ਮਾਮਲਾ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਲਾਪਤਾ ਦਾ

In ਖਾਸ ਰਿਪੋਰਟ
July 14, 2025

ਸਿੱਖ ਧਰਮ ਦੇ ਸਰਵਉੱਚ ਅਤੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮੁੱਦਾ ਸਿੱਖ ਸੰਗਤ ਵਿੱਚ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਸਿੱਖ ਸਦਭਾਵਨਾ ਦਲ ਦੇ ਮੁਖੀ ਬਲਦੇਵ ਸਿੰਘ ਵਡਾਲਾ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਨੂੰ  15 ਦਿਨਾਂ ਦਾ ਸਮਾਂ ਦਿੱਤਾ ਹੈ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਵਾਏ ਜਾਣ, ਨਹੀਂ ਤਾਂ ਵੱਡੇ ਪੱਧਰ ’ਤੇ ਸੰਗਤ ਦਾ ਇਕੱਠ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਇਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੀ ਖ਼ਬਰ ਨੇ ਸਿੱਖ ਪੰਥ ਵਿੱਚ ਹਲਚਲ ਮਚਾ ਦਿੱਤੀ ਸੀ। ਇਹ ਮੁੱਦਾ ਪਹਿਲੀ ਵਾਰ 2015 ਵਿੱਚ ਉਦੋਂ ਸਾਹਮਣੇ ਆਇਆ ਜਦੋਂ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਨੇ ਸਿੱਖ ਸੰਗਤ ਵਿੱਚ ਭਾਰੀ ਰੋਸ ਪੈਦਾ ਕੀਤਾ ਸੀ ਅਤੇ ਪੰਥਕ ਜਥੇਬੰਦੀਆਂ   ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਉਠਾਇਆ ਸੀ।ਬਾਅਦ ਵਿੱਚ, ਸਿੱਖ ਸਦਭਾਵਨਾ ਦਲ ਦੀ ਅਗਵਾਈ ਵਿੱਚ ਬਲਦੇਵ ਸਿੰਘ ਵਡਾਲਾ ਨੇ ਦਾਅਵਾ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਹਨ।  ਇਸ ਮਾਮਲੇ ਨੇ ਸਿੱਖ ਸੰਗਤ ਵਿੱਚ ਗੁੱਸੇ ਅਤੇ ਨਿਰਾਸ਼ਾ ਦੀ ਲਹਿਰ ਪੈਦਾ ਕਰ ਦਿੱਤੀ ਸੀ, ਕਿਉਂਕਿ ਇਹ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਗ੍ਰੰਥ ਨਾਲ ਸਬੰਧਤ ਮੁੱਦਾ ਹੈ।

ਬੀਤੇ ਦਿਨੀਂ ਜਗਜੀਤ ਸਿੰਘ ਡੱਲੇਵਾਲ, ਜੋ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਪ੍ਰਮੁੱਖ ਆਗੂ ਹਨ, ਅਤੇ ਬਲਦੇਵ ਸਿੰਘ ਵਡਾਲਾ, ਸਿੱਖ ਸਦਭਾਵਨਾ ਦਲ ਦੇ ਮੁਖੀ, ਨੇ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿੱਚ ਸਾਂਝੇ ਤੌਰ ’ਤੇ ਇਸ ਮੁੱਦੇ ਨੂੰ ਉਠਾਇਆ ਸੀ। ਉਨ੍ਹਾਂ ਨੇ ਸਰਕਾਰ ਅਤੇ ਸ਼੍ਰੋਮਣੀ ਕਮੇਟੀ ’ਤੇ ਦੋਸ਼ ਲਾਇਆ ਕਿ ਉਹ ਇਸ ਮਾਮਲੇ ਵਿੱਚ ਗੰਭੀਰਤਾ ਨਹੀਂ ਵਿਖਾਉਂਦੇ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਦੇਣ ਵਿੱਚ ਨਾਕਾਮ ਰਹੇ ਹਨ।ਜਗਜੀਤ ਸਿੰਘ ਡੱਲੇਵਾਲ ਨੇ ਆਪਣੇ  ਕਿਹਾਕਿ ਜਦੋਂ ਕਿਸਾਨ ਸੰਘਰਸ਼ ਕਰ ਰਹੇ ਸਨ, ਸਿੱਖ ਸਦਭਾਵਨਾ ਦਲ ਨੇ ਸਾਡਾ ਸਮਰਥਨ ਕੀਤਾ ਸੀ। ਹੁਣ ਸਾਡੀ ਵਾਰੀ ਹੈ ਕਿ ਅਸੀਂ ਸਿੱਖ ਸੰਗਤ ਦੇ ਇਸ ਅਹਿਮ ਮੁੱਦੇ ’ਤੇ ਉਨ੍ਹਾਂ ਨਾਲ ਖੜ੍ਹੀਏ।  ਅਸੀਂ ਸਰਕਾਰ ਨੂੰ 15 ਦਿਨ ਦਾ ਸਮਾਂ ਦਿੰਦੇ ਹਾਂ ਕਿ ਜ਼ਿੰਮੇਵਾਰ ਲੋਕਾਂ ’ਤੇ ਕੇਸ ਦਰਜ ਕੀਤੇ ਜਾਣ। ਜੇ ਅਜਿਹਾ ਨਾ ਹੋਇਆ, ਤਾਂ ਅਸੀਂ ਵੱਡਾ ਇਕੱਠ ਸੱਦਾਂਗੇ ਅਤੇ ਅਗਲੇ ਸੰਘਰਸ਼ ਦਾ ਐਲਾਨ ਕਰਾਂਗੇ।”

ਬਲਦੇਵ ਸਿੰਘ ਵਡਾਲਾ, ਜੋ ਪਿਛਲੇ 57 ਮਹੀਨਿਆਂ ਤੋਂ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ’ਤੇ ਧਰਨੇ ’ਤੇ ਬੈਠੇ ਹਨ, ਨੇ ਸਰਕਾਰ ’ਤੇ ਸਖ਼ਤ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਸੀਂ 57 ਮਹੀਨਿਆਂ ਤੋਂ ਇੱਥੇ ਸੰਘਰਸ਼ ਕਰ ਰਹੇ ਹਾਂ, ਪਰ ਨਾ ਸਰਕਾਰ ਨੇ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਨੇ ਇਸ ਮੁੱਦੇ ’ਤੇ ਜ਼ਿੰਮੇਵਾਰੀ ਲਈ। ਪਰ ਅਸੀਂ  ਸੰਗਤ ਦੀ ਭਾਵਨਾ ਨਾਲ ਖਿਲਵਾੜ ਨਹੀਂ ਹੋਣ ਦੇਵਾਂਗੇ।”

 ਵਡਾਲਾ ਅਤੇ ਡੱਲੇਵਾਲ ਦਾ ਮੰਨਣਾ ਹੈ ਕਿ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਮੁੱਦੇ ਨੂੰ ਜਾਣਬੁੱਝ ਕੇ ਅਣਗੌਲਿਆ ਕੀਤਾ ਹੈ, ਜਿਸ ਕਾਰਨ ਸੰਗਤ ਵਿੱਚ ਰੋਸ ਵਧ ਰਿਹਾ ਹੈ।ਸਿੱਖ ਸਦਭਾਵਨਾ ਦਲ ਦੇ ਮੁਖੀ ਬਲਦੇਵ ਸਿੰਘ ਵਡਾਲਾ ਨੇ ਸ਼੍ਰੋਮਣੀ ਕਮੇਟੀ ’ਤੇ ਸਿੱਧੇ ਤੌਰ ’ਤੇ ਦੋਸ਼ ਲਾਇਆ ਹੈ ਕਿ  ਸ਼੍ਰੋਮਣੀ ਕਮੇਟੀ ਨੇ ਸਰੂਪਾਂ ਦੀ ਸਹੀ ਰਿਕਾਰਡ-ਕੀਪਿੰਗ ਨਹੀਂ ਕੀਤੀ ਅਤੇ ਨਾ ਹੀ ਇਸ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਕੀਤੀ ਹੈ। ਵਡਾਲਾ ਨੇ ਇਹ ਵੀ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਨਾਕਾਮੀ ਕਾਰਨ ਹੀ ਇਹ ਸਰੂਪ ਲਾਪਤਾ ਹੋਏ ਹਨ, ਅਤੇ ਸਰਕਾਰ ਦੀ ਮਿਲੀਭੁਗਤ ਨਾਲ ਇਸ ਮੁੱਦੇ ਨੂੰ ਦਬਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਨੇ ਇਸ ਮੁੱਦੇ ’ਤੇ ਅਜੇ ਤੱਕ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਸਿੱਖ ਸੰਗਤ ਵਿੱਚ ਇਹ ਧਾਰਨਾ ਬਣ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਪਾਰਦਰਸ਼ਤਾ ਨਹੀਂ ਵਿਖਾ ਰਹੀ।

ਅਕਾਲ ਤਖ਼ਤ ਸਾਹਿਬ ਨੇ ਇਸ ਮੁੱਦੇ ’ਤੇ ਜਾਂਚ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਸੀ। ਅਕਾਲ ਤਖ਼ਤ ਦੀ ਰਿਪੋਰਟ ਅਨੁਸਾਰ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਦੀ ਜ਼ਿੰਮੇਵਾਰੀ ਮੁੱਖ ਤੌਰ ’ਤੇ ਸ਼੍ਰੋਮਣੀ ਕਮੇਟੀ ਦੀ ਹੈ, ਕਿਉਂਕਿ ਇਹ ਸਰੂਪ ਉਸ ਦੀ ਨਿਗਰਾਨੀ ਹੇਠ ਸਨ। ਰਿਪੋਰਟ ਵਿੱਚ ਇਹ ਵੀ ਸਾਹਮਣੇ ਆਇਆ ਕਿ ਸਰੂਪਾਂ ਦੀ ਵੰਡ ਅਤੇ ਸੰਭਾਲ ਦੀ ਪ੍ਰਕਿਰਿਆ ਵਿੱਚ ਗੰਭੀਰ ਖਾਮੀਆਂ ਸਨ।ਅਕਾਲ ਤਖ਼ਤ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਕਈ ਸਰੂਪ ਵੱਖ-ਵੱਖ ਗੁਰਦੁਆਰਿਆਂ, ਸੰਸਥਾਵਾਂ, ਅਤੇ ਵਿਅਕਤੀਆਂ ਨੂੰ ਸੌਂਪੇ ਗਏ ਸਨ, ਪਰ ਉਨ੍ਹਾਂ ਦਾ ਸਹੀ ਰਿਕਾਰਡ ਨਹੀਂ ਰੱਖਿਆ ਗਿਆ। ਕੁਝ ਮਾਮਲਿਆਂ ਵਿੱਚ, ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ, ਜਿਸ ਨੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਹੋਰ ਠੇਸ ਪਹੁੰਚਾਈ। ਰਿਪੋਰਟ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸੰਬੰਧਿਤ ਵਿਅਕਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ, ਪਰ ਕੋਈ ਵੀ ਦਫਤਰੀ ਤੇ ਕਨੂੰਨੀ ਕਾਰਵਾਈ ਦੀ ਸਿਫਾਰਸ਼ ਨਹੀਂ ਕੀਤੀ ਗਈ।

ਸਿੱਖ ਸੰਗਤ ਵਿੱਚ ਅਕਾਲ ਤਖ਼ਤ ਦੀ ਰਿਪੋਰਟ ਅਤੇ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ਨੂੰ ਲੈ ਕੇ ਭਾਰੀ ਨਿਰਾਸ਼ਾ ਹੈ। ਕਈ ਸਿੱਖ ਜਥੇਬੰਦੀਆਂ ਅਤੇ ਸੰਗਤ ਨੇ ਅਕਾਲ ਤਖ਼ਤ ਸਾਹਿਬ ਦੀ ਰਿਪੋਰਟ ਨੂੰ ਅਧੂਰਾ ਅਤੇ ਗੁੰਝਲਦਾਰ ਮੰਨਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਿਪੋਰਟ ਵਿੱਚ ਜ਼ਿੰਮੇਵਾਰ ਵਿਅਕਤੀਆਂ ਦੇ ਨਾਂ ਸਪੱਸ਼ਟ ਨਹੀਂ ਕੀਤੇ ਗਏ ਅਤੇ ਨਾ ਹੀ ਕੋਈ ਸਖ਼ਤ ਕਾਰਵਾਈ ਦੀ ਸਿਫਾਰਸ਼ ਕੀਤੀ ਗਈ। ਸਿੱਖ ਸੰਗਤ ਦਾ ਮੰਨਣਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਇਸ ਮੁੱਦੇ ’ਤੇ ਚੁੱਪ ਵੱਟੀ ਹੋਈ ਹੈ ਅਤੇ ਸਰਕਾਰ ਦੀ ਮਿਲੀਭੁਗਤ ਨਾਲ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ।ਸਿੱਖ ਸਦਭਾਵਨਾ ਦਲ ਅਤੇ ਹੋਰ ਜਥੇਬੰਦੀਆਂ ਨੇ ਅਕਾਲ ਤਖ਼ਤ ਦੀ ਰਿਪੋਰਟ ’ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਜਦੋਂ ਤੱਕ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾ ਨਹੀਂ ਮਿਲਦੀ ਅਤੇ ਸਰੂਪਾਂ ਦੀ ਬਰਾਮਦਗੀ ਨਹੀਂ ਹੁੰਦੀ, ਉਦੋਂ ਤੱਕ ਸੰਗਤ ਸੰਤੁਸ਼ਟ ਨਹੀਂ ਹੋਵੇਗੀ। ਸੰਗਤ ਵਿੱਚ ਇਹ ਭਾਵਨਾ ਵੀ ਵੇਖੀ ਜਾ ਰਹੀ ਹੈ ਕਿ ਅਕਾਲ ਤਖ਼ਤ ਨੂੰ ਸ਼੍ਰੋਮਣੀ ਕਮੇਟੀ ’ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਸਰੂਪਾਂ ਦੀ ਸੰਭਾਲ ਲਈ ਪਾਰਦਰਸ਼ੀ ਪ੍ਰਣਾਲੀ ਬਣਾਈ ਜਾਣੀ ਚਾਹੀਦੀ।ਅਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਵਿੱਚੋਂ ਕੋਈ ਵੀ ਸਰੂਪ  ਬਰਾਮਦ ਨਹੀਂ ਹੋਇਆ।

Loading