ਇੱਕ ਦਰਜਨ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ ਵਿੱਚ ਦਾਖਲ ਹੋਣ ’ਤੇ ਪਾਬੰਦੀ

In ਅਮਰੀਕਾ
June 06, 2025
ਸੈਕਰਾਮੈਂਟੋ,ਕੈਲੀਫ਼ੋਰਨੀਆ/ਹੁਸਨ ਲੜੋਆ ਬੰਗਾ: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਦਿਨੀਂ ਇੱਕ ਐਲਾਨ ’ਤੇ ਦਸਤਖ਼ਤ ਕਰਕੇ ਇੱਕ ਦਰਜਨ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ ਵਿੱਚ ਦਾਖਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਦੇਸ਼ਾਂ ਵਿੱਚ ਅਫ਼ਗਾਨਿਸਤਾਨ, ਮਿਆਂਮਾਰ, ਚਾਡ, ਕਾਂਗੋ ਗਣਰਾਜ, ਇਕੂਟੇਰੀਅਲ ਗਿਨੀ, ਏਰੀਟਰੀਆ, ਹੈਤੀ, ਇਰਾਨ, ਲੀਬੀਆ, ਸੋਮਾਲੀਆ, ਸੁਡਾਨ ਅਤੇ ਯਮਨ ਸ਼ਾਮਲ ਹਨ। ਇਸ ਪਾਬੰਦੀ ਤੋਂ ਇਲਾਵਾ ਬੁਰੂੰਡੀ, ਕਿਊਬਾ, ਲਾਓਸ, ਸੀਅਰਾ ਲਿਓਨ, ਟੋਗੋ, ਤੁਰਕਮੇਨਿਸਤਾਨ ਅਤੇ ਵੈਨੇਜ਼ੁਏਲਾ ਤੋਂ ਆਉਣ ਵਾਲੇ ਸੈਲਾਨੀਆਂ ’ਤੇ ਪਾਬੰਦੀਆਂ ਵਧਾਈਆਂ ਜਾਣਗੀਆਂ। ਇਸ ਤੋਂ ਇਲਾਵਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਨਵੇਂ ਵਿਦਿਆਰਥੀਆਂ ਦੇ ਦਾਖਲੇ ਉੱਪਰ ਰੋਕ ਲਾ ਦਿੱਤੀ ਹੈ। ਉਨ੍ਹਾਂ ਨੇ ਕੌਮਾਂਤਰੀ ਵੀਜ਼ਾ ਪ੍ਰੋਗਰਾਮ ਮੁਲਤਵੀ ਕਰਨ ਸਬੰਧੀ ਇੱਕ ਘੋਸ਼ਣਾ ਪੱਤਰ ਉੱਪਰ ਦਸਤਖ਼ਤ ਕੀਤੇ ਜਿਸ ਤਹਿਤ ਹਾਰਵਰਡ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਦੇ ਇੱਛੁਕ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਨਹੀਂ ਕੀਤੇ ਜਾਣਗੇ। ਇਹ ਜਾਣਕਾਰੀ ਵਾਈਟ ਹਾਊਸ ਨੇ ਦਿੱਤੀ ਹੈ। ਵਾਈਟ ਹਾਊਸ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਘੋਸ਼ਣਾ ਪੱਤਰ ਅਨੁਸਾਰ ਐਫ਼,ਐਮ ਜਾਂ ਜੇ ਵੀਜ਼ੇ ਤਹਿਤ ਕਿਸੇ ਵੀ ਨਵੇਂ ਵਿਦਿਆਰਥੀ ਦਾ ਗੈਰ ਪ੍ਰਵਾਸੀ ਵਜੋਂ ਹਾਰਵਰਡ ਯੂਨੀਵਰਸਿਟੀ ਵਿੱਚ ਦਾਖਲਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਹਾਰਵਰਡ ਯੂਨੀਵਰਸਿਟੀ ਵਿੱਚ ਪੜ੍ਹਦੇ ਮੌਜੂਦਾ ਵਿਦਿਆਰਥੀਆਂ ਦੇ ਐਫ਼, ਐਮ ਜਾਂ ਜੇ ਵੀਜ਼ਿਆਂ ਨੂੰ ਰੱਦ ਕਰਨ ਬਾਰੇ ਵਿਚਾਰ ਕਰੇ ਤਾਂ ਜੋ ਘੋਸ਼ਣਾ ਪੱਤਰ ਦੀ ਕਸੌਟੀ ੳੱੁਪਰ ਖਰਾ ਉੱਤਰਿਆ ਜਾ ਸਕੇ।ਇਸ ਘੋਸ਼ਣਾ ਪੱਤਰ ਦੇ ਜਾਰੀ ਹੋਣ ਕਾਰਨ ਜਿਥੇ ਇਸ ਪ੍ਰਸਿੱਧ ਯੂਨੀਵਰਸਿਟੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ ਉਥੇ ਯੂਨੀਵਰਸਿਟੀ ਵਿੱਚ ਪੜ੍ਹਦੇ ਮੌਜੂਦਾ ਕੌਮਾਂਤਰੀ ਵਿਦਿਆਰਥੀਆਂ ਲਈ ਵੀ ਕਿਸੇ ਵੀ ਸਮੇਂ ਸੰਕਟ ਖੜ੍ਹਾ ਹੋ ਸਕਦਾ ਹੈ।

Loading