ਸਿੱਖ ਲੜਕੀ ਨੂੰ ਪੇਪਰ ਵਿੱਚ ਦਾਖ਼ਲੇ ਤੋਂ ਰੋਕਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਧਾਮੀ

In ਪੰਜਾਬ
July 28, 2025

ਅੰਮ੍ਰਿਤਸਰ/ਏ.ਟੀ.ਨਿਊਜ਼:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਧਾਰੀ ਲੜਕੀ ਨੂੰ ਰਾਜਸਥਾਨ ਸਿਵਲ ਜੱਜ ਦੀ ਭਰਤੀ ਵਾਸਤੇ ਮੁਢਲੀ ਪ੍ਰੀਖਿਆ ਦੇਣ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਰਾਜਸਥਾਨ ਸਰਕਾਰ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਤੋਂ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ। ਉਨ੍ਹਾਂ ਮੰਗ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਸਿੱਖ ਉਮੀਦਵਾਰ ਦਾ ਇਹ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖ ਕਕਾਰਾਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਕਕਾਰਾਂ ਦੀ ਬੇਅਦਬੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਅਜਿਹੇ ਵਰਤਾਰੇ ਨੂੰ ਰੋਕਣ ਲਈ ਕਾਨੂੰਨ ਬਣਾਇਆ ਜਾਵੇ, ਜਿਸ ਤਹਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣ ਤਾਂ ਜੋ ਕੋਈ ਵੀ ਅਧਿਕਾਰੀ ਭਵਿੱਖ ਵਿੱਚ ਅਜਿਹੀ ਹਰਕਤ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਇੱਕ ਵਫਦ ਰਾਜਸਥਾਨ ਭੇਜਿਆ ਜਾਵੇਗਾ, ਜੋ ਇਸ ਮਾਮਲੇ ਸਬੰਧੀ ਰਾਜਸਥਾਨ ਸਰਕਾਰ ਨਾਲ ਗੱਲਬਾਤ ਕਰੇਗਾ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਕਹੇਗਾ।

Loading