
ਅੰਮ੍ਰਿਤਸਰ/ਏ.ਟੀ.ਨਿਊਜ਼:
ਭਾਰਤ-ਪਾਕਿਸਤਾਨ ਵਿੱਚ ਬਣੇ ਤਣਾਅਪੂਰਨ ਹਾਲਾਤ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿੱਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਹੱਦੀ ਖੇਤਰਾਂ ਵਾਲੇ ਇਤਿਹਾਸਕ ਗੁਰਦੁਆਰਿਆਂ ਵਿੱਚ ਅਜਿਹੇ ਲੋਕਾਂ ਲਈ ਸਰਾਵਾਂ ਰਾਖਵੀਆਂ ਰੱਖਣ ਅਤੇ ਲੰਗਰਾਂ ਦੇ ਪ੍ਰਬੰਧ ਕਰਨ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਵਿੱਚ ਤਲਖ਼ ਹਾਲਾਤ ਕਰਕੇ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਿਆਂ ਵਿੱਚ ਰਹਿਣ ਲਈ ਸਰਾਵਾਂ ਅਤੇ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧ ਵਿੱਚ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਗੁਰਦਾਸਪੁਰ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਅੰਮ੍ਰਿਤਸਰ, ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਾ: ਛੇਵੀਂ ਹੁਸ਼ਿਆਰਨਗਰ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਅੰਮ੍ਰਿਤਸਰ, ਗੁਰਦੁਆਰਾ ਬਾਬਾ ਬੀਰ ਸਿੰਘ ਪਿੰਡ ਰੱਤੋਕੇ ਤਰਨ ਤਰਨ ਸਮੇਤ ਹੋਰ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਪੱਤਰ ਜਾਰੀ ਕਰਕੇ ਲੋੜੀਂਦੇ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ ਹਨ।