
ਅੰਮ੍ਰਿਤਸਰ/ਏ.ਟੀ.ਨਿਊਜ਼: ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਨਿਗਰਾਨ ਕਮੇਟੀ ਦੀ ਅਗਵਾਈ ਹੇਠ ਚੱਲ ਰਹੀ ਭਰਤੀ ਮੁਹਿੰਮ ਮੁਕੰਮਲ ਹੋਣ ਉਪਰੰਤ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਹੋਵੇਗੀ। ਡੇਰਾ ਕਾਰ ਸੇਵਾ ਭੂਰੀਵਾਲਿਆਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਸੰਗਤਾਂ ਸਿਰਫ਼ ਉਸ ਸਖਸ਼ੀਅਤ ਨੂੰ ਹੀ ਅਕਾਲੀ ਦਲ ਦਾ ਪ੍ਰਧਾਨ ਮੰਨਣ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਕਮੇਟੀ ਅਨੁਸਾਰ ਭਰਤੀ ਕੀਤੇ ਜਾਣ ਉਪਰੰਤ ਡੇਲੀਗੇਟਾਂ ਵੱਲੋਂ ਬਣਾਇਆ ਗਿਆ ਹੋਵੇ। ਪਹਿਲਗਾਮ ਵਿਖੇ ਹੋਏ ਸੈਲਾਨੀਆਂ ’ਤੇ ਅੱਤਵਾਦੀ ਹਮਲੇ ਦੀ ਨਿੰਦਾ ਕਰਦਿਆ ਉਨ੍ਹਾਂ ਕਿਹਾ ਕਿ ਇਸ ਹਮਲੇ ਨਾਲ ਕਸ਼ਮੀਰ ਅਤੇ ਕਸ਼ਮੀਰ ਦੇ ਲੋਕਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਸਾਨੂੰ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਲੋੜ ਹੈ। ਭਾਰਤ ਸਰਕਾਰ ਨੂੰ ਦੋਸ਼ੀਆਂ ਵਿਰੱੁਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ’ਤੇ ਹੋਏ ਦੁਰਵਿਵਹਾਰ ਦੀ ਵੀ ਨਿੰਦਾ ਕੀਤੀ ਅਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਏਅਰਲਾਈਨਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਪ੍ਰਚਾਰ ਹੋ ਰਿਹਾ ਹੈ, ਪਰ ਲੋਕ ਪੈਸੇ ਲੈ ਕੇ ਧਰਮ ਪਰਿਵਰਤਨ ਕਰ ਰਹੇ ਹਨ, ਜੋ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਛੇਤੀ ਤੋਂ ਛੇਤੀ ਹੋਣੀਆਂ ਚਾਹੀਦੀਆਂ ਹਨ ਅਤੇ ਸਾਰੀਆਂ ਸਿੱਖ ਸੰਸਥਾਵਾਂ ਨੂੰ ਇਕੱਠੇ ਹੋ ਕੇ ਇਹ ਚੋਣ ਲੜਣੀ ਚਾਹੀਦੀ ਹੈ। ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦਾ ਘਾਣ ਕੀਤਾ ਹੈ, ਉਨ੍ਹਾਂ ਨੂੰ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਪਿਛਲੇ ਸਮੇਂ ਵਿੱਚ ਕਾਂਗਰਸ ਨਾਲ ਸਬੰਧ ਰਹੇ ਹਨ ਅਤੇ 1984 ਦੇ ਦੰਗਿਆਂ ਦੇ ਦੋਸ਼ੀਆਂ ਦਾ ਸਨਮਾਨ ਕਰਨ ਦੇ ਇਲਜਾਮ ਵੀ ਲੱਗਦੇ ਰਹੇ ਹਨ।