
ਅੰਮ੍ਰਿਤਸਰ/ਏ.ਟੀ.ਨਿਊਜ਼: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ।
ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਅਮਰੀਕੀ ਰੱਖਿਆ ਸਕੱਤਰ ਦੇ ਬਿਆਨ ਬਾਰੇ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ। ਉਨ੍ਹਾਂ ਮੰਗ ਕਰਦਿਆਂ ਇਹ ਮਾਮਲਾ ਅਮਰੀਕਾ ਸਰਕਾਰ ਕੋਲ ਉਠਾਉਣ ਅਤੇ ਇਸ ’ਤੇ ਰੋਕ ਲਗਾਉਣ ਲਈ ਆਖਿਆ ਹੈ।
ਪੱਤਰ ਵਿੱਚ ਲਿਖਿਆ ਗਿਆ ਕਿ ਇਸ ਫ਼ੈਸਲੇ ਨਾਲ ਸਿੱਖਾਂ ਦੀਆਂ ਧਾਰਮਿਕ ਮਾਨਤਾਵਾਂ ਨੂੰ ਸੱਟ ਵੱਜੀ ਹੈ, ਇਸ ਨੂੰ ਰੋਕਿਆ ਜਾਵੇ ਅਤੇ ਸਿੱਖਾਂ ਨੂੰ ਪਹਿਲਾਂ ਵਾਂਗ ਅਮਰੀਕਾ ਦੀ ਆਰਮੀ ਵਿੱਚ ਆਪਣੇ ਧਰਮ ਦਾ ਪਾਲਣ ਕਰਦਿਆਂ ਸੇਵਾਵਾਂ ਦੀ ਇਜਾਜ਼ਤ ਹੋਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਸਰਕਾਰ ਦੇ ਅਧਿਕਾਰੀ ਦਾ ਅਜਿਹਾ ਬਿਆਨ ਸਿੱਖਾਂ ਦੀਆਂ ਪ੍ਰੰਪਰਾਵਾਂ ਅਤੇ ਮੌਲਿਕ ਅਧਿਕਾਰਾਂ ਨੂੰ ਅੱਖੋ-ਪਰੋਖੇ ਕਰਨ ਵਾਲਾ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਨੇ ਆਪਣੀ ਕਾਬਲੀਅਤ ਨਾਲ ਜਿੱਥੇ ਪੂਰੀ ਦੁਨੀਆਂ ਵਿੱਚ ਚੰਗੇ ਮੁਕਾਮ ਹਾਸਲ ਕੀਤੇ ਹਨ, ਉੱਥੇ ਅਮਰੀਕਾ ਦੇ ਵਿਕਾਸ ਵਿੱਚ ਵੀ ਆਪਣਾ ਯੋਗਦਾਨ ਪਾਇਆ ਹੈ ਅਤੇ ਅਮਰੀਕਾ ਦੀਆਂ ਫ਼ੌਜਾਂ ਵਿੱਚ ਵੀ ਸਿੱਖ ਆਪਣੀ ਡਿਊਟੀ ਪੂਰੀ ਲਗਣ ਨਾਲ ਕਰ ਰਹੇ ਹਨ। ਅਜਿਹੇ ਵਿੱਚ ਫ਼ੌਜ ਦੀ ਡਿਊਟੀ ਦੌਰਾਨ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਫ਼ੈਸਲਾ ਤਰਕਸੰਗਤ ਨਹੀਂ ਹੈ।