
ਜਗਮੋਹਨ ਸਿੰਘ
-ਪੰਜਾਬ ’ਚ ਸਿਆਸੀ ਸਰਗਰਮੀਆਂ ਇਸ ਸਮੇਂ ਸਿਖਰਾਂ ’ਤੇ ਹਨ। ਪੰਜਾਬ ਦੇ ਉੱਚ ਪੱਧਰੀ ਸਿਆਸੀ ਗਲਿਆਰਿਆਂ ਤੋਂ ਲੈ ਕੇ ਆਮ ਪੇਂਡੂ ਸੱਥਾਂ ਵਿੱਚ ਇਸ ਸਮੇਂ ਵਿਜੀਲੈਂਸ ਵੱਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਕਾਰਵਾਈ ਦੀ ਚਰਚਾ ਹੋ ਰਹੀ ਹੈ। ਇਸ ਤਰ੍ਹਾਂ ਅਕਾਲੀ ਦਲ ਬਾਦਲ ਪੰਜਾਬ ਦੀ ਸੱਤਾ ਤੋਂ ਬਹੁਤ ਦੂਰ ਹੋ ਕੇ ਵੀ ਚਰਚਾ ਦੇ ਕੇਂਦਰ ਵਿੱਚ ਆ ਗਿਆ ਹੈ। ਪੰਜਾਬ ਵਿੱਚ ਇਸ ਸਮੇਂ ਮੁੱਖ ਵਿਰੋਧੀ ਸਿਆਸੀ ਪਾਰਟੀ ਕਾਂਗਰਸ ਹੈ ਅਤੇ ਵਿਰੋਧੀ ਧਿਰ ਦੇ ਆਗੂ ਦਾ ਰੁਤਬਾ ਵੀ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਮਿਲਿਆ ਹੋਇਆ ਹੈ, ਪਰ ਜਿਸ ਤਰੀਕੇ ਨਾਲ ਅਕਾਲੀ ਦਲ ਵੱਲੋਂ ਪੰਜਾਬ ’ਚ ਸਿਆਸੀ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ, ਉਸ ਤੋਂ ਇਹ ਅਹਿਸਾਸ ਹੋ ਰਿਹਾ ਹੈ ਜਿਵੇਂ ਪੰਜਾਬ ਵਿੱਚ ਮੁੱਖ ਵਿਰੋਧੀ ਪਾਰਟੀ ਅਕਾਲੀ ਦਲ ਹੀ ਹੋਵੇ।
ਇਸੇ ਦੌਰਾਨ ਤਰਨ ਤਾਰਨ ਵਿਧਾਨ ਸਭਾ ਸੀਟ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਖਾਲੀ ਐਲਾਨਣ ਨਾਲ ਇੱਥੇ ਜ਼ਿਮਨੀ ਚੋਣ ਲਈ ਰਾਹ ਪੱਧਰਾ ਹੋ ਗਿਆ ਹੈ। ਇਹ ਸੀਟ ਤਰਨ ਤਾਰਨ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਪਿਛਲੇ ਦਿਨੀਂ ਦੇਹਾਂਤ ਹੋ ਜਾਣ ਕਾਰਨ ਖਾਲੀ ਹੋ ਗਈ ਸੀ। ਚੋਣ ਕਮਿਸ਼ਨ ਵੱਲੋਂ ਇਸ ਸੀਟ ’ਤੇ ਜ਼ਿਮਨੀ ਚੋਣ ਕਰਵਾਉਣ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਰਿਹਾ ਹੈ। ਇਸ ਕਾਰਨ ਤਰਨ ਤਾਰਨ ਹਲਕੇ ਦੇ ਨਾਲ ਹੀ ਪੰਜਾਬ ਵਿੱਚ ਵੀ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਿਆਸੀ ਹਲਕਿਆਂ ਵਿੱਚ ਚਰਚਾ ਹੋ ਰਹੀ ਹੈ ਕਿ ਕੀ ਜਲੰਧਰ ਅਤੇ ਲੁਧਿਆਣਾ ਜ਼ਿਮਨੀ ਚੋਣ ’ਚ ਜੇਤੂ ਰਹੇ ਉਮੀਦਵਾਰਾਂ ਵਾਂਗ ਕੀ ਤਰਨ ਤਾਰਨ ਤੋਂ ਵੀ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਜ਼ਾਰਤ ਵਿੱਚ ਲਵੇਗੀ? ਇਸ ਸੀਟ ਤੋਂ ਕੌਣ ਜਿੱਤੇਗਾ? ਇਸ ਬਾਰੇ ਅਜੇ ਕਹਿਣਾ ਮੁਸ਼ਕਿਲ ਹੈ, ਪਰ ਪਿਛਲੀਆਂ ਜ਼ਿਮਨੀ ਚੋਣਾਂ ਦਾ ਇਤਿਹਾਸ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਸੀਟ ’ਤੇ ਵੀ ਆਮ ਆਦਮੀ ਪਾਰਟੀ ਦੀ ਜਿੱਤ ਹੋ ਸਕਦੀ ਹੈ, ਕਿਉਂਕਿ ਸੱਤਾਧਾਰੀ ਸਿਆਸੀ ਪਾਰਟੀ ਲਈ ਜ਼ਿਮਨੀ ਚੋਣ ਜਿੱਤਣਾ ਬਹੁਤ ਆਸਾਨ ਹੁੰਦਾ ਹੈ। ਆਮ ਆਦਮੀ ਪਾਰਟੀ ਦੇ ਆਗੂ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਬੁਲੰਦ ਹੌਂਸਲੇ ਵਿੱਚ ਹਨ। ਇਸ ਤੋਂ ਇਲਾਵਾ ‘ਆਪ’ ਆਗੂ ਬਿਕਰਮ ਮਜੀਠੀਆ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਨੂੰ ਵੀ ਆਪਣੀ ਸਰਕਾਰ ਦੀ ਵੱਡੀ ਪ੍ਰਾਪਤੀ ਕਹਿ ਰਹੇ ਹਨ। ਆਮ ਆਦਮੀ ਪਾਰਟੀ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਕਾਰਵਾਈ ਨੂੰ ਮੁੱਦਾ ਬਣਾ ਕੇ ਸਿਆਸੀ ਲਾਹਾ ਲੈਣ ਦਾ ਯਤਨ ਹੁਣੇ ਤੋਂ ਕਰ ਰਹੀ ਹੈ, ਜਦੋਂ ਕਿ ਅਕਾਲੀ ਦਲ ਬਾਦਲ ਵੀ ਬਿਕਰਮ ਮਜੀਠੀਆ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਦੇ ਮੁੱਦੇ ਨੂੰ ਉਛਾਲ ਕੇ ਆਮ ਲੋਕਾਂ ਵਿੱਚ ਆਪਣਾ ਆਧਾਰ ਮਜ਼ਬੂਤ ਕਰਨਾ ਚਾਹੁੰਦਾ ਹੈ। ਅਕਾਲੀ ਆਗੂਆਂ ਨੂੰ ਆਸ ਹੈ ਕਿ ਜਿਵੇਂ ਕਈ ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵਿਰੁੱਧ ਕਾਰਵਾਈ ਕਰਨ ਅਤੇ ਜੇਲ੍ਹ ਭੇਜਣ ਦੇ ਮਾਮਲੇ ਦਾ ਅਕਾਲੀ ਦਲ ਨੂੰ ਵੱਡਾ ਸਿਆਸੀ ਲਾਹਾ ਮਿਲਿਆ ਸੀ ਅਤੇ ਅਕਾਲੀ ਦਲ ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਵਿੱਚ ਕਾਮਯਾਬ ਹੋ ਗਿਆ ਸੀ, ਉਸ ਤਰ੍ਹਾਂ ਹੁਣ ਮਜੀਠੀਆ ਵਿਰੁੱਧ ਕਾਰਵਾਈ ਦਾ ਵੀ ਅਕਾਲੀ ਦਲ ਨੂੰ ਵੱਡਾ ਸਿਆਸੀ ਲਾਭ ਹੋ ਸਕਦਾ ਹੈ। ਇਸੇ ਕਰਕੇ ਅਕਾਲੀ ਸੁਪਰੀਮੋ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੇ ਇਕਦਮ ਹੀ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅਕਾਲੀ ਆਗੂਆਂ ਨੂੰ ਆਸ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫ਼ੇਰ ਅਕਾਲੀ ਦਲ ਨਾਲ ਜੋੜਨ ਵਿੱਚ ਕਾਮਯਾਬ ਹੋ ਜਾਣਗੇ। ਸ਼ਾਇਦ ਇਸੇ ਕਾਰਨ ਹੀ ਸੁਖਬੀਰ ਬਾਦਲ ਕਈ ਵਾਰ ਦਾਅਵਾ ਕਰ ਚੁੱਕੇ ਹਨ ਕਿ ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਦੀ ਹੀ ਬਣੇਗੀ। ਪੰਜਾਬ ਵਿੱਚ ਇਸ ਸਮੇਂ ‘ਆਪ’ ਆਗੂ ਅਤੇ ਅਕਾਲੀ ਆਗੂ ਖੁੱਲ੍ਹ ਕੇ ਆਹਮੋ ਸਾਹਮਣੇ ਆ ਗਏ ਹਨ ਅਤੇ ਦੋਵੇਂ ਧਿਰਾਂ ਇੱਕ ਦੂਜੇ ਖ਼ਿਲਾਫ਼ ਤਿੱਖੀ ਬਿਆਨਬਾਜ਼ੀ ਕਰ ਰਹੀਆਂ ਹਨ। ਇਸ ਲੜਾਈ ਵਿੱਚ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋ ਗਏ ਹਨ, ਉਹ ਇਸ ਸਮੇਂ ਬਿਕਰਮ ਮਜੀਠੀਆ ਦੇ ਪੱਖ ਵਿੱਚ ਬਿਆਨਬਾਜ਼ੀ ਕਰ ਰਹੇ ਹਨ, ਜਦੋਂ ਕਿ ਇਹੀ ਚੰਨੀ ਕੁਝ ਸਮਾਂ ਪਹਿਲਾਂ ਬਿਕਰਮ ਮਜੀਠੀਆ ਦਾ ਸਬੰਧ ਨਸ਼ੇ ਨਾਲ ਜਨਤਕ ਤੌਰ ’ਤੇ ਜੋੜਦੇ ਰਹਿੰਦੇ ਸਨ ਅਤੇ ਦਾਅਵਾ ਕਰਦੇ ਸਨ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਬਿਕਰਮ ਮਜੀਠੀਆ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਪਰ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਕਰਮ ਮਜੀਠੀਆ ਵਿਰੁੱਧ ਕਾਰਵਾਈ ਕਰ ਰਹੀ ਹੈ ਤਾਂ ਚੰਨੀ ਬਿਕਰਮ ਮਜੀਠੀਆ ਦੇ ਪੱਖ ਵਿੱਚ ਬੋਲ ਰਹੇ ਹਨ। ਇਸ ਤੋਂ ਇਲਾਵਾ ਕਾਂਗਰਸੀ ਆਗੂ ਸੁਖਪਾਲ ਖਹਿਰਾ ਵੀ ਬਿਕਰਮ ਮਜੀਠੀਆ ਦੇ ਹੱਕ ਵਿੱਚ ਅਤੇ ‘ਆਪ’ ਸਰਕਾਰ ਦੇ ਵਿਰੁੱਧ ਬਿਆਨ ਦੇ ਰਹੇ ਹਨ।
ਪੰਜਾਬ ਕਾਂਗਰਸ ਇਸ ਸਮੇਂ ਅੰਦਰੂਨੀ ਫ਼ੁੱਟ ਦੀ ਸ਼ਿਕਾਰ ਹੈ, ਜਿਸ ਦਾ ਖਮਿਆਜ਼ਾ ਉਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਭੁਗਤ ਵੀ ਚੁੱਕੀ ਹੈ। ਇਸ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਸਾਰੇ ਆਗੂ ਆਪਸ ਵਿੱਚ ਏਕਾ ਕਰਨ ਦੇ ਮੂਡ ਵਿੱਚ ਅਜੇ ਦਿਖਾਈ ਨਹੀਂ ਦਿੰਦੇ। ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਵਿੱਚ ਪਈ ਫ਼ੁੱਟ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਉਹ ਕੁੱਝ ਆਗੂਆਂ ਖ਼ਿਲਾਫ਼ ਕਾਰਵਾਈ ਕਰਨ ਦੀ ਚਾਹਵਾਨ ਹੈ। ਆਪਸੀ ਫ਼ੁੱਟ ਦਾ ਸ਼ਿਕਾਰ ਹੋਣ ਦੇ ਬਾਵਜੂਦ ਕਾਂਗਰਸ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸਖ਼ਤ ਚੁਣੌਤੀ ਦੇਣ ਦਾ ਯਤਨ ਕਰ ਰਹੀ ਹੈ। ਪੰਜਾਬ ਵਿੱਚ ਕਾਂਗਰਸ ਨੂੰ ਮੁੱਖ ਵਿਰੋਧੀ ਧਿਰ ਦਾ ਰੁਤਬਾ ਪ੍ਰਾਪਤ ਹੈ ਅਤੇ ਆਪਣੀ ਇਹ ਜ਼ਿੰਮੇਵਾਰੀ ਕਾਂਗਰਸ ਤਨਦੇਹੀ ਨਾਲ ਨਿਭਾਉਣਾ ਚਾਹੁੰਦੀ ਹੈ। ਕਾਂਗਰਸੀ ਆਗੂ ਚਾਹੁੰਦੇ ਹਨ ਕਿ ਪੰਜਾਬ ਦੇ ਜਿਹੜੇ ਲੋਕ ਮੌਜੂਦਾ ‘ਆਪ’ ਸਰਕਾਰ ਤੋਂ ਨਾਰਾਜ਼ ਹਨ, ਉਹਨਾਂ ਨੂੰ ਕਾਂਗਰਸ ਨਾਲ ਜੋੜਿਆ ਜਾਵੇ ਅਤੇ ਇਸ ਦਾ ਲਾਹਾ ਤਰਨ ਤਾਰਨ ਜ਼ਿਮਨੀ ਚੋਣ ਦੇ ਨਾਲ ਹੀ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲਿਆ ਜਾਵੇ।
ਜਿਥੋਂ ਤੱਕ ਭਾਜਪਾ ਦਾ ਸਵਾਲ ਹੈ ਤਾਂ ਪੰਜਾਬ ਵਿੱਚ ਭਾਜਪਾ ਬਹੁਤ ਸੰਭਲ ਸੰਭਲ ਕੇ ਤੁਰ ਰਹੀ ਹੈ। ਭਾਜਪਾ ਸ਼ਹਿਰੀ ਇਲਾਕਿਆਂ ਦੇ ਨਾਲ- ਨਾਲ ਪੇਂਡੂ ਖੇਤਰਾਂ ਵਿੱਚ ਵੀ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਵੱਲੋਂ ਦੂਜੀਆਂ ਸਿਆਸੀ ਪਾਰਟੀਆਂ ਵਿੱਚ ਅਣਗੌਲੇ ਸਿੱਖ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਕੇ ਭਾਜਪਾ ਦੀ ਪੰਜਾਬ ਇਕਾਈ ਦਾ ਚਿਹਰਾ ਮੋਹਰਾ ਬਦਲਣ ਦੇ ਯਤਨ ਕੀਤੇ ਜਾ ਰਹੇ ਹਨ। ਭਾਜਪਾ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਦੇ ਬਹੁਤ ਵੱਡੇ ਹਮਦਰਦ ਹਨ ਅਤੇ ਉਹਨਾਂ ਵੱਲੋਂ ਸਿੱਖਾਂ ਲਈ ਬਹੁਤ ਕੁੱਝ ਕੀਤਾ ਜਾ ਰਿਹਾ ਹੈ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਤੀਜੇ ਨੰਬਰ ’ਤੇ ਆਉਣ ਦੇ ਬਾਵਜੂਦ ਭਾਜਪਾ ਆਗੂ ਬਹੁਤ ਹੌਂਸਲੇ ਵਿੱਚ ਹਨ ਅਤੇ ਭਾਜਪਾ ਦਾ ਮੁੱਖ ਨਿਸ਼ਾਨਾ ਪੰਜਾਬ ਜਿੱਤਣਾ ਹੈ।
ਪੰਜਾਬ ’ਚ ਇਸ ਸਮੇਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਅਤੇ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਵੀ ਸਰਗਰਮ ਹਨ। ‘ਵਾਰਿਸ ਪੰਜਾਬ ਦੇ’ ਪਾਰਟੀ ਨਾਲ ਸਬੰਧਿਤ ਦੋ ਆਗੂ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਮੌਜੂਦਾ ਸੰਸਦ ਮੈਂਬਰ ਹਨ। ਮਾਨ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਾਬਕਾ ਸਾਂਸਦ ਹਨ ਅਤੇ ਉਹਨਾਂ ਵੱਲੋਂ ਵੀ ਸਰਗਰਮੀਆਂ ਜਾਰੀ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਪੰਜ ਮੈਂਬਰੀ ਕਮੇਟੀ ਵੀ ਭਰਤੀ ਮੁਹਿੰਮ ਚਲਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਇਹ ਕਮੇਟੀ ਨਵੇਂ ਅਕਾਲੀ ਦਲ ਦੀ ਸਥਾਪਨਾ ਲਈ ਸਰਗਰਮ ਹੈ। ਅਜੇ ਇਹ ਨਵਾਂ ਅਕਾਲੀ ਦਲ ਹੋਂਦ ਵਿੱਚ ਨਹੀਂ ਆਇਆ, ਜਿਸ ਕਰਕੇ ਇਸ ਬਾਰੇ ਕੁਝ ਕਹਿਣਾ ਮੁਸ਼ਕਿਲ ਹੈ। ਹਾਂ! ਏਨਾ ਜ਼ਰੂਰ ਹੈ ਕਿ ਆਉਣ ਵਾਲੇ ਸਮੇਂ ਦੌਰਾਨ ਜੇ ਇਹ ਨਵਾਂ ਅਕਾਲੀ ਦਲ ਹੋਂਦ ਵਿੱਚ ਆ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਦੀ ਪੰਥਕ ਸਿਆਸਤ ਦਾ ਮੁਹਾਂਦਰਾ ਬਦਲ ਸਕਦਾ ਹੈ।
ਅੰਤ ਵਿੱਚ ਕਿਹਾ ਜਾ ਸਕਦਾ ਹੈ ਕਿ ਪੰਜਾਬ ਵਿੱਚ ਇਸ ਸਮੇਂ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਮੁੱਖ ਤੌਰ ’ਤੇ ਸਰਗਰਮ ਹਨ। ਇਸ ਕਾਰਨ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਤਰਨ ਤਾਰਨ ਜ਼ਿਮਨੀ ਚੋਣ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੁਕਾਬਲਾ ਇਹਨਾਂ ਚਾਰ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਿਚਾਲੇ ਹੀ ਹੋਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਨੂੰ ਜਿੱਥੇ ਪੰਜਾਬ ਵਿੱਚ ਆਪਣੀ ਸਰਕਾਰ ਹੋਣ ਦਾ ਲਾਭ ਮਿਲ ਰਿਹਾ ਹੈ, ਉਥੇ ਭਾਜਪਾ ਨੂੰ ਕੇਂਦਰ ਵਿੱਚ ਭਾਜਪਾ ਸਰਕਾਰ ਹੋਣ ਦਾ ਸਿਆਸੀ ਲਾਹਾ ਮਿਲ ਰਿਹਾ ਹੈ। ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਚੋਣਾਂ ਲੜਨ ਦਾ ਲੰਬਾ ਤਜਰਬਾ ਹੈ। ਜਿਸ ਕਰਕੇ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ।
ਡੱਬੀ
ਸਿਆਸੀ ਪਾਰਟੀਆਂ ਦੇ ਏਜੰਡੇ ’ਚੋਂ ‘ਲੋਕ ਮੁੱਦੇ’ ਗਾਇਬ
ਪੰਜਾਬ ਵਿੱਚ ਸਰਗਰਮ ਸਾਰੀਆਂ ਸਿਆਸੀ ਪਾਰਟੀਆਂ ਦਾ ਮੁੱਖ ਮਕਸਦ ਪੰਜਾਬ ਨੂੰ ਜਿੱਤਣਾ ਭਾਵ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣਾ ਹੈ। ਕਿਸੇ ਵੀ ਸਿਆਸੀ ਪਾਰਟੀ ਦੇ ਏਜੰਡੇ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਮੁੱਖ ਮੁੱਦੇ ਅਤੇ ਮਸਲੇ ਨਹੀਂ ਹਨ। ਇਹ ਜ਼ਰੂੁਰ ਹੈ ਕਿ ਪੰਜਾਬੀਆਂ ਦੇ ਮੁੱਖ ਮਸਲੇ ਇਹਨਾਂ ਸਿਆਸੀ ਪਾਰਟੀਆਂ ਨੂੰ ਹਰ ਤਰ੍ਹਾਂ ਦੀਆਂ ਚੋਣਾਂ ਸਮੇਂ ਜ਼ਰੂਰ ਯਾਦ ਆ ਜਾਂਦੇ ਹਨ, ਉਸ ਤੋਂ ਬਾਅਦ ਇਹ ਸਿਆਸੀ ਪਾਰਟੀਆਂ ਪੰਜਾਬ ਅਤੇ ਪੰਜਾਬੀਆਂ ਦੇ ਮੁੱਖ ਮਸਲੇ ਭੁੱਲ ਜਾਂਦੀਆਂ ਹਨ। ਇਸੇ ਕਾਰਨ ਪੰਜਾਬ ਦੇ ਕੁਝ ਮਸਲੇ ਪਿਛਲੇ ਕਈ ਸਾਲਾਂ ਤੋਂ ਲਮਕ ਰਹੇ ਹਨ। ਅਸਲ ਵਿੱਚ ਕੋਈ ਵੀ ਸਿਆਸੀ ਪਾਰਟੀ ਪੰਜਾਬ ਦੇ ਮੁੱਖ ਮਸਲਿਆਂ ਦੇ ਹਲ਼ ਲਈ ਗੰਭੀਰ ਨਹੀਂ।