ਵਾਸ਼ਿੰਗਟਨ/ਏ.ਟੀ.ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ, 9 ਜਨਵਰੀ ਨੂੰ ਭਾਰਤ-ਪਾਕਿਸਤਾਨ ਨੂੰ ਲੈ ਕੇ ਇੱਕ ਵਾਰ ਫਿਰ ਆਪਣੀ ਗੱਲ ਦੁਹਰਾਈ। ਟਰੰਪ ਨੇ ਕਿਹਾ ਕਿ ਮੈਂ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਲੜਾਈ ਰੁਕਵਾਈ ਸੀ। ਅਮਰੀਕੀ ਰਾਸ਼ਟਰਪਤੀ ਨੇ ਇਹ ਵੀ ਕਿਹਾ ਕਿ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਮਰੀਕਾ ਆਏ ਸਨ, ਤਾਂ ਉਨ੍ਹਾਂ ਨੇ ਲੱਖਾਂ ਲੋਕਾਂ ਦੀ ਜਾਨ ਬਚਾਉਣ ਲਈ ਮੇਰਾ ਧੰਨਵਾਦ ਕੀਤਾ ਸੀ। ਟਰੰਪ ਨੇ ਅੱਗੇ ਇਹ ਵੀ ਕਿਹਾ ਕਿ 8 ਜੰਗਾਂ ਰੁਕਵਾਉਣ ਲਈ ਮੈਨੂੰ ਨੋਬਲ ਪੁਰਸਕਾਰ ਮਿਲਣਾ ਚਾਹੀਦਾ ਹੈ।
ਡੋਨਾਲਡ ਟਰੰਪ ਨੇ ਪਿਛਲੇ ਦਿਨੀਂ ਨੂੰ ਤੇਲ ਅਤੇ ਗੈਸ ਨਾਲ ਜੁੜੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੀਡੀਆ ਕਰਮੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਟਰੰਪ ਨੇ ਫਿਰ ਭਾਰਤ-ਪਾਕਿ ਨੂੰ ਲੈ ਕੇ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ।
ਟਰੰਪ ਨੇ ਕਿਹਾ, ‘ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇੱਥੇ ਆਏ ਅਤੇ ਉਨ੍ਹਾਂ ਨੇ ਇੱਕ ਜਨਤਕ ਬਿਆਨ ਦਿੱਤਾ। ਪਾਕਿਸਤਾਨ ਦੇ ਪੀਐੱਮ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਪਾਕਿਸਤਾਨ ਅਤੇ ਭਾਰਤ ਨਾਲ ਜੁੜੇ ਮਾਮਲਿਆਂ ਵਿੱਚ ਘੱਟੋ-ਘੱਟ ਦਸ ਮਿਲੀਅਨ (ਇੱਕ ਕਰੋੜ) ਲੋਕਾਂ ਦੀ ਜਾਨ ਬਚਾਈ ਹੈ, ਜਦਕਿ ਇਹ ਮਾਮਲਾ ਬਹੁਤ ਗੰਭੀਰ ਰੂਪ ਧਾਰਨ ਕਰਨ ਵਾਲਾ ਸੀ।’
ਨੋਬਲ ਪੁਰਸਕਾਰ ਮਿਲਣ ਦੀ ਜਤਾਈ ਇੱਛਾ
ਨੋਬਲ ਸ਼ਾਂਤੀ ਪੁਰਸਕਾਰ ਪਾਉਣ ਦੀ ਇੱਛਾ ਬਾਰੇ ਗੱਲ ਕਰਦਿਆਂ ਟਰੰਪ ਨੇ ਕਿਹਾ, ‘ਉਹ ਇਸ ਤਰ੍ਹਾਂ ਦੇ ਸੰਘਰਸ਼ਾਂ ਨੂੰ ਸੁਲਝਾਉਣ ਬਾਰੇ ਫ਼ੜ੍ਹਾਂ ਨਹੀਂ ਮਾਰਨਾ ਚਾਹੁੰਦੇ, ਪਰ ਇਤਿਹਾਸ ਵਿੱਚ ਅਜਿਹਾ ਕੋਈ ਵਿਅਕਤੀ ਨਹੀਂ ਹੈ ਜੋ ਉਨ੍ਹਾਂ ਨਾਲੋਂ ਵੱਧ ਨੋਬਲ ਪੁਰਸਕਾਰ ਪਾਉਣ ਦਾ ਹੱਕਦਾਰ ਹੋਵੇ।’
ਅਮਰੀਕੀ ਰਾਸ਼ਟਰਪਤੀ ਨੇ ਅੱਗੇ ਕਿਹਾ, ‘ਚਾਹੇ ਲੋਕ ਟਰੰਪ ਨੂੰ ਪਸੰਦ ਕਰਨ ਜਾਂ ਨਾ ਕਰਨ, ਮੈਂ ਅੱਠ ਵੱਡੀਆਂ ਜੰਗਾਂ ਦਾ ਨਿਪਟਾਰਾ ਕੀਤਾ ਹੈ।’ ਟਰੰਪ ਇਸ ਤੋਂ ਪਹਿਲਾਂ ਵੀ ਕਈ ਵਾਰ ਨੋਬਲ ਪੁਰਸਕਾਰ ਪਾਉਣ ਦੀ ਇੱਛਾ ਜ਼ਾਹਰ ਕਰ ਚੁੱਕੇ ਹਨ।
![]()
