
ਨਵੀਂ ਦਿੱਲੀ/ਏ.ਟੀ.ਨਿਊਜ਼: ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ’ਚ ਅਰਦਾਸ ਕਰ ਕੇ ਕੀਤੀ ਜਾਵੇਗੀ। ਪਿਛਲੇ ਦਿਨੀਂ ਇੱਥੇ ਪੰਜਾਬ ਭਵਨ ਵਿੱਚ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੋਗੋ ਵੀ ਜਾਰੀ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੂਰਾ ਮਹੀਨਾ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਹੈ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਕੈਬਨਿਟ ਮੰਤਰੀ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਗੁਰਦੁਆਰਾ ਸੀਸ ਗੰਜ ਸਾਹਿਬ ਵਿੱਚ ਨਤਮਸਤਕ ਹੋਣਗੀਆਂ। 25 ਅਕਤੂਬਰ ਦੀ ਸ਼ਾਮ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਪਹਿਲੀ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ, ਜਿਸ ਵਿੱਚ ਗੁਰੂ ਤੇਗ ਬਹਾਦਹ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਇਆ ਜਾਵੇਗਾ। ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਨਗਰਾਂ ਤੇ ਸ਼ਹਿਰਾਂ ਵਿੱਚ ਕੀਰਤਨ ਕਰਵਾਏ ਜਾਣਗੇ। 18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਅਗਲੇ ਦਿਨ ਨਗਰ ਕੀਰਤਨ ਸਜਾਇਆ ਜਾਵੇਗਾ, ਉਹ 20 ਨਵੰਬਰ ਨੂੰ ਪਠਾਨਕੋਟ ਵਿੱਚ ਅਤੇ 21 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ਵਿਸ਼ਰਾਮ ਕਰੇਗਾ ਅਤੇ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਸੰਪੂਰਨ ਹੋਵੇਗਾ। ਇਸੇ ਦੌਰਾਨ 20 ਨਵੰਬਰ ਨੂੰ ਤਖ਼ਤ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ ਅਤੇ ਇਹ ਸਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਣਗੇ।