
ਜਗਮੋਹਨ ਸਿੰਘ
- ‘ਸਾਵਣ’ ਮਹੀਨਾ ਚਲਦਾ ਹੋਣ ਕਾਰਨ ਪੰਜਾਬ ’ਚ ਮੌਸਮ ਕਾਫ਼ੀ ਸੋਹਾਵਣਾ ਬਣਿਆ ਹੋਇਆ ਹੈ, ਪਰ ਅਜਿਹੇ ਖੁਸ਼ਨੁਮਾ ਮੌਸਮ ਦੇ ਬਾਵਜੂਦ ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਗਰਮੀ ਆਈ ਹੋਈ ਹੈ। ਪੰਜਾਬ ’ਚ ਰੁਕ ਰੁਕ ਕੇ ਪੈ ਰਹੀ ‘ਰਿਮਝਿਮ ਬਰਸਾਤ’ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਬਣਾਈ ਗਈ ‘ਲੈਂਡ ਪੁਲਿੰਗ ਪਾਲਿਸੀ’ ਅਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਹੋਰ ਸਿਆਸੀ ਧਿਰਾਂ ਵੱਲੋਂ ਧਰਨਿਆਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਹਨਾਂ ਧਰਨਿਆਂ ਦਾ ਇੱਕੋ ਇੱਕ ਮਕਸਦ ਆਪੋ ਆਪਣੀਆਂ ਜਥੇਬੰਦੀਆਂ ਦੇ ਆਧਾਰ ਨੂੰ ਮਜ਼ਬੂਤ ਕਰਨਾ ਹੈ, ਤਾਂ ਕਿ ਇਸ ਦਾ ਲਾਹਾ ਪੰਜਾਬ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਲਿਆ ਜਾ ਸਕੇ।
ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦਾ ਕਾਰਜਕਾਲ ਅਜੇ ਡੇਢ ਸਾਲ ਹੋਰ ਪਿਆ ਹੈ, ਪਰ ਸਿਆਸੀ ਪਾਰਟੀਆਂ ਵੱਲੋਂ ਇਹਨਾਂ ਚੋਣਾਂ ਸਬੰਧੀ ਹੁਣੇ ਤੋਂ ‘ਸਿਆਸੀ ਰੱਸਾਕਸ਼ੀ’ ਖੇਡਣੀ ਸ਼ੁਰੂ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਬਾਰੇ ਕਿਹਾ ਜਾਂਦਾ ਹੈ ਕਿ ਇਹ ਧਰਨਿਆਂ ਵਿਚੋਂ ਨਿਕਲੀ ਹੋਈ ਸਿਆਸੀ ਪਾਰਟੀ ਹੈ, ਪਰ ਪੰਜਾਬ ਵਿੱਚ ਇਸ ਪਾਰਟੀ ਦੀ ਸਰਕਾਰ ਹੋਣ ਕਰਕੇ ਇਸ ਨੂੰ ਹੁਣ ਖੁਦ ਹੀ ਧਰਨਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੱਤਾਧਾਰੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ‘ਆਪ’ ਸਰਕਾਰ ਵੱਲੋਂ ਲਿਆਂਦੀ ‘ਲੈਂਡ ਪੁਲਿੰਗ ਪਾਲਿਸੀ’ ਸਬੰਧੀ ਕਿਸਾਨਾਂ ਨੂੰ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਗੁੰਮਰਾਹ ਕਰ ਰਹੇ ਹਨ। ‘ਆਪ’ ਆਗੂ ਇਸ ਪਾਲਿਸੀ ਨੂੰ ਕਿਸਾਨਾਂ ਦੇ ਹਿੱਤ ਅਤੇ ਪੱਖ ਵਿੱਚ ਦਸ ਰਹੇ ਹਨ ਅਤੇ ਦਾਅਵਾ ਕਰ ਰਹੇ ਹਨ ਕਿ ਇਸ ਪਾਲਿਸੀ ਨਾਲ ਕਿਸਾਨਾਂ ਦਾ ਹੀ ਫ਼ਾਇਦਾ ਹੋਵੇਗਾ। ਦੂਜੇ ਪਾਸੇ ਅਕਾਲੀ, ਕਾਂਗਰਸੀ ਅਤੇ ਭਾਜਪਾ ਆਗੂ ਇਸ ਪਾਲਿਸੀ ਨੂੰ ਪੰਜਾਬ ਦੇ ਕਿਸਾਨਾਂ ਲਈ ਨੁਕਸਾਨਦੇਹ ਦਸ ਰਹੇ ਹਨ। ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਤਾਂ ਸਪਸ਼ਟ ਦੋਸ਼ ਲਗਾ ਰਹੇ ਹਨ ਕਿ ‘ਆਪ’ ਸਰਕਾਰ ਨੇ ਇਸ ਪਾਲਿਸੀ ਨਾਲ ਪੰਜਾਬੀਆਂ ਦੀ ਜ਼ਮੀਨ ਖੋਹਣ ਦਾ ਯਤਨ ਕੀਤਾ ਹੈ। ਉਹ ਦਾਅਵਾ ਕਰ ਰਹੇ ਹਨ ਕਿ ਅਕਾਲੀ ਦਲ ਸਰਕਾਰ ਨੂੰ ਪੰਜਾਬੀਆਂ ਦੀ ਇੱਕ ਇੰਚ ਵੀ ਜ਼ਮੀਨ ਖੋਹਣ ਨਹੀਂ ਦੇਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਕਹਿ ਰਹੇ ਹਨ ਕਿ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ ਕਿਸਾਨਾਂ ਦੀ ਜ਼ਮੀਨ ਹੜੱਪਣ ਲਈ ਲਿਆਂਦੀ ਗਈ ਹੈ। ਇਸ ਲਈ ਕਿਸਾਨਾਂ ਨੂੰ ਇਸ ਪਾਲਿਸੀ ਦਾ ਵਿਰੋਧ ਕਰਨਾ ਚਾਹੀਦਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਕਹਿੰਦੇ ਹਨ ਕਿ ਸਰਕਾਰ ਦੀ ਇਹ ਪਾਲਿਸੀ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹੈ।
ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਲੈਂਡ ਪੁਲਿੰਗ ਪਾਲਿਸੀ ਦੇ ਗੁਣ ਗਾਉਣ ਅਤੇ ਵਿਰੋਧੀ ਪਾਰਟੀਆਂ ਵੱਲੋਂ ਇਸ ਨੂੰ ਕਿਸਾਨ ਵਿਰੋਧੀ ਅਤੇ ਪੰਜਾਬ ਦਾ ਉਜਾੜਾ ਕਰਨ ਵਾਲੀ ਕਹਿਣ ਨਾਲ ਆਮ ਲੋਕਾਂ ਨੂੰ ਸਮਝ ਨਹੀਂ ਆ ਰਹੀ ਕਿ ਦੋਵਾਂ ਧਿਰਾਂ ਵਿੱਚ ਕਿਹੜੀ ਧਿਰ ਠੀਕ ਹੈ। ਜਿਸ ਕਰਕੇ ਲੈਂਡ ਪੁਲਿੰਗ ਪਾਲਿਸੀ ਸਬੰਧੀ ਆਮ ਲੋਕਾਂ ਵਿੱਚ ਇਸ ਸਮੇਂ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਏਨਾ ਜ਼ਰੂਰ ਹੈ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੁਲਿੰਗ ਪਾਲਿਸੀ ਨਾਲ ਪੰਜਾਬ ਦੀ ਸਿਆਸਤ ਵਿੱਚ ਉਬਾਲ ਆ ਗਿਆ ਹੈ। ਵਿਰੋਧੀ ਸਿਆਸੀ ਪਾਰਟੀਆਂ ਇਸ ਪਾਲਿਸੀ ਨੂੰ ਵੱਡੇ ਹਥਿਆਰ ਵਜੋਂ ਵਰਤਣ ਦੀ ਤਿਆਰੀ ਵਿੱਚ ਹਨ ਅਤੇ ਉਹ ਇਸ ਪਾਲਿਸੀ ਦੇ ਵਿਰੋਧ ਦਾ ਲਾਹਾ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੈਣ ਦਾ ਯਤਨ ਕਰਨਗੀਆਂ। ਹਰ ਦਿਨ ਹੀ ਕਿਸਾਨ ਮੋਰਚੇ ਅਤੇ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਇਸ ਪਾਲਿਸੀ ਵਿਰੁੱਧ ਧਰਨੇ ਦਿੱਤੇ ਜਾ ਰਹੇ ਹਨ, ਜਿਸ ਕਰਕੇ ਪੰਜਾਬ ਵਿੱਚ ਚੋਣਾਂ ਵਾਲਾ ਮਾਹੌਲ ਬਣਦਾ ਜਾ ਰਿਹਾ ਹੈ।
ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਤਰਨਤਾਰਨ ਦੀ ਜ਼ਿਮਨੀ ਚੋਣ ਵੀ ਹੋਣੀ ਹੈ, ਜਿਸ ਲਈ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਦਾ ਸੈਮੀਫ਼ਾਈਨਲ ਕਿਹਾ ਜਾ ਰਿਹਾ ਹੈ। ਜਿਸ ਕਰਕੇ ਇਸ ਚੋਣ ਨੂੰ ਜਿੱਤਣ ਲਈ ਸਾਰੀਆਂ ਸਿਆਸੀ ਧਿਰਾਂ ਵੱਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਜਿਹੜੀ ਵੀ ਸਿਆਸੀ ਪਾਰਟੀ ਤਰਨ ਤਾਰਨ ਜ਼ਿਮਨੀ ਚੋਣ ਜਿੱਤ ਜਾਵੇਗੀ, ਉਸ ਨੂੰ ਇਸ ਜਿੱਤ ਦਾ ਫ਼ਾਇਦਾ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਮਿਲਣ ਦੀ ਸੰਭਾਵਨਾ ਹੋ ਸਕਦੀ ਹੈ। ਜ਼ਿਮਨੀ ਚੋਣ ਦੇ ਬਹਾਨੇ ਸਿਆਸੀ ਪਾਰਟੀਆਂ ਆਪੋ ਆਪਣਾ ਸ਼ਕਤੀ ਪ੍ਰਦਰਸ਼ਨ ਵੀ ਕਰ ਰਹੀਆਂ ਹਨ ਅਤੇ ਆਪਣੇ ਜਨਤਕ ਆਧਾਰ ਨੂੰ ਵੀ ਮਜ਼ਬੂਤ ਕਰ ਰਹੀਆਂ ਹਨ।
ਅਗਲੀਆਂ ਚੋਣਾਂ ਸਬੰਧੀ ਵੱਖ- ਵੱਖ ਸਿਆਸੀ ਪਾਰਟੀਆਂ ਦੇ ਆਗੂ ਹੁਣੇ ਤੋਂ ਵੱਡੇ ਸੁਪਨੇ ਵੇਖਣ ਲੱਗ ਪਏ ਹਨ। ਅਕਾਲੀ ਆਗੂ ਖਾਸ ਕਰਕੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਈ ਵਾਰ ਦਾਅਵਾ ਕਰ ਚੁੱਕੇ ਹਨ ਕਿ ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਬਾਦਲ ਦੀ ਹੀ ਬਣੇਗੀ। ਸੁਖਬੀਰ ਬਾਦਲ ਵੀ ਆਪਣੇ ਆਪ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਨ ਦਾ ਸੁਪਨਾ ਵੇਖ ਰਹੇ ਹਨ। ਕਈ ਅਕਾਲੀ ਆਗੂ ਇਹ ਦਾਅਵਾ ਕਰਦੇ ਹਨ ਕਿ ਚੋਣਾਂ ਹੋਣ ਦੀ ਦੇਰ ਹੈ ਕਿ ਪੰਜਾਬ ਵਿੱਚ ਅਕਾਲੀ ਸਰਕਾਰ ਆਈ ਕਿ ਆਈ। ਕਾਂਗਰਸ ਪਾਰਟੀ ਦੇ ਆਗੂਆਂ ਦਾ ਵੀ ਇਹ ਹਾਲ ਹੈ। ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਵਾਰ- ਵਾਰ ਇਹ ਦਾਅਵਾ ਕਰ ਰਹੇ ਹਨ ਕਿ ਪੰਜਾਬ ਵਿੱਚ ਅਗਲੀ ਸਰਕਾਰ ਸਿਰਫ਼ ਕਾਂਗਰਸ ਦੀ ਹੀ ਬਣੇਗੀ। ਇਸ ਤੋਂ ਇਲਾਵਾ ਕਈ ਕਾਂਗਰਸੀ ਆਗੂਆਂ ਵਿੱਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਦਾ ਅਗਲਾ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਬਣਨ ਲਈ ਵੀ ਦੌੜ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਵੱਡੀ ਗਿਣਤੀ ਆਗੂ ਹੁਣੇ ਤੋਂ ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣਨ ਦਾ ਸੁਪਨਾ ਵੇਖਣ ਲੱਗ ਪਏ ਹਨ। ਇਸੇ ਤਰ੍ਹਾਂ ਭਾਜਪਾ ਦੀ ਪੰਜਾਬ ਇਕਾਈ ਦੇ ਕਈ ਆਗੂ ਦਾਅਵਾ ਕਰ ਰਹੇ ਹਨ ਕਿ ਭਾਜਪਾ ਪੰਜਾਬ ਵਿੱਚ ਇੱਕ ਦਿਨ ਆਪਣੀ ਸਰਕਾਰ ਬਣਾਉਣ ਵਿੱਚ ਕਾਮਯਾਬ ਜਰੂਰ ਹੋਵੇਗੀ। ਭਾਜਪਾ ਵੱਲੋਂ ਪੂਰੇ ਸੰਗਠਿਤ ਤਰੀਕੇ ਨਾਲ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਸ਼ਹਿਰੀ ਖੇਤਰਾਂ ਦੇ ਨਾਲ ਪਿੰਡਾਂ ਵਿੱਚ ਵੀ ਭਾਜਪਾ ਦਾ ਆਧਾਰ ਵਧਾਉਣ ਬਾਰੇ ਯਤਨ ਕੀਤੇ ਜਾ ਰਹੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਚਾਹੁੰਦੇ ਹਨ ਕਿ ਭਾਜਪਾ ਦਾ ਅਕਾਲੀ ਦਲ ਨਾਲ ਮੁੜ ਸਿਆਸੀ ਸਮਝੌਤਾ ਹੋ ਜਾਵੇ ਪਰ ਉਹਨਾਂ ਅਜੇ ਇਹ ਸਪਸ਼ਟ ਨਹੀਂ ਕੀਤਾ ਕਿ ਉਹ ਭਾਜਪਾ ਦਾ ਸਮਝੌਤਾ ਬਾਦਲ ਦਲ ਨਾਲ ਚਾਹੁੰਦੇ ਹਨ ਜਾਂ ਭਰਤੀ ਕਮੇਟੀ ਵੱਲੋਂ ਬਣਾਏ ਜਾ ਰਹੇ ਨਵੇਂ ਅਕਾਲੀ ਦਲ ਨਾਲ।
ਜੇ ਹੁਣ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਇਹ ਪਾਰਟੀ ਸਰਕਾਰ ਹੋਣ ਕਰਕੇ ਸੱਤਾ ਦਾ ਸੁੱਖ ਮਾਣ ਰਹੀ ਹੈ। ਇਸ ਦੀ ਸੀਨੀਅਰ ਲੀਡਰਸ਼ਿਪ ਇਹ ਦਾਅਵਾ ਕਰ ਚੁੱਕੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਅਗਲੀਆਂ ਚੋਣਾਂ ਭਗਵੰਤ ਮਾਨ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਆਪ ਸੁਪਰੀਮੋ ਕੇਜਰੀਵਾਲ ਤਾਂ ਇਹ ਵੀ ਦਾਅਵਾ ਕਰਦੇ ਹਨ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ‘ਸੁਨਾਮੀ’ ਆਵੇਗੀ। ਇਸ ਪਾਰਟੀ ਦੇ ਆਗੂਆਂ ਨੂੰ ਆਸ ਹੈ ਕਿ ਇਸ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਵੇਖਦਿਆਂ ਪੰਜਾਬ ਦੇ ਲੋਕ ਇਸ ਪਾਰਟੀ ਨੂੰ ਪੰਜਾਬ ਵਿੱਚ ਮੁੜ ਸਰਕਾਰ ਬਣਾਉਣ ਦਾ ਮੌਕਾ ਦੇਣਗੇ।
ਪੰਜਾਬ ਵਿੱਚ ਅਕਾਲੀ ਦਲ ਦੇ ਹੋਰ ਧੜੇ, ਬਸਪਾ ਅਤੇ ਹੋਰ ਸਿਆਸੀ ਪਾਰਟੀਆਂ ਵੀ ਸਰਗਰਮ ਹਨ। ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਸਰਗਰਮ ਹੋ ਗਏ ਹਨ। ਵੱਖ ਵੱਖ ਸਿਆਸੀ ਪਾਰਟੀਆਂ ਵਿੱਚ ਅਨੇਕਾਂ ਆਗੂ ਅਜਿਹੇ ਹਨ ਜੋ ਕਿ ਹੁਣੇ ਤੋਂ ਆਪਣੇ ਆਪ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਹੋਣ ਦਾ ਸੁਪਨਾ ਵੇਖ ਰਹੇ ਹਨ। ਕਰੀਬ ਡੇਢ ਸਾਲ ਪਹਿਲਾਂ ਹੀ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਸ਼ੁਰੂ ਹੋਣ ਨਾਲ ਇਹ ਤਾਂ ਪਤਾ ਲੱਗ ਗਿਆ ਹੈ ਕਿ ਇਹਨਾਂ ਚੋਣਾਂ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਵਿਚਾਲੇ ਸਖ਼ਤ ਮੁਕਾਬਲੇ ਹੋਣਗੇ ਪਰ ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਦਾ ਸੁਪਨਾ ਕਿਸ ਸਿਆਸੀ ਪਾਰਟੀ ਦਾ ਪੂਰਾ ਹੋਵੇਗਾ? ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣ ਦਾ ਸੁਪਨਾ ਕਿਸ ਸਿਆਸੀ ਆਗੂ ਦਾ ਪੂਰਾ ਹੋਵੇਗਾ? ਇਸ ਦਾ ਪਤਾ ਤਾਂ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਹੀ ਲੱਗੇਗਾ।