
ਤਲਵੰਡੀ ਸਾਬੋ/ਏ.ਟੀ.ਨਿਊਜ਼:
ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੀ ਕਾਨਫ਼ਰੰਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਥਕ ਮਸਲਿਆਂ, ਸਿੱਖ ਕੌਮ ਦੀ ਭਵਿੱਖ ਨੀਤੀ ਅਤੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਗੱਲ ਕੀਤੀ। ਕਾਨਫ਼ਰੰਸ ਨੂੰ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਇਮਾਨ ਸਿੰਘ ਖਾਰਾ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਨੇ ਪੰਜਾਬ ’ਚ ਭਰੋਸੇਯੋਗ ਪ੍ਰਸ਼ਾਸਨ ਦੀ ਲੋੜ, ਕਿਸਾਨ, ਮਜ਼ਦੂਰ, ਵਪਾਰੀ ਵਰਗ ਅਤੇ ਨੌਜਵਾਨਾਂ ਦੀ ਹੱਕੀ ਲੜਾਈ ਨੂੰ ਤਰਜੀਹ ਦੇਣ ਦਾ ਮੁੱਖ ਏਜੰਡਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕਥਿਤ ਸਰਕਾਰੀ ਧੱਕੇਸ਼ਾਹੀ, ਪੰਜਾਬ ਤੇ ਸਿੱਖ ਵਿਰੋਧੀ ਫ਼ੈਸਲੇ, ਬਾਹਰਲਿਆਂ ਨੂੰ ਨੌਕਰੀਆਂ ਦੇਣੀਆਂ ਤੇ ਸੂਬੇ ਦੇ ਨੌਜਵਾਨਾਂ ਦੀ ਬੇਰੁਜ਼ਗਾਰੀ ਗੰਭੀਰ ਮੁੱਦੇ ਹਨ। ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਸਣੇ ਜੇਲ੍ਹਾਂ ’ਚ ਬੰਦ ਬੇਗੁਨਾਹ ਸਿੱਖ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਦੀਆਂ ਗ਼ੈਰਕਾਨੂੰਨੀ ਗ੍ਰਿਫ਼ਤਾਰੀਆਂ ਸਿੱਖ ਪੰਥ ਦੀ ਆਜ਼ਾਦੀ ਤੇ ਹੱਕਾਂ ’ਤੇ ਹਮਲਾ ਹਨ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਸਿੱਖ ਪੰਥ ਦੇ ਅਧਿਕਾਰਾਂ ’ਤੇ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਵਿਸ਼ੇਸ਼ ਨੀਤੀ ਬਣਾਉਣ ਦੀ ਲੋੜ ਹੈ। ਬੁਲਾਰਿਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਚ ਪਾਰਦਰਸ਼ਤਾ ਲਿਆਉਣ ਦੀ ਲੋੜ ਅਤੇ ਸੂਬੇ ’ਚ ਬੇਰੁਜ਼ਗਾਰੀ ਨੂੰ ਠੱਲ੍ਹਣ ਲਈ ਠੋਸ ਨੀਤੀ ਬਣਾਉਣ ’ਤੇ ਜ਼ੋਰ ਦਿੱਤਾ। ਆਗੂਆਂ ਨੇ ਹੋਰ ਰੋਜ਼ ਨੌਜਵਾਨਾਂ ਦੇ ਕਥਿਤ ਝੂਠੇ ਪੁਲਿਸ ਮੁਕਾਬਲੇ ਬਣਾਉਣ ਦੀ ਨਿਖੇਧੀ ਕੀਤੀ।