ਸਾਕਾ ਨਕੋਦਰ ਮਾਮਲਾ: ਮਿਸਲ ਸਤਲੁਜ ਨੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ

In ਮੁੱਖ ਖ਼ਬਰਾਂ
February 05, 2026

ਪਟਿਆਲਾ/ਏ.ਟੀ.ਨਿਊਜ਼: ਪਿਛਲੇ ਦਿਨੀਂ ਇਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ਅੱਗੇ ਜਥੇਬੰਦੀ ਮਿਸਲ ਸਤਲੁਜ ਵੱਲੋਂ ਸਾਕਾ ਨਕੋਦਰ ਵਿੱਚ ਸ਼ਹੀਦ ਕੀਤੇ ਗਏ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ 4 ਫਰਵਰੀ 1986 ਨੂੰ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੀ ਹੋਈ ਨਿਹੱਥੀ ਸਿੱਖ ਸੰਗਤ ’ਤੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ। ਇਸ ਦਰਦਨਾਕ ਸਾਕੇ ਦੀ ਜਾਂਚ ਲਈ ਵੇਲੇ ਦੀ ਪੰਜਾਬ ਸਰਕਾਰ ਵੱਲੋਂ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ ਗਿਆ ਸੀ, ਜਿਸ ਦੀ ਰਿਪੋਰਟ ਦਾ ਇੱਕ ਹਿੱਸਾ ਬੀਤੇ ਸਾਲ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸਾਹਮਣੇ ਆਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਿਸਲ ਸਤਲੁਜ ਦੇ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ ਅਲਾਲ ਨੇ ਕਿਹਾ ਕਿ 40 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ ਅਤੇ ਸ਼ਹੀਦਾਂ ਦੇ ਪਰਿਵਾਰ ਅਜੇ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਸਾਕਾ ਨਕੋਦਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਵੱਲੋਂ ਅਜੇ ਤੱਕ ਇਸ ਮਾਮਲੇ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਯਾਦੂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਹਾਲ ਹੀ ਵਿੱਚ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ, ਪਰ ਇਸ ਦੇ ਬਾਵਜੂਦ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਪੂਰੀ ਰਿਪੋਰਟ ਤੁਰੰਤ ਜਨਤਕ ਕੀਤੀ ਜਾਵੇ ਅਤੇ ਨਿਹੱਥੀ ਸੰਗਤ ’ਤੇ ਗੋਲੀਆਂ ਚਲਾ ਕੇ ਚਾਰ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨ ਦੇ ਕਾਰੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਅਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਆਗੂਆਂ ਨੇ ਕਿਹਾ ਕਿ ਜੇ ਸਰਕਾਰ ਵੱਲੋਂ ਜਲਦ ਇਨਸਾਫ਼ ਨਹੀਂ ਦਿੱਤਾ ਗਿਆ ਤਾਂ ਮਿਸਲ ਸਤਲੁਜ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Loading