ਰਾਜੋਆਣਾ ਦੀ ਫ਼ਾਂਸੀ ਸਬੰਧੀ ਕੇਂਦਰ ਸਰਕਾਰ ਆਰ- ਪਾਰ ਦਾ ਫ਼ੈਸਲਾ ਦੇਵੇ : ਧਾਮੀ

In ਪੰਜਾਬ
April 16, 2025
ਅੰਮ੍ਰਿਤਸਰ/ਏ.ਟੀ.ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮੁੱਖ ਦਫ਼ਤਰ ਵਿਖੇ ਹੋਈ। ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਨਾਲ-ਨਾਲ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਕਰਵਾਉਣ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਸਮਾਗਮ ਬਾਰੇ ਜਾਣਕਾਰੀ ਦਿੱਤੀ ਗਈ। ਇਨ੍ਹਾਂ 350 ਸਾਲਾ ਸ਼ਤਾਬਦੀਆਂ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਜ ਕਰੋੜ ਰੁਪਏ ਦਾ ਵੱਖਰਾ ਬਜਟ ਰੱਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸੇਵਾ ਕਾਲ ਸਬੰਧੀ ਨਿਯਮ ਬਣਾਉਣ ਲਈ ਮੰਗੇ ਗਏ ਸੁਝਾਵਾਂ ਸਬੰਧੀ ਹੋਰ ਸਮਾਂ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਸਬੰਧੀ ਕੇਂਦਰ ਸਰਕਾਰ ਆਰ- ਪਾਰ ਦਾ ਫ਼ੈਸਲਾ ਦੇਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਚਾਰ ਪ੍ਰਤੀਸ਼ਤ ਮਹਿੰਗਾਈ ਭੱਤਾ ਦਿੱਤਾ ਜਾਵੇਗਾ।

Loading