ਬੇਗਾਨੇ ਮੁਲਕ ’ਚ ਰੁਜ਼ਗਾਰ ਦੀ ਥਾਂ ਮਿਲੇ ਧੱਕੇ

In ਮੁੱਖ ਖ਼ਬਰਾਂ
September 12, 2025

ਚੰਡੀਗੜ੍ਹ/ਏ.ਟੀ.ਨਿਊਜ਼: ਪੰਜਾਬੀ ਨੌਜਵਾਨਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਰੂਸ ਲਿਜਾਇਆ ਜਾ ਰਿਹਾ ਹੈ ਅਤੇ ਉੱਥੇ ਜਬਰੀ ਰੂਸ ਦੀ ਫ਼ੌਜ ਵਿੱਚ ਭਰਤੀ ਕਰਕੇ ਉਨ੍ਹਾਂ ਨੂੰ ਯੂਕ੍ਰੇਨ ਜੰਗ ਵਿੱਚ ਧੱਕਿਆ ਜਾ ਰਿਹਾ ਹੈ। ਨੌਕਰੀ ਦੀ ਭਾਲ ਵਿੱਚ ਰੂਸ ਜਾਣ ਵਾਲੇ ਪੰਜਾਬ, ਹਰਿਆਣਾ ਅਤੇ ਹੋਰ ਸੂਬਿਆਂ ਦੇ ਨੌਜਵਾਨਾਂ ਦੀ ਜਾਨ ਖ਼ਤਰੇ ਵਿੱਚ ਪਈ ਹੋਈ ਹੈ ਜਦੋਂ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਬਚਾਉਣ ਅਤੇ ਖ਼ਤਰੇ ਵਿੱਚ ਧੱਕਣ ਵਾਲੇ ਏਜੰਟਾਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰਾਂ ਨੇ ਕਿਹਾ ਕਿ ਜੁਲਾਈ ਵਿੱਚ ਪੰਜਾਬ ਦੇ 15 ਨੌਜਵਾਨਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਰੂਸ ਲਿਜਾਇਆ ਗਿਆ ਅਤੇ ਅਗਸਤ ਵਿੱਚ ਬਿਨਾਂ ਕੋਈ ਸਿਖਲਾਈ ਦਿੱਤੇ ਜਬਰੀ ਫ਼ੌਜ ਵਿੱਚ ਭਰਤੀ ਕਰਕੇ ਜੰਗ ਵਿੱਚ ਧੱਕ ਦਿੱਤਾ ਗਿਆ। ਇਨ੍ਹਾਂ ਵਿੱਚੋਂ 5 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਜਦੋਂ ਕਿ ਤਿੰਨ ਹੋਰ ਲਾਪਤਾ ਹਨ। ਉਨ੍ਹਾਂ ਤੋਂ ਇਲਾਵਾ 7 ਨੌਜਵਾਨਾਂ ਨੂੰ ਹਾਲੇ ਵੀ ਜ਼ਬਰਦਸਤੀ ਫ਼ੌਜ ਵਿੱਚ ਰੱਖਿਆ ਹੋਇਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸੀ ਵਿਧਾਇਕ ਪਰਗਟ ਸਿੰਘ ਅਤੇ ਉਨ੍ਹਾਂ ਦੇ ਨਾਲ ਪੀੜਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ ਹੈ। ਜਲੰਧਰ ਜ਼ਿਲ੍ਹੇ ਦੇ ਗੁਰਾਇਆ ਤੋਂ ਜਗਦੀਪ ਕੁਮਾਰ ਨੇ ਕਿਹਾ ਕਿ ਉਸ ਦਾ ਭਰਾ ਮਨਦੀਪ ਵੀ ਲਾਪਤਾ ਹੈ। ਉਨ੍ਹਾਂ ਕਿਹਾ ਕਿ ਉਹ ਕੁਝ ਦਿਨ ਪਹਿਲਾਂ ਤੱਕ ਰੂਸ ਦੇ ਕੁਝ ਨੌਜਵਾਨਾਂ ਦੇ ਸੰਪਰਕ ਵਿੱਚ ਸੀ, ਜਿਨ੍ਹਾਂ ਤੋਂ ਪਤਾ ਚੱਲਿਆ ਕਿ ਹਾਲ ਹੀ ਵਿੱਚ ਰੂਸੀ ਫ਼ੌਜ ਵਿੱਚ ਭਰਤੀ ਹੋਏ ਨੌਜਵਾਨਾਂ ਵਿੱਚੋਂ 5 ਦੀ ਮੌਤ ਹੋ ਗਈ ਹੈ, ਜਦੋਂ ਕਿ ਤਿੰਨ ਲਾਪਤਾ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੌਜਵਾਨ ਰੂਸ ਵਿੱਚ ਭਾਰਤੀ ਸਫ਼ਾਰਤਖਾਨੇ ਨਾਲ ਫੋਨ ’ਤੇ ਸੰਪਰਕ ਕਰ ਰਹੇ ਹਨ ਪਰ ਕੋਈ ਠੋਸ ਜਵਾਬ ਨਹੀਂ ਮਿਲ ਰਿਹਾ ਹੈ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਰੂਸ ਵਿੱਚ ਮਾਲੇਰਕੋਟਲਾ ਦੇ ਗੁਰਮੇਲ ਸਿੰਘ ਦਾ ਪੁੱਤਰ ਲਾਪਤਾ ਹੈ ਅਤੇ ਅੰਮ੍ਰਿਤਸਰ ਦੀ ਪਰਮਿੰਦਰ ਕੌਰ ਦਾ ਪਤੀ ਜਗਦੀਪ ਸਿੰਘ ਜੰਗ ਦੌਰਾਨ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੰਗ ਵਿੱਚ ਮਾਰੇ ਗਏ ਨੌਜਵਾਨਾਂ ਦਾ ਮੁਆਵਜ਼ਾ ਅਤੇ ਜ਼ਖ਼ਮੀਆਂ ਨੂੰ ਮਿਲਣ ਵਾਲੀਆਂ ਪੈਨਸ਼ਨਾਂ ਵੀ ਏਜੰਟਾਂ ਨੇ ਹੜੱਪ ਲਈਆਂ ਹਨ। ਉਨ੍ਹਾਂ ਕਿਹਾ ਕਿ ਇਹ ਮਸਲਾ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਗਿਆ ਹੈ, ਜੋ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਵਿੱਚ ਅਸਮਰੱਥ ਰਹੇ ਹਨ। ਪੀੜਤ ਪਰਿਵਾਰਾਂ ਨੇ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਕਿ ਉਹ ਰੂਸੀ ਅਧਿਕਾਰੀਆਂ ਨਾਲ ਸੰਪਰਕ ਕਰਕੇ ਜੰਗ ਦੇ ਮੈਦਾਨ ਵਿੱਚ ਫਸੇ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲੈ ਕੇ ਆਉਣ ਅਤੇ ਰੂਸ ਵਿੱਚ ਜਬਰੀ ਫ਼ੌਜ ਵਿੱਚ ਭਰਤੀ ਬੰਦ ਕੀਤੀ ਜਾਵੇ। ਉਨ੍ਹਾਂ ਏਜੰਟਾਂ ਵਿਰੁੱਧ ਵੀ ਕਾਰਵਾਈ ਮੰਗੀ ਹੈ।

Loading