ਬੰਦੀ ਸਿੰਘਾਂ ਦੀ ਰਿਹਾਈ ਲਈ ਇਕੱਠੇ ਹੋਣ ਦੀ ਲੋੜ: ਧਾਮੀ

In ਪੰਜਾਬ
June 23, 2025

ਮਾਨਸਾ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਲਈ ਕੌਮ ਨੂੰ ਇੱਕ ਝੰਡੇ ਥੱਲੇ ਇੱਕਠੇ ਹੋਣ ਦੀ ਲੋੜ ਹੈ ਤਾਂ ਹੀ ਪੰਥਕ ਮਸਲੇ ਹੱਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਸੰਘਰਸ਼ ਨੂੰ ਹੁਣ ਇਕਜੁੱਟ ਹੋ ਕੇ ਲੜਨ ਦੀ ਲੋੜ ਹੈ ਤਾਂ ਜੋ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਨੂੰ ਰਿਹਾਅ ਕਰਵਾਇਆ ਜਾ ਸਕੇ। ਉਹ ਨੇੜਲੇ ਪਿੰਡ ਬਰ੍ਹੇ ਵਿੱਚ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਗੁਰਮਤਿ ਸਮਾਗਮ ਦੌਰਾਨ ਜੁੜੀ ਸੰਗਤ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਇਸ ਵਾਰ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਦਾ 350 ਸਾਲਾ ਸ਼ਹੀਦੀ ਦਿਹਾੜਾ ਅਤੇ ਇਸ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਦਾ 350 ਸਾਲਾ ਗੁਰਿਆਈ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਇਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾ ਰਹੇ ਹਨ।
ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਅਤੇ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਕੀ ਕੰਪਲੈਕਸ ਅਤੇ ਲਾਇਬ੍ਰੇਰੀ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ। ਇਸ ਕੰਪਲੈਕਸ ਦੀ ਕਾਰ ਸੇਵਾ ਬਾਬਾ ਬਚਨ ਸਿੰਘ ਦਿੱਲੀ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲਿਆਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਗੁੜਥੜੀ ਆਦਿ ਮੌਜੂਦ ਸਨ।

Loading