸਾਫ਼ ਲਈ ਅੱਜ ਵੀ ਸੰਘਰਸ਼ ਕਰ ਰਹੇ ਹਨ, ਜੋ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਲਈ ਸ਼ਰਮਨਾਕ ਹੈ। ਹੁਣ ਜਦੋਂ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੋਸ਼ੀ ਪਾਏ ਗਏ ਹਨ ਤਾਂ ਉਸ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਸੱਜਣ ਕੁਮਾਰ ਤੋਂ ਇਲਾਵਾ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸਮੇਤ ਹੋਰ ਵੀ ਕਈ ਆਗੂ ਸਿੱਖ ਕਤਲੇਆਮ ਵਿਚ ਸ਼ਾਮਲ ਸਨ ਅਤੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਕਾਂਗਰਸ ਨੇ ਸਿੱਖਾਂ ਦੇ ਜਖਮ ਭਰਨ ਦੀ ਥਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹਮੇਸ਼ਾ ਵੱਡੇ ਅਹੁਦੇ ਦੇ ਕੇ ਨਿਵਾਜਿਆ ਹੈ। ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ 1984 ਸਿੱਖ ਕਤਲੇਆਮ ਨਾਲ ਸਬੰਧਤ ਦੇਸ਼ ਦੇ ਵੱਖ-ਵੱਖ ਥਾਂਵਾਂ ਉੱਤੇ ਚੱਲ ਰਹੇ ਮਾਮਲਿਆਂ ਨੂੰ ਫਾਸਟ ਟ੍ਰੈਕ ਅਦਾਲਤਾਂ ਰਾਹੀਂ ਅੱਗੇ ਵਧਾਇਆ ਜਾਵੇ ਤਾਂ ਜੋ ਇਨਸਾਫ਼ ਵਿੱਚ ਹੋਰ ਦੇਰੀ ਨਾ ਹੋਵੇ। ਭਾਰਤ ਦੀ ਸੰਸਦ ਅੰਦਰ ਸਿੱਖ ਕਤਲੇਆਮ ਪ੍ਰਤੀ ਸੰਵੇਦਨਾ ਅਤੇ ਮੁਆਫ਼ੀ ਦਾ ਇੱਕ ਮਤਾ ਵੀ ਜ਼ਰੂਰ ਪਾਸ ਕੀਤਾ ਜਾਵੇ। ਇਹ ਭਾਰਤ ਵਿੱਚ 1984 ਅੰਦਰ ਮਾਰੇ ਗਏ ਬੇਦੋਸ਼ੇ ਸਿੱਖ ਨਾਗਰਿਕਾਂ ਪ੍ਰਤੀ ਇੱਕ ਸ਼ਰਧਾਂਜਲੀ ਹੋਵੇਗੀ।