ਸ੍ਰੀ ਅਨੰਦਪੁਰ ਸਾਹਿਬ ਵਿਖੇ 26 ਅਕਤੂਬਰ 2025 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਬੰਦੀ ਸਮਾਗਮ ਸੰਪੰਨ ਹੋਇਆ। ਇਹ ਸਮਾਗਮ ਮਾਰਚ 2025 ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਨਿਯੁਕਤੀ ਦੇ ਵਿਰੋਧ ਨੂੰ ਸੁਲਝਾਉਣ ਦੀ ਦੂਜੀ ਕੋਸ਼ਿਸ਼ ਸੀ, ਜਿਸ ਨੂੰ ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਸੰਤ ਸਮਾਜ ਅਤੇ ਹੋਰ ਸੰਪਰਦਾਵਾਂ ਨੇ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ ਸੀ।
ਇਸ ਮੌਕੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ (96ਵੇਂ ਕਰੋੜੀ), ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਿੰਦਰ ਸਿੰਘ ਅਤੇ ਹੋਰਾਂ ਨੇ ਗਿਆਨੀ ਗੜਗੱਜ ਨੂੰ ਸਨਮਾਨਿਤ ਕੀਤਾ। ਨਿਹੰਗ ਸਿੰਘ ਜਥੇਬੰਦੀਆਂ ਨੇ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਨੂੰ ਮੁੱਖ ਰੱਖਦਿਆਂ ਵਿਰੋਧ ਛੱਡ ਕੇ ਦਸਤਾਰਾਂ ਭੇਟ ਕੀਤੀਆਂ।
ਪਰ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਸਮਾਜ ਦੇ ਕਈ ਆਗੂ ਜਿਵੇਂ ਬਾਬਾ ਮੋਹਨ ਸਿੰਘ ਬਾਰਨ ਵਾਲੇ, ਗਿਆਨੀ ਰਾਮ ਸਿੰਘ (ਸੰਗਰਾਵਾਂ), ਨਾਨਕਸਰ ਸੰਪਰਦਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਅਤੇ ਅਖੰਡ ਕੀਰਤਨੀ ਜਥੇ ਦੇ ਮੁਖੀ ਨੇ ਸਮਾਗਮ ਵਿੱਚ ਸ਼ਮੂਲੀਅਤ ਨਹੀਂ ਕੀਤੀ। ਇਸ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ (ਅਕਾਲੀ ਦਲ ਅੰਮ੍ਰਿਤਸਰ), ਨਵਾਂ ਅਕਾਲੀ ਦਲ, ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਮਿਸ਼ਨਰੀ ਕਾਲਜਾਂ ਦੇ ਨੁਮਾਇੰਦੇ ਵੀ ਗੈਰ-ਹਾਜ਼ਰ ਰਹੇ। ਇਹ ਗੈਰ-ਹਾਜ਼ਰੀ ਪੰਥਕ ਵੰਡ ਨੂੰ ਦਰਸਾਉਂਦੀ ਹੈ, ਜਿੱਥੇ ਨਿਹੰਗ ਸਿੰਘਾਂ ਨੇ ਰਹਿਤ ਮਰਿਆਦਾ ਦੀ ਪਾਲਣਾ ’ਤੇ ਜ਼ੋਰ ਦਿੱਤਾ ਪਰ ਟਕਸਾਲ ਵਰਗੀਆਂ ਸੰਪਰਦਾਵਾਂ ਤੇ ਹੋਰਨਾਂ ਪੰਥਕ ਜਥੇਬੰਦੀਆਂ ਨੇ ਨਿਯੁਕਤੀ ਪ੍ਰਕਿਰਿਆ ਨੂੰ ਅਜੇ ਵੀ ਅਸਵੀਕਾਰ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਨਿਹੰਗ ਮੁਖੀ ਬੁੱਢਾ ਦਲ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਗਿਆਨੀ ਗੜਗੱਜ ਦੀ ਮਾਰਚ 2025 ਨਿਯੁਕਤੀ ਨੂੰ ਰਹਿਤ ਮਰਿਆਦਾ ਦੀ ਸਿੱਧੀ ਉਲੰਘਣਾ ਦੱਸਿਆ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਨੇ ਹਮੇਸ਼ਾ ਗੁਰੂ ਸਾਹਿਬ ਵੱਲੋਂ ਦਰਸਾਈ ਰਹਿਤ ਮਰਿਆਦਾ ’ਤੇ ਪਹਿਰਾ ਦਿੱਤਾ ਹੈ ਅਤੇ ਅੱਗੇ ਵੀ ਗੁਰਮਤੇ ਅਨੁਸਾਰ ਚੱਲਣਗੀਆਂ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਪਹਿਲੀ ਦਸਤਾਰਬੰਦੀ ਮਰਿਆਦਾ ਅਨੁਸਾਰ ਨਹੀਂ ਸੀ, ਜਿਸ ਦਾ ਪੁਰਜ਼ੋਰ ਵਿਰੋਧ ਕੀਤਾ ਗਿਆ ਸੀ, ਪਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਅੱਜ ਸ਼ਮੂਲੀਅਤ ਕੀਤੀ ਗਈ ਹੈ।
ਬਾਬਾ ਬਲਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸ਼ਲਾਘਾ ਕੀਤੀ, ਜੋ ਪਹਿਲੇ ਦਿਨ ਤੋਂ ਵਿਵਾਦ ਸੁਲਝਾਉਣ ਲਈ ਲੱਗੇ ਹੋਏ ਸਨ। ਪਰ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਖ਼ਤ ਤਾੜਨਾ ਕੀਤੀ ਕਿ ਰਹਿਤ ਮਰਿਆਦਾ ਦੇ ਉਲਟ ਕੀਤੇ ਕਾਰਜਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਮੰਗ ਕੀਤੀ ਕਿ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੱਕੇ ਜਥੇਦਾਰ ਦੀ ਨਿਯੁਕਤੀ ਸਮੂਹ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਪਰਦਾਵਾਂ ਨਾਲ ਗੁਰਮਤਾ ਕਰਕੇ ਕੀਤੀ ਜਾਵੇ। ਪੱਤਰਕਾਰਾਂ ਨਾਲ ਗੱਲਬਾਤ ਵਿੱਚ ਉਨ੍ਹਾਂ ਨੇ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾਮੁਕਤੀ ਦੀ ਪ੍ਰਕਿਰਿਆ ਨੂੰ ਜਲਦ ਨੇਪਰੇ ਚਾੜਨ ਦੀ ਮੰਗ ਕੀਤੀ ਤਾਂ ਜੋ ਪੰਥ ਅਜਿਹੇ ਵਿਵਾਦਾਂ ਤੋਂ ਬਚੇ।
ਇਹ ਸਮਾਗਮ ਵਿੱਚ ਹਾਜ਼ਰ ਧਾਮੀ, ਡਾ. ਦਲਜੀਤ ਸਿੰਘ ਚੀਮਾ ਅਤੇ ਹੋਰਾਂ ਦੇ ਮੱਥੇ ’ਤੇ ਮੁੜ੍ਹਕਾ ਵੇਖਿਆ ਗਿਆ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਾਬਾ ਬਲਬੀਰ ਸਿੰਘ ਦੇ ਸਖ਼ਤ ਲਫ਼ਜ਼ਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਰੋਮ-ਰੋਮ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਨੂੰ ਸਮਰਪਿਤ ਹੈ। ਉਹ ਰਹਿਤ ਮਰਿਆਦਾ ਦੇ ਉਲਟ ਕੋਈ ਕਾਰਜ ਨਹੀਂ ਕਰਨਗੇ ਅਤੇ ਢਾਈ ਦਹਾਕਿਆਂ ਦੇ ਜੀਵਨ ਵਿੱਚ ਕਦੇ ਉਲੰਘਣਾ ਨਹੀਂ ਕੀਤੀ। ਉਨ੍ਹਾਂ ਨੇ ਵਾਅਦਾ ਕੀਤਾ ਕਿ ਸਮੁੱਚੇ ਪੰਥ ਨੂੰ ਗਲਵੱਕੜੀ ਵਿੱਚ ਲੈ ਕੇ ਵਡੇਰੇ ਹਿੱਤਾਂ ਲਈ ਤਨਦੇਹੀ ਨਾਲ ਸੇਵਾਵਾਂ ਨਿਭਾਉਣਗੇ। ਪੰਥ ਅੱਗੇ ਵੱਡੀਆਂ ਚੁਣੌਤੀਆਂ ਹਨ, ਜਿਨ੍ਹਾਂ ਲਈ ਇੱਕ ਪੰਥਕ ਰਾਏ ਬਣਾਈ ਜਾਵੇਗੀ।
ਉਨ੍ਹਾਂ ਨੇ ਚੀਫ ਖ਼ਾਲਸਾ ਦੀਵਾਨ ਅਤੇ ਹੋਰ ਵਿੱਦਿਅਕ ਸੰਸਥਾਵਾਂ ਨਾਲ ਗੱਲਬਾਤ ਕਰਕੇ ਮਾਝੇ ਵਿੱਚ ਗ਼ਰੀਬ, ਦਲਿਤ ਅਤੇ ਕਮਜ਼ੋਰ ਵਰਗਾਂ ਲਈ ਮੁਫ਼ਤ ਸਿੱਖਿਆ ਵਾਲੀਆਂ ਸੰਸਥਾਵਾਂ ਸ਼ੁਰੂ ਕਰਨ ਦੀ ਯੋਜਨਾ ਦਾ ਜ਼ਿਕਰ ਕੀਤਾ। ਉਹ ਪੰਥਕ ਔਕੜਾਂ ਦਾ ਮੋਹਰੀ ਰੋਲ ਅਦਾ ਕਰਨਗੇ। ਜਥੇਦਾਰ ਗੜਗੱਜ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਮਾਨਤਾ ਲਈ ਯਤਨ ਜਾਰੀ ਰੱਖਣ ਦਾ ਸੰਕੇਤ ਦਿੱਤਾ।
ਪੰਥਕ ਹਲਕਿਆਂ ਵਿੱਚ ਚਰਚਾ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ (ਬ) ਨੇ ਗੜਗੱਜ ਨੂੰ ਇੱਕ ਤਖ਼ਤ ’ਤੇ ਮਾਨਤਾ ਦਿਵਾ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਵੀਂ ਭਾਲ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਸ਼ਤਾਬਦੀ ਵਿੱਚ ਟਕਰਾਅ ਨਾ ਹੋਵੇ।ਪਰ ਸ਼੍ਰੋਮਣੀ ਕਮੇਟੀ ਹਾਲੇ ਤੱਕ ਜਥੇਦਾਰਾਂ ਦੀ ਨਿਯੁਕਤੀ ਲਈ ਕੋਈ ਸਪੱਸ਼ਟ ਦਿਸ਼ਾ-ਨਿਰਦੇਸ਼ ਨਹੀਂ ਬਣਾ ਸਕੀ। ਪੰਥਕ ਵਿਦਵਾਨਾਂ ਮੁਤਾਬਕ, ਗੁਰੂ ਕਾਲ ਤੋਂ ਤਖ਼ਤਾਂ ਦੇ ਜਥੇਦਾਰ ਸਰਬੱਤ ਖ਼ਾਲਸਾ ਜਾਂ ਪੰਥਕ ਇਕੱਠ ਵਿੱਚ ਚੁਣੇ ਜਾਂਦੇ ਸਨ, ਪਰ ਬਿ੍ਰਟਿਸ਼ ਕਾਲ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਪੰਥਕ ਮਰਿਯਾਦਾ ਤੋਂ ਬਾਹਰ ਜਾਕੇ ਇਸ ਨੂੰ ਆਪਣੇ ਹੱਥ ਵਿੱਚ ਲੈ ਲਿਆ।
![]()
