ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ। ਪ੍ਰਧਾਨ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਬੰਧੀ ਸੇਵਾ ਨਿਯਮ, ਨਿਯੁਕਤੀ ਤੇ ਸੇਵਾ ਮੁਕਤੀ ਨੂੰ ਲੈ ਕੇ ਸਬ ਕਮੇਟੀ ਗਠਤ ਕੀਤੀ ਜਾਵੇਗੀ, ਜੋ ਇਸ ਸਬੰਧੀ ਆਪਣੀ ਰਾਏ ਸ਼੍ਰੋਮਣੀ ਕਮੇਟੀ ਨੂੰ ਦੇਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਵੱਡੇ ਪੱਧਰ ’ਤੇ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਸ ਸ਼ਤਾਬਦੀ ਲਈ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿੱਚ ਪੰਜ ਕਰੋੜ ਦਾ ਵਿਸ਼ੇਸ਼ ਬਜਟ ਵੀ ਰਾਖਵਾਂ ਰੱਖਿਆ ਗਿਆ ਹੈ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਲਗਾਉਣ ਦੇ ਫੈਸਲੇ ਬਾਰੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਛੇ ਜੂਨ ਦੇ ਘੱਲੂਘਾਰਾ ਸਮਾਗਮ ਵਿੱਚ ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਸਮੇਤ ਸਹਿਯੋਗ ਦੇਣ ਵਾਲੀਆਂ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
![]()
