ਐਡਵੋਕੇਟ ਹਰਜਿੰਦਰ ਸਿੰਘ ਧਾਮੀ
-ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ
ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ। ਆਪ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ। ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਉਸ ਸਮੇਂ ਹੋਇਆ, ਜਦੋਂ ਭਾਰਤ ਅੰਦਰ ਸਮਾਜਿਕ, ਸੱਭਿਆਚਾਰਕ, ਆਰਥਿਕ ਤੇ ਰਾਜਨੀਤਕ ਢਾਂਚੇ ’ਚ ਉਥਲ-ਪੁਥਲ ਮਚੀ ਹੋਈ ਸੀ। ਹਾਕਮ ਲੋਕਾਂ ’ਤੇ ਜ਼ੁਲਮ ਕਰ ਰਹੇ ਸਨ, ਧਾਰਮਿਕ ਰਸਮਾਂ ਵਿੱਚ ਕੁਰੀਤੀਆਂ ਭਾਰੂ ਸਨ ਅਤੇ ਧਰਮ ਦੇ ਨਾਂਅ ’ਤੇ ਮਾਨਵਤਾ ਨੂੰ ਵੰਡਣ ਦਾ ਸਿਲਸਿਲਾ ਚਲ ਰਿਹਾ ਸੀ। ਧਾਰਮਿਕ ਤੇ ਰਾਜਨੀਤਕ ਆਗੂਆਂ ਦੇ ਸਤਾਏ ਹੋਏ ਲੋਕ ਅਜਿਹੇ ਆਸਰੇ ਦੀ ਭਾਲ ਵਿੱਚ ਸਨ, ਜਿੱਥੋਂ ਉਨ੍ਹਾਂ ਨੂੰ ਜੀਵਨ ਦਾ ਸਹੀ ਮਾਰਗ ਪ੍ਰਾਪਤ ਹੋ ਸਕੇ ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪਿਤਾ ਮਹਿਤਾ ਕਲਿਆਣ ਦਾਸ ਜੀ ਅਤੇ ਮਾਤਾ ਤ੍ਰਿਪਤਾ ਜੀ ਦੇ ਘਰ 1469 ਈਸਵੀ ’ਚ ਰਾਏ ਭੋਇ ਦੀ ਤਲਵੰਡੀ (ਪਾਕਿਸਤਾਨ) ਵਿਖੇ ਹੋਇਆ । ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਨਾਲ ਇਸ ਨਗਰ ਨੂੰ ਸ੍ਰੀ ਨਨਕਾਣਾ ਸਾਹਿਬ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਨਾਲ ਮਾਨਵਤਾ ਨੂੰ ਅੰਮ੍ਰਿਤਮਈ ਅਗਵਾਈ ਮਿਲੀ, ਜਿਸ ਨਾਲ ਧਾਰਮਿਕ, ਸਮਾਜਿਕ, ਰਾਜਨੀਤਕ, ਆਰਥਿਕ ਅਤੇ ਵਿਗਿਆਨਕ ਆਦਿ ਖੇਤਰਾਂ ਅੰਦਰ ਇੱਕ ਕ੍ਰਾਂਤੀਕਾਰੀ ਲੋਅ ਚਮਕੀ। ਗੁਰੂ ਸਾਹਿਬ ਦੇ ਸੰਸਾਰ ਨੂੰ ਦਿੱਤੇ ਪ੍ਰੇਮ ਦੇ ਸੰਦੇਸ਼ ਨੇ ਮਨੁੱਖਤਾ ਨੂੰ ਸ਼ਾਂਤੀ ਤੇ ਸਦਭਾਵਨਾ ਦਾ ਅਹਿਸਾਸ ਕਰਵਾਇਆ । ਸਮਾਜਿਕ ਅਧੋਗਤੀ ਦਾ ਵਰਣਨ ਕਰਦਿਆਂ ਗੁਰੂ ਸਾਹਿਬ ਨੇ ਪਾਵਨ ਗੁਰਬਾਣੀ ਵਿੱਚ ਫੁਰਮਾਇਆ ਹੈ:
ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ॥
ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ॥
(ਅੰਗ : 145)
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ। ਆਪ ਜੀ ਦੀ ਵਿਚਾਰਧਾਰਾ ਨੇ ਇਨਸਾਨ ਨੂੰ ਧਾਰਮਿਕ ਪੱਖ ਤੋਂ ਸਚਿਆਰ, ਸਮਾਜਿਕ ਪੱਖ ਤੋਂ ਬਰਾਬਰ ਤੇ ਆਰਥਿਕ ਪੱਖ ਤੋਂ ਆਪਣੀ ਸੱਚੀ-ਸੁੱਚੀ ਕਿਰਤ ਰਾਹੀਂ ਸੰਤੁਸ਼ਟ ਰਹਿਣਾ ਸਿਖਾਇਆ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਨੂੰ ਕਰਮਕਾਂਡੀ ਤਰਜੀਹਾਂ ਤੋਂ ਵੱਖ ਕਰਕੇ ਸਮਾਜਿਕ ਖੇਤਰ ਵਿੱਚ ਧਰਮ ਦਾ ਸਹੀ ਸਥਾਨ ਨਿਸਚਿਤ ਕੀਤਾ ਅਤੇ ਧਰਮ ਤੇ ਸਮਾਜ ਦੀ ਨਿਰਭਰਤਾ ਨੂੰ ਸਪੱਸ਼ਟ ਕੀਤਾ। ਉਨ੍ਹਾਂ ਭਾਰਤੀ ਸਮਾਜ ਦੀਆਂ ਸਮੱਸਿਆਵਾਂ ਦਾ ਵਿਸ਼ਲੇਸ਼ਣ ਕਰਕੇ ਉਨ੍ਹਾਂ ਦੇ ਢੁਕਵੇਂ, ਸਾਵੇਂ ਤੇ ਸਪੱਸ਼ਟ ਹੱਲ ਦੱਸੇ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਪੜਿ੍ਹਆਂ ਤੇ ਵਿਚਾਰਿਆਂ ਇਸ ਗੱਲ ਦਾ ਪਤਾ ਲਗਦਾ ਹੈ ਕਿ ਉਨ੍ਹਾਂ ਮਨੁੱਖੀ ਜੀਵਨ ਨੂੰ ਆਦਰਸ਼ਕ ਬਣਾਉਣ ਲਈ ਇਸ ਦੀ ਹਰ ਪੱਖ ਤੋਂ ਅਗਵਾਈ ਕੀਤੀ। ਆਪ ਜੀ ਨੇ ਉਹ ਵਿਚਾਰਧਾਰਾ ਦਿੱਤੀ, ਜੋ ਸੰਸਾਰਕ ਜੀਵਨ ਦੇ ਨਾਲੋ-ਨਾਲ ਹੋ ਕੇ ਚਲਦੀ ਹੈ ।
ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ ਅਤੇ ਸਿਧਾਂਤਾਂ ਨੇ ਹਿੰਦੁਸਤਾਨ ਦੇ ਇਤਿਹਾਸ ਨੂੰ ਬਦਲ ਕੇ ਰੱਖ ਦਿੱਤਾ ਅਤੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ। ਉਨ੍ਹਾਂ ਨੇ ਮਨੁੱਖ ਨੂੰ ਸੱਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ। ਗੁਰੂ ਸਾਹਿਬ ਜੀ ਵੱਲੋਂ ਸੁਝਾਇਆ ਇਹ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ’ਤੇ ਆਧਾਰਿਤ ਹੈ। ਆਪ ਜੀ ਨੇ ਲੰਗਰ ਦੀ ਪ੍ਰਥਾ ਕਾਇਮ ਕੀਤੀ ਅਤੇ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਮਨੁੱਖਤਾ ਸਾਹਮਣੇ ਰੱਖੇ, ਜੋ ਸਦੀਵੀ ਸੇਧ ਦੇਣ ਵਾਲੇ ਹਨ ।
ਇਸ ਦੇ ਨਾਲ ਹੀ ਸਮਾਜ ਅੰਦਰ ਤ੍ਰਿਸਕਾਰੀ ਜਾ ਰਹੀ ਇਸਤਰੀ ਸ਼੍ਰੇਣੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉੱਚਾ ਸਨਮਾਨ ਦਿੱਤਾ ਅਤੇ ਉਨ੍ਹਾਂ ਦੇ ਹੱਕਾਂ, ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ । ਅਸਲ ’ਚ ਉਸ ਸਮੇਂ ਹਿੰਦੁਸਤਾਨੀ ਸਮਾਜ ’ਚ ਇਸਤਰੀ ਦੀ ਦਸ਼ਾ ਬੜੀ ਮਾੜੀ ਸੀ। ਆਪ ਜੀ ਨੇ ਇਸਤਰੀ ਦੇ ਸਨਮਾਨ ਨੂੰ ਹਕੀਕੀ ਤੌਰ ’ਤੇ ਬਹਾਲ ਕਰਦਿਆਂ ਆਪਣੇ ਪੰਥ ’ਚ ਮਰਦ ਦੇ ਬਰਾਬਰ ਖੜ੍ਹਾ ਕੀਤਾ। ਇਸ ਸੰਬੰਧ ’ਚ ਗੁਰੂ ਸਾਹਿਬ ਨੇ ਆਪਣੀ ਬਾਣੀ ਵਿੱਚ ਇਸ ਤਰ੍ਹਾਂ ਫੁਰਮਾਇਆ:
ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ॥
ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ॥
ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ॥
ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥
(ਅੰਗ : 473)
ਬਹੁਪੱਖੀ ਸ਼ਖ਼ਸੀਅਤ ਅਤੇ ਵਿਸ਼ਾਲ ਪ੍ਰਤਿਭਾ ਦੇ ਮਾਲਕ ਹੋਣ ਕਰਕੇ ਆਪ ਜੀ ਧਰਮ, ਦਰਸ਼ਨ ਸ਼ਾਸਤਰ ਦੇ ਖੇਤਰ ’ਚ ਵੀ ਇੱਕ ਵਿਲੱਖਣ ਤੇ ਮਹਾਨ ਕ੍ਰਾਂਤੀ ਦੇ ਜਨਮਦਾਤਾ ਹਨ। ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਤੇ ਉਪਦੇਸ਼ਾਂ ਨੇ ਲੋਕਾਂ ਨੂੰ ਉਸਾਰੂ ਜੀਵਨ ਜਾਚ ਦੇ ਸਨਮੁੱਖ ਕੀਤਾ ਅਤੇ ਇਸੇ ਦਾ ਹੀ ਕਾਰਨ ਸੀ ਕਿ ਗੁਰੂ ਸਾਹਿਬ ਦੇ ਵਿਚਾਰਾਂ ਨੂੰ ਲੋਕਾਂ ਨੇ ਸਿਰ-ਮੱਥੇ ਪ੍ਰਵਾਨ ਕੀਤਾ। ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਦਾ ਨਿਵੇਕਲੀ ਹੈ, ਜਿਸ ਨੂੰ ਅੱਜ ਵੀ ਸਿੱਖਾਂ ਤੋਂ ਇਲਾਵਾ ਦੁਨੀਆ ਭਰ ਦੇ ਹਰ ਧਰਮ, ਵਰਗ, ਫ਼ਿਰਕੇ ਨਾਲ ਸੰਬੰਧਿਤ ਲੋਕ ਸਤਿਕਾਰਦੇ ਹਨ ਅਤੇ ਅਗਾਂਹ ਵੀ ਸਤਿਕਾਰਦੇ ਰਹਿਣਗੇ ।
![]()
